ਖਾਲਸਾ ਕਾਲਜ 'ਚ ਕਾਮਰਸ ਕੁਇਜ਼ ਮੁਕਾਬਲਾ ਕਰਵਾਇਆ ਖਾਲਸਾ ਕਾਲਜ 'ਚ ਕਾਮਰਸ ਕੁਇਜ਼ ਮੁਕਾਬਲਾ ਕਰਵਾਇਆ
Publish Date: Tue, 01 Sep 2026 04:24 PM (IST)
Updated Date: Tue, 01 Sep 2026 04:25 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਲਜ ਕਮੇਟੀ ਦੇ ਆਨਰੇਰੀ ਸਕੱਤਰ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਸ਼ੇ ਨਾਲ ਸਬੰਧਤ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕਾਮਰਸ ਦੇ ਵਿਹਾਰਕ ਅਤੇ ਸਮਕਾਲੀ ਪੱਖਾਂ ਨਾਲ ਜੋੜਨਾ ਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਸੀ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ਤੇ ਵੱਖ-ਵੱਖ ਟੀਮਾਂ ਦੇ ਰੂਪ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਕੁਇਜ਼ ਮੁਕਾਬਲੇ ਦੌਰਾਨ ਵਿੱਤੀ ਲੇਖਾਕਾਰੀ, ਬਿਜ਼ਨਸ ਸਟੱਡੀਜ਼, ਅਰਥ ਸ਼ਾਸਤਰ, ਬੈਂਕਿੰਗ, ਬੀਮਾ, ਵਿੱਤੀ ਬਾਜ਼ਾਰ, ਸ਼ੇਅਰ ਬਾਜ਼ਾਰ, ਟੈਕਸੇਸ਼ਨ, ਜੀ.ਐੱਸ.ਟੀ., ਮਾਰਕੀਟਿੰਗ, ਉਦਮਿਤਾ ਅਤੇ ਵਪਾਰਕ ਜਾਗਰੂਕਤਾ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਪ੍ਰਸ਼ਨਾਂ ਨੂੰ ਵੱਖ-ਵੱਖ ਰਾਊਂਡਾਂ ਵਿਚ ਵੰਡਿਆ ਗਿਆ, ਜਿਸ ਕਾਰਨ ਮੁਕਾਬਲਾ ਹੋਰ ਵੀ ਦਿਲਚਸਪ ਅਤੇ ਗਿਆਨਵਰਧਕ ਬਣਿਆ। ਵਿਦਿਆਰਥੀਆਂ ਨੇ ਤੇਜ਼ੀ ਨਾਲ ਪ੍ਰਸ਼ਨਾਂ ਦੇ ਉੱਤਰ ਦਿੰਦਿਆਂ ਆਪਣੀ ਹਾਜ਼ਰ-ਜਵਾਬੀ ਅਤੇ ਵਿਸ਼ੇ ਸੰਬੰਧੀ ਪਕੜ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਾਮਰਸ ਵਿਭਾਗ ਵੱਲੋਂ ਕਰਵਾਈ ਗਈ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਅਕਾਦਮਿਕ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੀਆਂ ਹਨ। ਕੁਇਜ਼ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਤੁਰੰਤ ਫੈਸਲਾ ਲੈਣ ਦੀ ਸਮਰੱਥਾ, ਟੀਮ ਵਰਕ ਅਤੇ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਾਮਰਸ ਵਿਭਾਗ ਦੇ ਅਧਿਆਪਕਾਂ ਨੂੰ ਅਜਿਹੀਆਂ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਲਗਾਤਾਰ ਕਰਵਾਉਣ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਅੰਤ ਵਿਚ ਜੇਤੂ ਟੀਮਾਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਮਰਸ ਵਿਭਾਗ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।