- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਸਰਪੰਚ ਦੀ ਚੋਣ ਲੋਕਤੰਤਰ ਦੀ ਸਭ ਤੋਂ ਮਹੱਤਵਪੂਰਨ ਅਤੇ ਔਖੀ ਚੋਣਾਂ ਵਿੱਚੋਂ ਇੱਕ ਹੁੰਦੀ ਹੈ ਕਿਉਂਕਿ ਸਰਪੰਚ ਦਾ ਸਿੱਧਾ ਸੰਪਰਕ ਲੋਕਾਂ ਨਾਲ ਹੁੰਦਾ ਹੈ। ਇੱਕ ਚੰਗਾ ਅਤੇ ਦੂਰਅੰਦੇਸ਼ ਸਰਪੰਚ ਪਿੰਡ ਦੀ ਤਸਵੀਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਲਿਆ ਸਕਦਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਵਿਕਾਸ ਅਤੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵਿਕਸਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਇਸਦੇ ਪਿੰਡਾਂ ਨੂੰ ਵੀ ਵਿਕਾਸ ਦੇ ਮਾਡਲ ਵਜੋਂ ਉਭਰਨਾ ਹੋਵੇਗਾ। ਬਠਿੰਡਾ ਵਿਖੇ ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਖੇਤਰਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਹੋਈ ‘ਸਰਪੰਚ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸੂਬੇ ਦੇ ਵਿਕਾਸ ਦੀ ਅਸਲ ਨੀਂਹ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਲੋਕਾਂ ਨੂੰ ਉੱਚ ਪੱਧਰੀ ਸੇਵਾਵਾਂ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਮਿਲਣ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਗ੍ਰਾਂਟਾਂ ਅਤੇ ਵਿਕਾਸ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸਦਾ ਬਰਾਬਰ ਲਾਭ ਮਿਲ ਸਕੇ।
ਇਸ ਮੌਕੇ ਉਨ੍ਹਾੰ ਐਲਾਨ ਕੀਤਾ ਕਿ ਸਰਪੰਚਾਂ ਨੂੰ ਹਰ ਮਹੀਨੇ ਦਸ ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇਗਾ। ਇਸਦੀ ਸ਼ੁਰੂਆਤ 15 ਅਗਸਤ ਤੋਂ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਪੰਚ ਦੀ ਚੋਣ ਲੋਕਤੰਤਰ ਦੀ ਸਭ ਤੋਂ ਮਹੱਤਵਪੂਰਨ ਅਤੇ ਔਖੀ ਚੋਣਾਂ ਵਿੱਚੋਂ ਇੱਕ ਹੁੰਦੀ ਹੈ ਕਿਉਂਕਿ ਸਰਪੰਚ ਦਾ ਸਿੱਧਾ ਸੰਪਰਕ ਲੋਕਾਂ ਨਾਲ ਹੁੰਦਾ ਹੈ। ਇੱਕ ਚੰਗਾ ਅਤੇ ਦੂਰਅੰਦੇਸ਼ ਸਰਪੰਚ ਪਿੰਡ ਦੀ ਤਸਵੀਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਲਿਆ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਪੰਚ ਲੋਕਤੰਤਰ ਦੀ ਨੀਂਹ ਹਨ ਅਤੇ ਉਨ੍ਹਾਂ ਦੇ ਮੋਢਿਆਂ ’ਤੇ ਪਿੰਡਾਂ ਦੇ ਵਿਕਾਸ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਕਈ ਵਾਰ ਵਿਕਾਸ ਲਈ ਜਾਰੀ ਕੀਤੀਆਂ ਗ੍ਰਾਂਟਾਂ ਦਾ ਸਹੀ ਇਸਤੇਮਾਲ ਨਹੀਂ ਹੋ ਸਕਿਆ, ਜਿਸ ਕਾਰਨ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋਇਆ। ਪਰ ਮੌਜੂਦਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਸਮੇਂ ਸਿਰ ਉਪਲਬਧ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਨੂੰ ਵੱਡੇ ਪੱਧਰ ’ਤੇ ਗ੍ਰਾਂਟਾਂ ਮਿਲ ਰਹੀਆਂ ਹਨ ਅਤੇ ਜੇ ਇਹ ਰਕਮ ਸਹੀ ਢੰਗ ਨਾਲ ਖਰਚ ਕੀਤੀ ਗਈ ਤਾਂ ਜਲਦੀ ਹੀ ਪੰਜਾਬ ਦੇ ਪਿੰਡਾਂ ਦੀ ਕਾਇਆ-ਕਲਪ ਹੋ ਜਾਵੇਗੀ।
ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸਲਾਹ ਦਿੱਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤਰਜੀਹ ਦੇ ਆਧਾਰ ’ਤੇ ਸਕੂਲਾਂ, ਲਾਇਬ੍ਰੇਰੀਆਂ, ਕਮਿਊਨਿਟੀ ਸੈਂਟਰਾਂ, ਖੇਡ ਮੈਦਾਨਾਂ ਅਤੇ ਸੋਲਰ ਲਾਈਟਾਂ ਵਰਗੀਆਂ ਯੋਜਨਾਵਾਂ ਨੂੰ ਸ਼ਾਮਲ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਗਿਆਨ ਹੀ ਸਮਾਜ ਦੀ ਤਰੱਕੀ ਦਾ ਸਭ ਤੋਂ ਵੱਡਾ ਆਧਾਰ ਹਨ, ਇਸ ਲਈ ਹਰ ਪਿੰਡ ਵਿੱਚ ਪੜ੍ਹਾਈ ਲਈ ਬਿਹਤਰ ਮਾਹੌਲ ਤਿਆਰ ਕਰਨਾ ਸਮੇਂ ਦੀ ਲੋੜ ਹੈ। ਇਸਦੇ ਨਾਲ ਹੀ ਵਾਤਾਵਰਨ ਦੀ ਸੰਭਾਲ ਲਈ ਵੀ ਪਿੰਡਾਂ ਵਿੱਚ ਹਰਿਆਵਲੀ ਵਧਾਉਣ ਅਤੇ ਸਾਫ਼-ਸੁਥਰਾ ਮਾਹੌਲ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਿੰਚਾਈ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ’ਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਮੁੱਖ ਆਧਾਰ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ। ਨਹਿਰੀ ਪਾਣੀ ਦੀ ਬਿਹਤਰ ਸਪਲਾਈ ਨਾਲ ਨਾ ਸਿਰਫ਼ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ ਸਗੋਂ ਕਿਸਾਨਾਂ ਦੇ ਖਰਚੇ ਵੀ ਘਟਣਗੇ। ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਅਤੇ ਆਪਸੀ ਵਿਵਾਦ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਜਿੱਤ-ਹਾਰ ਚੋਣਾਂ ਤੱਕ ਹੀ ਸੀਮਤ ਰਹਿਣੀ ਚਾਹੀਦੀ ਹੈ। ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਪ੍ਰਤੀਨਿਧੀ ਹੁੰਦਾ ਹੈ ਅਤੇ ਉਸ ਨੂੰ ਹਰ ਵਿਅਕਤੀ ਨਾਲ ਬਰਾਬਰੀ ਦਾ ਵਿਵਹਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਨਾਲ ਹੀ ਪਿੰਡਾਂ ਵਿੱਚ ਵਿਕਾਸ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਵਾਲੇ ਪਿੰਡਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪਿੰਡਾਂ ਨੇ ਭਾਈਚਾਰੇ ਅਤੇ ਏਕਤਾ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਦੀਆਂ ਹਨ।
ਮਹਿਲਾ ਸਰਪੰਚਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ ਸਿਰਫ਼ ਪੰਚਾਇਤੀ ਰਾਜ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਸੂਬਾਈ ਅਤੇ ਕੌਮੀ ਰਾਜਨੀਤੀ ਵਿੱਚ ਵੀ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਆਰਥਿਕ ਮੌਕੇ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਹਿੱਸੇਦਾਰੀ ਹੀ ਅਸਲ ਮਹਿਲਾ ਸਸ਼ਕਤੀਕਰਨ ਦੀ ਕੁੰਜੀ ਹੈ। ਉਨ੍ਹਾਂ ਨੇ ਲੜਕੀਆਂ ਨੂੰ ਅੱਗੇ ਆ ਕੇ ਆਪਣੇ ਆਪ ਨੂੰ ਸਿੱਖਿਆ ਅਤੇ ਕਾਬਲੀਅਤ ਰਾਹੀਂ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।
ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਪੰਚ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਹੱਤਵਪੂਰਨ ਪੁਲ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਹੀ ਪੰਜਾਬ ਦੇ ਪਿੰਡ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਨੂੰ ਦੇਸ਼ ਦਾ ਸਭ ਤੋਂ ਅੱਗੇ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।