ਦਰਿਆਵਾਂ ਦੀ ਸਫ਼ਾਈ ਸਾਡੀ ਪਹਿਲ, ਮਾਨ ਨੇ ਪੰਜਾਬ ਨੂੰ ਬਣਾਇਆ ਪੁਲਿਸ ਸਟੇਟ : ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਗਲੀ ਅਕਾਲੀ ਸਰਕਾਰ ਬਣਨ ’ਤੇ ਸਤਲੁਜ ਅਤੇ ਬਿਆਸ ਦਰਿਆਵਾਂ ਦੀ ਸਫਾਈ ਸਭ ਤੋਂ ਵੱਡੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਫੈਕਟਰੀਆਂ ਜਾਂ ਸੀਵਰੇਜ ਲਾਈਨਾਂ ਤੋਂ ਇੱਕ ਬੂੰਦ ਵੀ ਪ੍ਰਦੂਸ਼ਿਤ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ। ਭਾਈ ਰੂਪਾ ਵਿੱਚ ਪੰਜਾਬ ਬਚਾਓ ਅੰਦੋਲਨ ਤਹਿਤ ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਕੈਂਸਰ ਦੇ ਫੈਲਾਅ ਦਾ ਮੁੱਖ ਕਾਰਨ ਪ੍ਰਦੂਸ਼ਿਤ ਪਾਣੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਸ਼ਾ ਮਾਫੀਆ ਨੂੰ ਵੀ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਬਰ-ਵਸੂਲੀ ਅਤੇ
Publish Date: Sun, 01 Mar 2026 10:00 AM (IST)
Updated Date: Sun, 01 Mar 2026 10:01 AM (IST)

ਵੀਰਪਾਲ ਭਗਤਾ/ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਬੰਠਿਡਾ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਗਲੀ ਅਕਾਲੀ ਸਰਕਾਰ ਬਣਨ ’ਤੇ ਸਤਲੁਜ ਅਤੇ ਬਿਆਸ ਦਰਿਆਵਾਂ ਦੀ ਸਫਾਈ ਸਭ ਤੋਂ ਵੱਡੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਫੈਕਟਰੀਆਂ ਜਾਂ ਸੀਵਰੇਜ ਲਾਈਨਾਂ ਤੋਂ ਇੱਕ ਬੂੰਦ ਵੀ ਪ੍ਰਦੂਸ਼ਿਤ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ। ਭਾਈ ਰੂਪਾ ਵਿੱਚ ਪੰਜਾਬ ਬਚਾਓ ਅੰਦੋਲਨ ਤਹਿਤ ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਕੈਂਸਰ ਦੇ ਫੈਲਾਅ ਦਾ ਮੁੱਖ ਕਾਰਨ ਪ੍ਰਦੂਸ਼ਿਤ ਪਾਣੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਸ਼ਾ ਮਾਫੀਆ ਨੂੰ ਵੀ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਬਰ-ਵਸੂਲੀ ਅਤੇ ਟਾਰਗਟ ਕਿਲਿੰਗਾਂ ਤੋਂ ਇਲਾਵਾ ਹੁਣ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਮਾਰਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਪੁਲਿਸ ਸਟੇਟ ਬਣਾਇਆ ਗਿਆ ਹੈ ਅਤੇ ਪੁਲਿਸ ਦੀ ਵਰਤੋਂ ਕਿਸਾਨਾਂ, ਕਰਮਚਾਰੀਆਂ, ਰਾਜਨੀਤਕ ਵਿਰੋਧੀਆਂ ਅਤੇ ਮੀਡੀਆ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਮਨ-ਸ਼ਾਂਤੀ ਅਤੇ ਕੌਮੀ ਏਕਤਾ ਕਾਇਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। “ਗੈਗਸਟਰਾਂ ਨੂੰ ਦਹਿਸ਼ਤਗਰਦ ਐਲਾਨ ਕਰ ਕੇ ਖ਼ਾਸ ਕਾਨੂੰਨ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਜ਼ਮਾਨਤ ਨਾ ਮਿਲੇ ਅਤੇ ਉਨ੍ਹਾਂ ਦੀ ਸੰਪਤੀ ਜ਼ਬਤ ਕੀਤੀ ਜਾਵੇ। ਬਾਦਲ ਨੇ ਦਾਅਵਾ ਕੀਤਾ ਕਿ ਕਾਂਗਰਸ, ਆਮ ਆਦਮੀ ਪਾਰਟੀ ਜਾਂ ਭਾਜਪਾ ਕਿਸੇ ਨੂੰ ਵੀ ਪੰਜਾਬ ਦੀ ਚਿੰਤਾ ਨਹੀਂ। “ਉਨ੍ਹਾਂ ਦੀ ਇਕੋ ਚਿੰਤਾ ਸੱਤਾ ਹਾਸਲ ਕਰਨੀ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਨਹੀਂ, ਸਗੋਂ ਪਾਰਟੀ ਅੰਦਰੂਨੀ ਵਿਵਾਦ ਸੁਲਝਾਉਣ ਆਏ ਹਨ। ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਸਰਕਾਰ ਆਉਣ ’ਤੇ ਸਾਰੇ ਕਿਸਾਨਾਂ ਨੂੰ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ। ਕਮਜ਼ੋਰ ਵਰਗਾਂ ਨੂੰ ਆਟਾ 4 ਰੁਪਏ ਪ੍ਰਤੀ ਕਿੱਲੋ ਅਤੇ ਦਾਲ 20 ਰੁਪਏ ਪ੍ਰਤੀ ਕਿੱਲੋ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ 3,100 ਰੁਪਏ ਪ੍ਰਤੀ ਮਹੀਨਾ ਅਤੇ ਗਰੀਬਾਂ ਦੀਆਂ ਧੀਆਂ ਦੇ ਵਿਆਹ ‘ਤੇ ਸ਼ਗਨ ਰਕਮ ਇਕ ਲੱਖ ਰੁਪਏ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ ਅਤੇ ਉਦਯੋਗਾਂ ਵਿੱਚ ਪੰਜਾਬੀ ਨੌਜਵਾਨਾਂ ਲਈ ਨੌਕਰੀਆਂ ਦਾ ਕੋਟਾ 75 ਫ਼ੀਸਦੀ ਰਾਖਵਾਂ ਹੋਵੇਗਾ। ਨੌਜਵਾਨਾਂ ਨੂੰ ਬਿਨਾਂ ਵਿਆਜ 10 ਲੱਖ ਰੁਪਏ ਤਕ ਕਰਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਵਿਦਿਆਰਥੀਆਂ ਲਈ ਪ੍ਰਾਈਵੇਟ ਅਤੇ ਸਰਕਾਰੀ ਇੰਜੀਨੀਅਰਿੰਗ ਤੇ ਮੈਡੀਕਲ ਕਾਲਜਾਂ ਵਿੱਚ ਰਾਖਵੇਂ 50 ਫ਼ੀਸਦੀ ਸੀਟਾਂ ‘ਤੇ ਮੁਫ਼ਤ ਸਿੱਖਿਆ ਦੀ ਜ਼ਿੰਮੇਵਾਰੀ ਸਰਕਾਰ ਲਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਔਰਤਾਂ ਨੂੰ 1,000 ਰੁਪਏ ਮਹੀਨਾ ਦੇਣ ਦਾ ਐਲਾਨ ਚੋਣਾਵੀ ਲਾਭ ਲਈ ਹੈ। “ਜੇ ਸਰਕਾਰ ਗੰਭੀਰ ਹੈ ਤਾਂ ਹਰ ਔਰਤ ਨੂੰ ਬਕਾਇਆ 60,000 ਰੁਪਏ ਤੁਰੰਤ ਜਾਰੀ ਕਰੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਤੋਂ ਬਾਅਦ ਕਲਾਕਾਰਾਂ ਜਾਰਡਨ ਸੰਧੂ ਅਤੇ ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲਈ ਗਈ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਸਾਬਕਾ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਕੇ ਜਿਤਾਉਣ ਦੀ ਅਪੀਲ ਕੀਤੀ, ਜਦੋਂ ਕਿ ਨੌਜਵਾਨ ਆਗੂ ਹਰਿੰਦਰ ਸਿੰਘ ਹਿੰਦਾ ਮਹਿਰਾਜ ਨੂੰ ਪੰਜਾਬ ਅੰਦਰ ਸਰਕਾਰ ਬਣਨ ’ਤੇ ਵਧੀਆ ਤੇ ਵਕਾਰੀ ਅਹੁਦਾ ਦੇ ਸਨਮਾਨ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਮੋਹਨ ਸਿੰਘ ਬੰਗੀ, ਮੋਹਿਤ ਗੁਪਤਾ, ਸਤਨਾਮ ਸਿੰਘ ਭਾਈ ਰੂਪਾ, ਜ਼ਿਲ੍ਹੇ ਜਥੇਦਾਰ ਜਗਸੀਰ ਸਿੰਘ ਕਲਿਆਣ, ਬਲਕਾਰ ਸਿੰਘ ਬਰਾੜ, ਡਾ. ਦਲਜੀਤ ਸਿੰਘ ਗੁਰੂ, ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ, ਲਖਵੀਰ ਸਿੰਘ ਜਵੰਧਾ, ਰਾਕੇਸ ਕੁਮਾਰ ਗੋਇਲ, ਜਗਮੋਹਨ ਲਾਲ ਭਗਤਾ, ਗਗਨਦੀਪ ਸਿੰਘ ਗਰੇਵਾਲ, ਸੁਸੀਲ ਗੋਲਡੀ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।