ਅੱਖਾਂ ਦੇ ਮੁਫ਼ਤ ਲੈਂਜ਼ ਕੈਂਪ ’ਚ ਚੇਅਰਮੈਨ ਜਤਿੰਦਰ ਭੱਲਾ ਨੇ ਕੀਤੀ ਸ਼ਮੂਲੀਅਤ ਅੱਖਾਂ ਦੇ ਮੁਫ਼ਤ ਲੈਂਜ਼ ਕੈਂਪ ਵਿਚ ਚੇਅਰਮੈਨ ਜਤਿੰਦਰ ਭੱਲਾ ਨੇ ਕੀਤੀ ਸ਼ਮੂਲੀਅਤ
Publish Date: Sat, 24 Oct 2026 03:45 PM (IST)
Updated Date: Sat, 24 Oct 2026 03:46 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਬ੍ਰਹਮਲੀਨ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਸਦਕਾ ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲਿਆਂ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਦੀਆਂ ਅੱਖਾਂ ਦੇ ਮੁਫ਼ਤ ਇਲਾਜ ਲਈ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਜਤਿੰਦਰ ਭੱਲਾ ਨੇ ਕਿਹਾ ਕਿ ਅੱਖਾਂ ਮਨੁੱਖੀ ਜੀਵਨ ਦਾ ਬਹੁਤ ਮਹੱਤਵਪੂਰਨ ਅੰਗ ਹਨ ਤੇ ਅੱਖਾਂ ਦੀ ਰੌਸ਼ਨੀ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਬਹੁਤ ਹੀ ਨੇਕ ਕਾਰਜ ਹੈ। ਉਨ੍ਹਾਂ ਕਿਹਾ ਕਿ ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲੇ ਲੰਮੇ ਸਮੇਂ ਤੋਂ ਮੁਫ਼ਤ ਅੱਖਾਂ ਦੇ ਇਲਾਜ ਰਾਹੀਂ ਮਨੁੱਖਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੇ ਯਤਨ ਲੋੜਵੰਦਾਂ ਲਈ ਵੱਡਾ ਸਹਾਰਾ ਹਨ ਤੇ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਅਜਿਹੇ ਸੇਵਾ ਕਾਰਜਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਾਰਨ ਕਈ ਪਰਿਵਾਰ ਆਪਣੀਆਂ ਸਿਹਤ ਸਮੱਸਿਆਵਾਂ ਦਾ ਸਮੇਂ ਸਿਰ ਇਲਾਜ ਨਹੀਂ ਕਰਵਾ ਸਕਦੇ। ਅਜਿਹੇ ਮੁਫ਼ਤ ਮੈਡੀਕਲ ਕੈਂਪ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕੈਂਪ ਦੇ ਪ੍ਰਬੰਧਕਾਂ ਵੱਲੋਂ ਜਤਿੰਦਰ ਭੱਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲਿਆਂ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ ਅਤੇ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਉਣਾ ਹੈ ਇਸ ਮੌਕੇ ਡਾ. ਕੁਲਵਿੰਦਰ ਸਿੰਘ ਬੁਰਜ ਰਾਜਗੜ੍ਹ, ਦੀਪਕ ਸ਼ਰਮਾ ਸਰਪੰਚ, ਗੁਲਾਬ ਸਿੰਗਲਾ ਜਲਾਲ ਅਤੇ ਗੋਬਿੰਦਰਪਾਲ ਸਿੰਘ ਸਰਪੰਚ ਕੋਠਾਗੁਰੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।