ਬੂਟਾ ਸੰਦੋਹਾ ਨੇ ਕੇਜਰੀਵਾਲ ਨਾਲ ਕੀਤੀ ਅਹਿਮ ਮੁਲਾਕਾਤ ਬੂਟਾ ਸੰਦੋਹਾ ਨੇ ਕੇਜਰੀਵਾਲ ਨਾਲ ਕੀਤੀ ਅਹਿਮ ਮੁਲਾਕਾਤ
Publish Date: Mon, 09 Nov 2026 04:40 PM (IST)
Updated Date: Tue, 10 Nov 2026 04:03 AM (IST)
ਹਲਕਾ ਮੌੜ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਮੈਂਬਰ ਬੂਟਾ ਸਿੰਘ ਸੰਦੋਹਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਜਿੱਥੇ ਬੂਟਾ ਸਿੰਘ ਸੰਦੋਹਾ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਬੂਟਾ ਸਿੰਘ ਸੰਦੋਹਾ ਨੇ ਅਰਵਿੰਦ ਕੇਜਰੀਵਾਲ ਨੂੰ ਹਲਕਾ ਮੌੜ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿੱਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਹੋਈ। ਬੂਟਾ ਸਿੰਘ ਸੰਦੋਹਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਬਹੁਤ ਫਿਕਰਮੰਦ ਹਨ। ਉਹ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ। ਇਸੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੰਦੋਹਾ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਦੌਰਾਨ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ’ਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਵਾਲੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ’ਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।