ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਸਆਈਟੀ ਵੱਲੋਂ ਮੰਗੇ ਗਏ ਸਹਿਯੋਗ ਨੂੰ ਉਨ੍ਹਾਂ ਪੂਰੀ ਤਰ੍ਹਾਂ ਨਿਭਾਇਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਠਿੰਡਾ ਸਥਿਤ ਘਰ ਪੁੱਜੀ। ਐਸਆਈਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਸਬੰਧੀ ਜਥੇਦਾਰ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ। ਐਸਆਈਟੀ ਕਾਫ਼ੀ ਸਮਾਂ ਜਥੇਦਾਰ ਦੇ ਗਰੀਨ ਸਿਟੀ ਸਥਿਤ ਘਰ ਵਿਚ ਰਹੀ।
ਐਸਆਈਟੀ ਦੇ ਮੁਖੀ ਏਆਈਜੀ ਜਗਤਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਾਂਚ ਨੂੰ ਅੱਗੇ ਵਧਾਉਣ ਅਤੇ ਸਰੂਪਾਂ ਦੇ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਵਾਸਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਐਸਆਈਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਸਬੰਧੀ ਕਾਫੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤਕ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਸੀਏ ਕੋਹਲੀ ਕੋਲੋਂ ਕਈ ਤਰ੍ਹਾਂ ਦੇ ਉਪਕਰਨ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।
ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਸਆਈਟੀ ਵੱਲੋਂ ਮੰਗੇ ਗਏ ਸਹਿਯੋਗ ਨੂੰ ਉਨ੍ਹਾਂ ਪੂਰੀ ਤਰ੍ਹਾਂ ਨਿਭਾਇਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਸਾਬਕਾ ਜਥੇਦਾਰ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਲਾਤ ਅਜਿਹੇ ਨਹੀਂ ਬਣਨੇ ਚਾਹੀਦੇ ਕਿ ਜਥੇਦਾਰ ਤੋਂ ਉਪਰ ਹੋ ਕੇ ਰਾਜਨੀਤਕ ਹੁਕਮਾਂ ਅਨੁਸਾਰ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਲਾਪਤਾ ਸਰੂਪਾਂ ਸਬੰਧੀ ਐਸਆਈਟੀ ਨੂੰ ਚਾਹੀਦਾ ਸਾਰਾ ਰਿਕਾਰਡ ਉਪਲਬਧ ਕਰਵਾਏ ਤਾਂ ਜੋ ਜਾਂਚ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ ਹੋਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪੰਜਾਬ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੇ ਲੋਕਾਂ ਦੀਆਂ ਨਜ਼ਰਾਂ ਇਸ ਮਾਮਲੇ ’ਤੇ ਲੱਗੀਆਂ ਹੋਈਆਂ ਹਨ।