ਮੋਗਾ ਰੈਲੀ ਲਈ ਮੌੜ ਹਲਕੇ ’ਚ ਸਰਗਰਮੀਆਂ ਕੀਤੀਆਂ ਤੇਜ਼ ਖ਼ੁਸ਼ਹਾਲ ਪੰਜਾਬ ਮਹਾ-ਰੈਲੀ ਦੀਆਂ ਤਿਆਰੀਆਂ ਸਬੰਧੀ ਬੂਟਾ ਸਿੰਘ ਸੰਦੋਹਾ ਵੱਲੋਂ ਮੌੜ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ
Publish Date: Fri, 20 Nov 2026 04:59 PM (IST)
Updated Date: Fri, 20 Nov 2026 05:01 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ 2026, ਵੀਰਵਾਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ‘ਖ਼ੁਸ਼ਹਾਲ ਪੰਜਾਬ’ ਮਹਾ-ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੌੜ ਹਲਕੇ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਮੌੜ ਹਲਕੇ ਦੇ ਸੀਨੀਅਰ ਆਗੂ, ਮੇਨ ਵਿੰਗ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਮਹਾ-ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਮਹਾ-ਰੈਲੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਮੌਕਾ ਹੋਵੇਗੀ ਅਤੇ ਇਸ ਰੈਲੀ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਪ੍ਰਚਾਰ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਲਾਗੂ ਕੀਤੀਆਂ ਨੀਤੀਆਂ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਹੋਣ ਕਾਰਨ ਲੋਕ ਪੰਜਾਬ ਵਿੱਚ ਦੁਬਾਰਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਮਹਾ-ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌੜ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਆਗੂ ਅਤੇ ਵਰਕਰ ਮੋਗਾ ਵਿਖੇ ਹੋਣ ਵਾਲੀ ਰੈਲੀ ’ਚ ਸ਼ਮੂਲੀਅਤ ਕਰਨਗੇ।