ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਠਿੰਡਾ ਵਿੱਚ ਕੈਂਡਲ ਮਾਰਚ
Publish Date: Fri, 23 Oct 2026 06:19 PM (IST)
Updated Date: Sat, 24 Oct 2026 04:01 AM (IST)
ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਤੱਕ ਸੰਘਰਸ਼ ਜਾਰੀ ਰਹੇਗਾ: ਡਾ. ਪ੍ਰਗਟ ਸਿੰਘ ਵਿਰਕ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਮਾਨਸਾ ਦੇ ਸਮਾਜਿਕ ਕਾਰਕੁਨ ਅਤੇ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਬਠਿੰਡਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਕੀਤੀ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਕੈਂਡਲ ਮਾਰਚ ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਮੁੜ ਫਾਇਰ ਬ੍ਰਿਗੇਡ ਚੌਕ ਵਿਖੇ ਪਹੁੰਚ ਕੇ ਸਮਾਪਤ ਹੋਇਆ। ਮਾਰਚ ਵਿੱਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਡਾ. ਪ੍ਰਗਟ ਸਿੰਘ ਵਿਰਕ, ਨਵਜੋਤ ਕੌਰ ਲੰਬੀ, ਵਕੀਲ ਹਰਪਾਲ ਸਿੰਘ ਖਾਰਾ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਉਨ੍ਹਾਂ ਦੀ ਸਰਗਰਮੀ ਮਨਜ਼ੂਰ ਨਹੀਂ ਸੀ ਅਤੇ ਇਸੇ ਰੰਜਿਸ਼ ਕਾਰਨ ਉਨ੍ਹਾਂ ਦੀ ਹੱਤਿਆ ਕੀਤੀ ਗਈ। ਆਗੂਆਂ ਨੇ ਇਸ ਮਾਮਲੇ ਵਿੱਚ ਸਰਕਾਰੀ ਅਤੇ ਪੁਲਿਸ ਤੰਤਰ ਦੀ ਭੂਮਿਕਾ ਬਾਰੇ ਵੀ ਗੰਭੀਰ ਸਵਾਲ ਉਠਾਏ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਸਬੰਧੀ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ। ਆਗੂਆਂ ਨੇ ਦਾਅਵਾ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਮਾਨਸਾ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਪਰ ਅਜੇ ਤੱਕ ਪਰਿਵਾਰ ਅਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਪੰਜਾਬ ਸਰਕਾਰ ’ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਵੀ ਲਗਾਏ। ਡਾ. ਪ੍ਰਗਟ ਸਿੰਘ ਵਿਰਕ ਨੇ ਕਿਹਾ ਕਿ ਜਦੋਂ ਤੱਕ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਮੰਗ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਦੀ ਪੂਰਤੀ ਹੋਣ ਤੱਕ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਹੋਰ ਇਨਸਾਫ਼ ਪਸੰਦ ਜਥੇਬੰਦੀਆਂ ਸ਼ੁਰੂ ਤੋਂ ਹੀ ਮਾਨਸਾ ਵਿੱਚ ਚੱਲ ਰਹੇ ਮੋਰਚੇ ਨਾਲ ਖੜ੍ਹੀਆਂ ਹਨ ਅਤੇ ਇਨਸਾਫ਼ ਮਿਲਣ ਤੱਕ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਜਾਰੀ ਰੱਖਣਗੀਆਂ। ਉਨ੍ਹਾਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ, ਆਮ ਲੋਕਾਂ ਅਤੇ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਵਿਅਕਤੀਆਂ ਨੂੰ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕੈਂਡਲ ਮਾਰਚ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਫੌਜੀ, ਗੁਰਦੀਪ ਸਿੰਘ ਸਿੱਧੂ, ਪਰਮਜੀਤ ਕੌਰ ਕਿਲੀ ਨਿਹਾਲ ਸਿੰਘ ਵਾਲਾ, ਕਰਨਵੀਰ ਸਿੰਘ ਬਰਾੜ, ਰੇਸ਼ਮ ਸਿੰਘ, ਬੱਬੂ ਸਿੰਘ ਖਾਲਸਾ, ਗੁਰਪ੍ਰੀਤ ਸਿਵੀਆ, ਜਗਸੀਰ ਸਿੰਘ ਸ਼ੇਰਗੜ੍ਹ, ਸਤਵਿੰਦਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਮਾਨਸ਼ਾਹੀਆ, ਹਰਜੀਤ ਸਿੰਘ, ਬੋਹੜ ਸਿੰਘ ਸਰਪੰਚ, ਦਰਸ਼ਨ ਸਿੰਘ, ਨਰਿੰਦਰ ਪਾਲ ਸਿੰਘ, ਹਾਕਮ ਸਿੰਘ ਹੈਪੀ, ਪਰਮਜੀਤ ਸਿੰਘ ਅਤੇ ਰਾਜਪਾਲ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਹਾਜ਼ਰ ਸਨ।