ਕੇਂਦਰੀ ਜੇਲ੍ਹ 'ਚ ਬੰਦ ਕੈਦੀ ਵੱਲੋਂ ਜੇਲ੍ਹ ਸੁਪਰਡੈਂਟ ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਵਾਇਰਲ ਆਡੀਓ ਤੋਂ ਬਾਅਦ ਭਖਿਆ ਮਾਮਲਾ
ਜਾਣਕਾਰੀ ਅਨੁਸਾਰ, ਇਕ ਦਿਨ ਪਹਿਲਾਂ ਭਗਵੰਤ ਸਿੰਘ ਦੀ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਇਸ ਆਡੀਓ ਵਿੱਚ ਉਹ ਜੇਲ੍ਹ ਪ੍ਰਸ਼ਾਸਨ ’ਤੇ ਕਈ ਗੰਭੀਰ ਦੋਸ਼ ਲਗਾਉਂਦਾ ਸੁਣਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਮਾਤਾ ਨਾਲ ਫੋਨ ’ਤੇ ਗੱਲਬਾਤ ਦੌਰਾਨ ਇਹ ਦੋਸ਼ ਲਗਾਏ ਅਤੇ ਉਸ ਗੱਲਬਾਤ ਨੂੰ ਰਿਕਾਰਡ ਕਰਕੇ ਮੀਡੀਆ ਤੱਕ ਪਹੁੰਚਾਉਣ ਲਈ ਕਿਹਾ।
Publish Date: Tue, 28 Apr 2026 01:16 PM (IST)
Updated Date: Tue, 28 Apr 2026 01:21 PM (IST)
ਸਟਾਫ ਰਿਪੋਰਟਰ, ਬਠਿੰਡਾ : ਬਠਿੰਡਾ ਕੇਂਦਰੀ ਜੇਲ੍ਹ ਵਿੱਚ ਲੰਬੇ ਸਮੇਂ ਤੋਂ ਬੰਦ ਕੈਦੀ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ਼ ਜੇਲ੍ਹ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾਇਆ ਹੈ। ਦੋਸ਼ ਹੈ ਕਿ ਕੈਦੀ ਨੇ ਜੇਲ੍ਹ ਸੁਪਰਡੈਂਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੈਂਟ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਕੈਂਟ ਦੇ ਐਸਐਚਓ ਰਘੁਵੀਰ ਸਿੰਘ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਕੈਦੀ ਭਗਵੰਤ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਇਕ ਦਿਨ ਪਹਿਲਾਂ ਭਗਵੰਤ ਸਿੰਘ ਦੀ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਇਸ ਆਡੀਓ ਵਿੱਚ ਉਹ ਜੇਲ੍ਹ ਪ੍ਰਸ਼ਾਸਨ ’ਤੇ ਕਈ ਗੰਭੀਰ ਦੋਸ਼ ਲਗਾਉਂਦਾ ਸੁਣਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਮਾਤਾ ਨਾਲ ਫੋਨ ’ਤੇ ਗੱਲਬਾਤ ਦੌਰਾਨ ਇਹ ਦੋਸ਼ ਲਗਾਏ ਅਤੇ ਉਸ ਗੱਲਬਾਤ ਨੂੰ ਰਿਕਾਰਡ ਕਰਕੇ ਮੀਡੀਆ ਤੱਕ ਪਹੁੰਚਾਉਣ ਲਈ ਕਿਹਾ।
ਆਡੀਓ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਸੋਮਵਾਰ ਦੇਰ ਸ਼ਾਮ ਪੁਲਿਸ ਨੂੰ ਸ਼ਿਕਾਇਤੀ ਪੱਤਰ ਭੇਜਿਆ ਗਿਆ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਅਧਿਕਾਰੀ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣਾ ਗੰਭੀਰ ਅਪਰਾਧ ਹੈ, ਇਸ ਲਈ ਸਬੰਧਤ ਕੈਦੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਵਿੱਚ ਜਦੋਂ ਜੇਲ੍ਹ ਸੁਪਰਡੈਂਟ ਹਿੰਮਤ ਸ਼ਰਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।