ਦਲਜੀਤ ਸਿੰਘ ਭੱਟੀ, ਰਾਮਪੁਰਾ ਫੂਲ : ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਪੱਧਰੀ ਜਬਰਦਸਤ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਯੂਥ ਆਗੂ ਸਾਬਕਾ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਗੁਰਪ੍ਰਰੀਤ ਸਿੰਘ ਮਲੂਕਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਜੋ ਵਾਅਦੇ ਕੀਤੇ ਸਨ, ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਘਰ ਘਰ ਨੌਕਰੀ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ, ਗਰੀਬ ਲੜਕੀਆਂ ਦੇ 51000 ਹਜ਼ਾਰ ਸ਼ਗਨ ਸਕੀਮ, ਮਹਿੰਗੀ ਬਿਜਲੀ, ਕੇਂਦਰ ਦੀ ਤਰਜ 'ਤੇ ਮਹਿੰਗੇ ਡੀਜ਼ਲ ਪੈਟਰੋਲ ਅਤੇ ਸੂਬੇ ਅੰਦਰ ਵਿਗੜਦੀ ਕਾਨੂੰਨ ਅਵਸਥਾ ਦੇ ਖ਼ਿਲਾਫ਼ ਲੋਕਾਂ ਦੇ ਅੰਦਰ ਸਖਤ ਰੋਸ ਹੈ, ਜਿਸ ਲਈ ਪਾਰਟੀ ਵੱਲੋਂ ਅੱਜ ਹਲਕਾ ਪੱਧਰੀ ਧਰਨਾ ਪ੍ਰਦਰਸ਼ਨ ਦੇ ਉਪਰੰਤ ਐਸਡੀਐਮ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਅਕਾਲੀ ਦਲ ਵਲੋਂ ਦਿੱਤੀਆਂ ਗਈਆਂ ਅਨੇਕਾਂ ਸਹੂਲਤਾਂ ਨੂੰ ਬੰਦ ਕਰ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਉਹ 2022 ਦੀਆ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ, ਅਮਨ ਪਸੰਦ ਲੋਕਾਂ ਨੂੰ ਇਸ ਧਰਨੇ ਅੰਦਰ ਸ਼ਾਮਲ ਹੋਣ ਦੀ ਅਪੀਲ ਕੀਤੀ।