ਚੇਅਰਮੈਨ ਭੱਲਾ ਨੇ ਨਿਵੇਕਲੇ ਢੰਗ ਨਾਲ ਮਨਾਇਆ ਜਨਮ ਦਿਨ, 1000 ਪੌਦੇ ਵੰਡੇ ਚੇਅਰਮੈਨ ਭੱਲਾ ਨੇ ਨਿਵੇਕਲੇ ਢੰਗ ਨਾਲ ਮਨਾਇਆ ਜਨਮ ਦਿਨ, 1000 ਪੌਦੇ ਵੰਡੇ
Publish Date: Sun, 16 Aug 2026 05:40 PM (IST)
Updated Date: Mon, 17 Aug 2026 04:03 AM (IST)
ਸਕੂਲ ’ਚ ਆਰਓ ਵਾਟਰ ਕੂਲਰ ਤੇ ਪਖਾਨਿਆਂ ਦਾ ਕੀਤਾ ਉਦਘਾਟਨ। ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਆਪਣਾ ਜਨਮ ਦਿਨ ਰਵਾਇਤੀ ਢੰਗ ਨਾਲ ਮਨਾਉਣ ਦੀ ਬਜਾਏ ਲੋਕ ਭਲਾਈ ਅਤੇ ਵਾਤਾਵਰਨ ਸੰਭਾਲ ਨੂੰ ਸਮਰਪਿਤ ਕਰਦਿਆਂ ਨਿਵੇਕਲੇ ਢੰਗ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਲੋਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਦਾ ਸੰਦੇਸ਼ ਦਿੰਦਿਆਂ 1000 ਪੌਦੇ ਵੰਡੇ ਗਏ, ਉੱਥੇ ਹੀ ਸਕੂਲ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਆਰਓ ਵਾਟਰ ਕੂਲਰ ਅਤੇ ਪਖਾਨਿਆਂ ਦਾ ਉਦਘਾਟਨ ਵੀ ਕੀਤਾ ਗਿਆ। ਜਤਿੰਦਰ ਸਿੰਘ ਭੱਲਾ ਨੇ ਆਪਣੇ ਜਨਮ ਦਿਨ ਦੇ ਸਮਾਗਮਾਂ ਦੀ ਸ਼ੁਰੂਆਤ ਐਤਵਾਰ ਸਵੇਰੇ ਗੁਰਦੁਆਰਾ ਗੁਗਸਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਉਨ੍ਹਾਂ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅੰਬਾਂ ਦੇ ਬੂਟੇ ਲਗਾਏ। ਇਸ ਮੌਕੇ ਉਨ੍ਹਾਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਤੋਂ ਬਾਅਦ ਭੱਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਵਿਖੇ ਪਹੁੰਚ ਕੇ ਵਿਦਿਆਰਥੀਆਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਵਾਟਰ ਕੂਲਰ ਅਤੇ ਆਰਓ ਸਿਸਟਮ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸਕੂਲ ਵਿੱਚ ਲੜਕੀਆਂ ਲਈ ਪਖਾਨਿਆਂ ਦੀ ਘਾਟ ਨੂੰ ਦੇਖਦਿਆਂ ਬਣਾਏ ਗਏ ਪਖਾਨਿਆਂ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਵੱਲੋਂ ਵਾਟਰ ਕੂਲਰ, ਆਰਓ ਅਤੇ ਪਖਾਨਿਆਂ ਦੀ ਮੰਗ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਗਈ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਦਿਆਂ ਅੱਜ ਇਹ ਸਹੂਲਤਾਂ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਭੱਲਾ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਸਾਹਮਣੇ ਲਿਆਂਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਮ ਦਿਨ ਅਤੇ ਹੋਰ ਖੁਸ਼ੀ ਦੇ ਮੌਕਿਆਂ ’ਤੇ ਫਜ਼ੂਲ ਖਰਚ ਕਰਨ ਦੀ ਬਜਾਏ ਸਮਾਜ ਅਤੇ ਲੋਕ ਭਲਾਈ ਦੇ ਕੰਮਾਂ ’ਤੇ ਪੈਸਾ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਕ ਪੌਦਾ ਲਗਾਉਣਾ ਸਿਰਫ਼ ਵਾਤਾਵਰਨ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇੱਕ ਕਦਮ ਹੈ।ਵਾਤਾਵਰਨ ਸੰਭਾਲ ਦੇ ਇਸ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਜਤਿੰਦਰ ਭੱਲਾ ਵੱਲੋਂ ਪਿੰਡ ਵਾਸੀਆਂ ਨੂੰ 1000 ਪੌਦੇ ਵੰਡੇ ਗਏ। ਉਨ੍ਹਾਂ ਆਪਣੀ ਪਤਨੀ ਮਨਜਿੰਦਰ ਕੌਰ ਅਤੇ ਲੜਕੇ ਮਾਨਵਜੋਤ ਸਿੰਘ ਸਮੇਤ ਖੁਦ ਵੀ ਪੌਦੇ ਲਗਾਏ ਅਤੇ ਇਨ੍ਹਾਂ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਪੌਦੇ ਲਗਾਉਣ ਤੱਕ ਹੀ ਸੀਮਤ ਨਾ ਰਹਿਣ, ਸਗੋਂ ਇਨ੍ਹਾਂ ਦੀ ਨਿਯਮਤ ਸੰਭਾਲ ਵੀ ਕਰਨ ਤਾਂ ਜੋ ਇਹ ਪੌਦੇ ਵੱਡੇ ਹੋ ਕੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਵਿੱਚ ਯੋਗਦਾਨ ਪਾ ਸਕਣ। ਇਸ ਦੌਰਾਨ ਉਨ੍ਹਾਂ ਗੂੰਗੇ-ਬੋਲੇ ਬੱਚਿਆਂ ਨਾਲ ਵੀ ਸਮਾਂ ਬਿਤਾਇਆ ਅਤੇ ਆਪਣੇ ਹੱਥੀਂ ਉਨ੍ਹਾਂ ਨੂੰ ਖਾਣਾ ਪਰੋਸਿਆ। ਇਸ ਮੌਕੇ ਭੱਲਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਹੀ ਅਸਲ ਖੁਸ਼ੀ ਹੈ। ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਉਹ ਹਮੇਸ਼ਾ ਲੋਕ ਭਲਾਈ ਦੀ ਸਿਆਸਤ ਕਰਦੇ ਆਏ ਹਨ ਅਤੇ ਸਮਾਜ ਨਾਲ ਜੁੜੇ ਮੁੱਦਿਆਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਯਤਨ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਨਮ ਦਿਨ ਨੂੰ ਸਿਰਫ਼ ਨਿੱਜੀ ਖੁਸ਼ੀ ਦਾ ਦਿਨ ਬਣਾਉਣ ਦੀ ਬਜਾਏ ਲੋਕ ਸੇਵਾ ਨਾਲ ਜੋੜਨਾ ਉਨ੍ਹਾਂ ਲਈ ਵਧੇਰੇ ਸੰਤੁਸ਼ਟੀ ਵਾਲੀ ਗੱਲ ਹੈ। ਉਨ੍ਹਾਂ ਭਵਿੱਖ ਵਿੱਚ ਵੀ ਲੋਕ ਭਲਾਈ, ਵਾਤਾਵਰਨ ਸੰਭਾਲ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਦਾ ਭਰੋਸਾ ਦਿੱਤਾ।