ਵੋਟ ਚੋਰੀ ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ : ਅਵਤਾਰ ਸਿੰਘ ਮਾਨ ਵੋਟ ਚੋਰੀ ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ : ਅਵਤਾਰ ਸਿੰਘ ਮਾਨ
Publish Date: Sat, 10 Oct 2026 05:02 PM (IST)
Updated Date: Sat, 10 Oct 2026 05:02 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਬਠਿੰਡਾ ਦਿਹਾਤੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਮਾਨ ਨੇ ਵੋਟ ਚੋਰੀ ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚ ਵੋਟਾਂ ਦੀ ਕਥਿਤ ਚੋਰੀ ਦਾ ਮਾਮਲਾ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਤੇ ਇਸ ਸਬੰਧੀ ਉੱਠ ਰਹੇ ਸਵਾਲਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਮਾਨ ਨੇ ਕਿਹਾ ਕਿ ਦੇਸ਼ ਵਿਚ ਸ਼ਰੇਆਮ ਵੋਟ ਚੋਰੀ ਹੋ ਰਹੀ ਹੈ ਅਤੇ ਇਸ ਬਾਰੇ ਦੇਸ਼ ਵਾਸੀਆਂ ਨੂੰ ਜਾਣਕਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਪ੍ਰਕਿਰਿਆ ਦਾ ਨਿਰਪੱਖ, ਪਾਰਦਰਸ਼ੀ ਤੇ ਭਰੋਸੇਯੋਗ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਚੋਣ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਦੇ ਮਨਾਂ ਵਿਚ ਸਵਾਲ ਪੈਦਾ ਹੁੰਦੇ ਹਨ ਤਾਂ ਉਨ੍ਹਾਂ ਦਾ ਨਿਪਟਾਰਾ ਕਰਨਾ ਵੀ ਸੰਵਿਧਾਨਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਵਿਚ ਬਹੁਤ ਅਹਿਮ ਹੈ। ਇਸ ਅਹੁਦੇ ’ਤੇ ਬੈਠੇ ਵਿਅਕਤੀ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਤੇ ਲੋਕਾਂ ਦੇ ਵੋਟ ਦੇ ਅਧਿਕਾਰ ਦੀ ਰਾਖੀ ਯਕੀਨੀ ਬਣਾਏ। ਮਾਨ ਨੇ ਕਿਹਾ ਕਿ ਵੋਟ ਚੋਰੀ ਦੇ ਮੁੱਦੇ ’ਤੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।