ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਬਠਿੰਡਾ ਸਿਵਲ ਹਸਪਤਾਲ ਵਿਚ ਕੰਮ ਕਰ ਰਹੀ ਇਕ ਵਿਧਵਾ ਮਹਿਲਾ ਨੇ ਕਈ ਮਹੀਨੇ ਪਹਿਲਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਬਠਿੰਡਾ ਦਿਹਾਤੀ ਵਿਧਾਨ ਸਭਾ ਖੇਤਰ ਨਾਲ ਜੁੜੇ ਆਪ ਦੇ ਸੋਸ਼ਲ ਮੀਡੀਆ ਇੰਚਾਰਜ ਹਰਤੇਜ ਭੁੱਲਰ ਨੇ ਉਸ ਨੂੰ ਫੋਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਹੈ ਅਤੇ ਗਲਤ ਸੰਦੇਸ਼ ਵੀ ਭੇਜੇ ਹਨ।

ਗੁਰਤੇਜ ਸਿੰਘ ਸਿੱਧੂ, ਬਠਿੰਡਾ: ਜ਼ਿਲ੍ਹਾ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਦੇ ਇੰਟਰਨੈੱਟ ਮੀਡੀਆ ਇੰਚਾਰਜ ਹਰਤੇਜ ਸਿੰਘ ਭੁੱਲਰ ਦੇ ਖ਼ਿਲਾਫ਼ ਇਕ ਵਿਧਵਾ ਮਹਿਲਾ ਨੂੰ ਕਥਿਤ ਤੌਰ ‘ਤੇ ਤੰਗ ਕਰਨ ਅਤੇ ਗਲਤ ਸੰਦੇਸ਼ ਭੇਜਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਲੰਮੇ ਸਮੇਂ ਤੋਂ ਲੰਬਿਤ ਸ਼ਿਕਾਇਤ ਅਤੇ ਸਮਾਜਿਕ ਜਥੇਬੰਦੀਆਂ ਦੇ ਵੱਧ ਰਹੇ ਦਬਾਅ ਤੋਂ ਬਾਅਦ ਕੀਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਬਠਿੰਡਾ ਸਿਵਲ ਹਸਪਤਾਲ ਵਿਚ ਕੰਮ ਕਰ ਰਹੀ ਇਕ ਵਿਧਵਾ ਮਹਿਲਾ ਨੇ ਕਈ ਮਹੀਨੇ ਪਹਿਲਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਬਠਿੰਡਾ ਦਿਹਾਤੀ ਵਿਧਾਨ ਸਭਾ ਖੇਤਰ ਨਾਲ ਜੁੜੇ ਆਪ ਦੇ ਸੋਸ਼ਲ ਮੀਡੀਆ ਇੰਚਾਰਜ ਹਰਤੇਜ ਭੁੱਲਰ ਨੇ ਉਸ ਨੂੰ ਫੋਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਹੈ ਅਤੇ ਗਲਤ ਸੰਦੇਸ਼ ਵੀ ਭੇਜੇ ਹਨ। ਉਸ ਨੇ ਕਿਹਾ ਕਿ ਦੋਸ਼ੀ ਨੇ ਆਪਣੇ ਰਾਜਨੀਤਿਕ ਪ੍ਰਭਾਵ ਦਾ ਇਸਤੇਮਾਲ ਕਰਕੇ ਉਸ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਹੈ। ਸ਼ਿਕਾਇਤ ਮਿਲਣ ਦੇ ਬਾਵਜੂਦ ਸ਼ੁਰੂਆਤੀ ਦੌਰ ਵਿਚ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੇ ਰਾਜਨੀਤਿਕ ਸਬੰਧਾਂ ਕਾਰਨ ਕਾਰਵਾਈ ਵਿਚ ਦੇਰੀ ਹੋਈ ਹੈ। ਇਸ ਦੌਰਾਨ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅੰਦੋਲਨ ਦੀ ਚਿਤਾਵਨੀ ਦਿੱਤੀ। ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਅਤੇ ਕਿਸਾਨ ਆਗੂਆਂ ਨੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਕ ਕਿਸਾਨ ਆਗੂ ਨੇ ਦੋਸ਼ ਲਗਾਇਆ ਕਿ ਹਰਤੇਜ ਭੁੱਲਰ ਆਪਣੇ ਆਪ ਨੂੰ ਆਪ ਦਾ ਪ੍ਰਭਾਵਸ਼ਾਲੀ ਆਗੂ ਦੱਸ ਕੇ ਸਰਕਾਰੀ ਕਰਮਚਾਰੀਆਂ ‘ਤੇ ਦਬਾਅ ਬਣਾਉਂਦਾ ਹੈ। ਉਸ ਨੇ ਕਿਹਾ ਕਿ ਦੋਸ਼ੀ ਫੇਸਬੁੱਕ ‘ਤੇ ਸੀਨੀਅਰ ਅਧਿਕਾਰੀਆਂ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਕੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਹੈ, ਜਿਸ ਨਾਲ ਕਰਮਚਾਰੀ ਡਰ ਜਾਂਦੇ ਹਨ। ਵਧਦੇ ਦਬਾਅ ਦੇ ਮੱਦੇਨਜ਼ਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁੱਢਲੀ ਜਾਂਚ ਤੋਂ ਬਾਅਦ ਹਰਤੇਜ ਸਿੰਘ ਭੁੱਲਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਮੰਨਿਆ ਕਿ ਦੋਸ਼ੀ ਦੇ ਰਾਜਨੀਤਿਕ ਸਬੰਧਾਂ ਬਾਰੇ ਜਾਣਕਾਰੀ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਦੋਸ਼ੀ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ । ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਮੇਂ ‘ਤੇ ਕਾਰਵਾਈ ਨਾ ਹੋਈ ਤਾਂ ਉਹ ਅੰਦੋਲਨ ਤੇਜ਼ ਕਰਨਗੇ। ਉਧਰ ਦੋਸ਼ੀ ਹਰਤੇਜ ਸਿੰਘ ਭੁੱਲਰ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਸ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਆਵਾਜ਼ ਉਠਾ ਰਿਹਾ ਹੈ, ਜਿਸ ਕਰਕੇ ਉਸ ਦੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ। ਭੁੱਲਰ ਨੇ ਦਾਅਵਾ ਕੀਤਾ ਕਿ ਉਸ ਨੂੰ ਰਾਜਨੀਤਿਕ ਤੌਰ ‘ਤੇ ਬਦਨਾਮ ਕਰਨ ਲਈ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ। ਫਿਲਹਾਲ ਇਸ ਪੂਰੇ ਮਾਮਲੇ ਵਿਚ ਪੁਲਿਸ ਜਾਂਚ ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ।