ਬਠਿੰਡਾ ਵਿਖੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਹਿਰਾਇਆ ਕੌਮੀ ਝੰਡਾ ਬਠਿੰਡਾ ਵਿਖੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਹਿਰਾਇਆ ਕੌਮੀ ਤਿਰੰਗਾ
Publish Date: Sun, 16 Aug 2026 07:31 PM (IST)
Updated Date: Mon, 17 Aug 2026 04:07 AM (IST)
ਕਿਹਾ- ਆਜ਼ਾਦੀ ਦੇ ਪਰਵਾਨਿਆਂ ਦੇ ਸੰਘਰਸ਼ਾਂ ਕਾਰਨ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਕੀਤੀ ਵੰਡ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਵਾਵਾਂ ਦਾ ਕੀਤਾ ਸਨਮਾਨ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਭਾਰਤ ਦੀ ਆਜ਼ਾਦੀ ਲਈ ਲੜੇ ਗਏ ਲੰਮੇ ਸੰਘਰਸ਼ ਅਤੇ ਅਣਗਿਣਤ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਵੀ ਵੱਡੀਆਂ ਕੁਰਬਾਨੀਆਂ ਦਿੱਤੀਆਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਨਾਲ ਹੋਈ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕਰਕੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਅਤੇ ਪਰੇਡ ਕਮਾਂਡਰ ਡੀਐੱਸਪੀ ਸਰਬਜੀਤ ਸਿੰਘ ਮੌਜੂਦ ਸਨ। ਪੰਜਾਬ ਪੁਲਿਸ, ਹੋਮਗਾਰਡਜ਼ ਤੇ ਸਿਵਲ ਡਿਫੈਂਸ, ਐੱਨਸੀਸੀ ਲੜਕੇ-ਲੜਕੀਆਂ, ਨੇਵਲ ਐੱਨਸੀਸੀ, ਹੋਮ ਨਰਸਿੰਗ, ਸਕਾਊਟਸ, ਗਰਲਜ਼ ਗਾਈਡਜ਼ ਅਤੇ ਪੁਲਿਸ ਤੇ ਆਰਮੀ ਬੈਂਡ ਦੀਆਂ ਟੁਕੜੀਆਂ ਨੇ ਪਰੇਡ ਵਿਚ ਹਿੱਸਾ ਲਿਆ। ਮੰਤਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰਾਜੈਕਟ ਲਾਗੂ ਕੀਤੇ ਗਏ ਹਨ। ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੰਡੇ ਗਏ। ਵੱਖ-ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਖਿਡਾਰੀਆਂ, ਵਾਤਾਵਰਣ ਪ੍ਰੇਮੀਆਂ ਅਤੇ ਸਮਾਜ-ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 100 ਫ਼ੀਸਦੀ ਫਾਰਮ ਡਿਜੀਟਾਈਜ਼ੇਸ਼ਨ ਕਰਨ ਵਾਲੇ ਬੂਥ ਲੈਵਲ ਅਫ਼ਸਰਾਂ ਮੈਂਗਲ ਸਿੰਘ, ਸੰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਦਾ ਵੀ ਸਨਮਾਨ ਹੋਇਆ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਕੋਰੀਓਗ੍ਰਾਫੀਆਂ, ਗਿੱਧਾ, ਭੰਗੜਾ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ। ਸਰਕਾਰੀ ਸਕੂਲ ਮਾਲ ਰੋਡ ਅਤੇ ਮਹੰਤ ਗੁਰਬੰਤਾ ਦਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਰਾਸ਼ਟਰੀ ਗਾਨ ਪੇਸ਼ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਵੰਦੇ ਮਾਤਰਮ ਨਾਲ ਦੇਸ਼ ਭਗਤੀ ਦੇ ਜਜ਼ਬੇ ਨਾਲ ਸਮਾਗਮ ਸੰਪੰਨ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀ, ਕਰਮਚਾਰੀ, ਵਿਦਿਆਰਥੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।