ਬੂਟਾ ਸੰਦੋਹਾ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਤੋਰਿਆ ਬੂਟਾ ਸੰਦੋਹਾ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਤੋਰਿਆ
Publish Date: Sun, 01 Nov 2026 04:06 PM (IST)
Updated Date: Sun, 01 Nov 2026 04:08 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਤੀਰਥ ਯਾਤਰਾ ਮੁਹਿੰਮ ਤਹਿਤ ਪਿੰਡ ਰਾਮਪੁਰਾ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਜ਼ਿਲ੍ਹਾ ਯੋਗਦਾਨ ਬੋਰਡ ਦੇ ਮੈਂਬਰ ਬੂਟਾ ਸਿੰਘ ਸੰਦੋਹਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਮਾਣ-ਸਨਮਾਨ ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਤੀਰਥ ਯਾਤਰਾ ਵਰਗੇ ਉਪਰਾਲੇ ਬਜ਼ੁਰਗਾਂ ਲਈ ਖੁਸ਼ੀ ਤੇ ਸੰਤੁਸ਼ਟੀ ਦਾ ਸਾਧਨ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਉਮਰ ਦੇ ਇਸ ਪੜਾਅ ’ਤੇ ਬਜ਼ੁਰਗਾਂ ਦੀਆਂ ਧਾਰਮਿਕ ਇੱਛਾਵਾਂ ਪੂਰੀਆਂ ਕਰਨ ਲਈ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਇਕ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਸ਼ਰਧਾਲੂਆਂ ਨੂੰ ਵੀ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਇਕੱਲੇ ਤੀਰਥ ਯਾਤਰਾ ਕਰਨ ਤੋਂ ਅਸਮਰੱਥ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ ਤੇ ਇੱਥੇ ਨਤਮਸਤਕ ਹੋਣਾ ਹਰ ਸ਼ਰਧਾਲੂ ਲਈ ਅਥਾਹ ਸ਼ਰਧਾ ਅਤੇ ਖੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਅਜਿਹੇ ਉਪਰਾਲਿਆਂ ਨਾਲ ਨਾ ਸਿਰਫ਼ ਬਜ਼ੁਰਗਾਂ ਨੂੰ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਾਪਤ ਹੁੰਦਾ ਹੈ, ਸਗੋਂ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਦਭਾਵਨਾ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਅੰਤ ਵਿੱਚ ਉਨ੍ਹਾਂ ਸ਼ਰਧਾਲੂਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।