ਤਿੰਨ ਪਵਿੱਤਰ ਸ਼ਹਿਰਾਂ ਵਿਚ ਮੀਟ ਦੀ ਵਿਕਰੀ ’ਤੇ ਪੂਰਨ ਪਾਬੰਦੀ ਤਿੰਨ ਪਵਿੱਤਰ ਸ਼ਹਿਰਾਂ ਵਿਚ ਮੀਟ ਦੀ ਵਿਕਰੀ ’ਤੇ ਪੂਰਨ ਪਾਬੰਦੀ
Publish Date: Thu, 10 Sep 2026 07:53 PM (IST)
Updated Date: Fri, 11 Sep 2026 04:08 AM (IST)
ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਤਲਵੰਡੀ ਸਾਬੋ ਦੀ ਨਗਰ ਪਾਲਿਕਾ ਹੱਦ ’ਚ ਲਾਗੂ ਹੋਵੇਗੀ ਪਾਬੰਦੀ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਤਿੰਨ ਪਵਿੱਤਰ ਸ਼ਹਿਰਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਵਿਚ ਮੀਟ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਹੁਕਮਾਂ ਤਹਿਤ ਤਲਵੰਡੀ ਸਾਬੋ ਵਿਚ ਪਾਬੰਦੀ ਨਗਰ ਪਾਲਿਕਾ ਦੀਆਂ ਨਿਰਧਾਰਤ ਹੱਦਾਂ ਅੰਦਰ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਹੁਣ ਸਰਕਾਰ ਵੱਲੋਂ ਇਨ੍ਹਾਂ ਪਵਿੱਤਰ ਸ਼ਹਿਰਾਂ ਦੀਆਂ ਨਿਰਧਾਰਤ ਹੱਦਾਂ ਵਿਚ ਮੀਟ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਸਬੰਧੀ ਅੱਜ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿਚ ਸਬੰਧਤ ਕਾਨੂੰਨਾਂ ਅਤੇ ਨਿਯਮਾਂ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਸਬੰਧੀ ਜਦੋਂ ਤਲਵੰਡੀ ਸਾਬੋ ਦੀ ਐੱਸਡੀਐੱਮ ਮੈਡਮ ਵੀਰਪਾਲ ਕੌਰ ਨਾਲ ਫੋਨ ’ਤੇ ਸੰਪਰਕ ਕਰਕੇ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਉਪਰੰਤ ਤਲਵੰਡੀ ਸਾਬੋ ਦੇ ਡੀਐਸਪੀ ਜਸਜੋਤ ਸਿੰਘ ਨਾਲ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤਲਵੰਡੀ ਸਾਬੋ ਦੀ ਨਿਰਧਾਰਤ ਹੱਦ ਅੰਦਰ ਮੀਟ ਦੀਆਂ ਦੁਕਾਨਾਂ ਸਬੰਧੀ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਥਾਣੇ ਤੋਂ ਵੀ ਤਸਦੀਕ ਕਰਵਾਈ ਜਾਵੇਗੀ। ਜੇਕਰ ਪਾਬੰਦੀ ਦੀ ਉਲੰਘਣਾ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।