ਮਰਦਮਸ਼ੁਮਾਰੀ 2027: 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਗਣਨਾ ਮਰਦਮ ਸ਼ੁਮਾਰੀ 2027: 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਗਣਨਾ
Publish Date: Tue, 10 Nov 2026 05:21 PM (IST)
Updated Date: Tue, 10 Nov 2026 05:24 PM (IST)
ਸੀਨੀਅਰ ਰਿਪੋਰਟਰ ਬਠਿੰਡਾ ਭਾਰਤ ਸਰਕਾਰ ਵੱਲੋਂ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਵੈ ਗਣਨਾ ਦੀ ਪ੍ਰਕਿਰਿਆ ਬੇਹੱਦ ਆਸਾਨ ਹੈ। 16 ਨਵੰਬਰ ਤੋਂ 30 ਨਵੰਬਰ ਤੱਕ se.census.gov.in ਪੋਰਟਲ ਰਾਹੀਂ ਆਮ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਦੇ ਵੇਰਵੇ ਸੁਰੱਖਿਅਤ ਢੰਗ ਨਾਲ ਆਨਲਾਈਨ ਦਰਜ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਅਤੇ ਜਨਗਣਨਾ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸੰਗਤ ਮੰਡੀ, ਭੁੱਚੋ ਮੰਡੀ, ਕੋਟਫੱਤਾ ਸਮੇਤ ਸ਼ੇਰਗੜ੍ਹ, ਕੋਟ ਗੁਰੂ, ਜੈ ਸਿੰਘ ਵਾਲਾ, ਜੋਗਾਨੰਦ, ਗਿੱਲ ਪੱਤੀ, ਬੁਲਾਡੇਵਾਲਾ ਅਤੇ ਨਰੂਆਣਾ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਸਵੈ ਗਣਨਾ ਬਾਰੇ ਜਾਣਕਾਰੀ ਦਿੱਤੀ ਗਈ। ਜਾਗਰੂਕਤਾ ਟੀਮਾਂ ਵੱਲੋਂ ਵਿੱਦਿਅਕ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।