ਗੁਰਤੇਜ ਸਿੰਘ ਸਿੱਧੂ, ਬਠਿੰਡਾ : ਕਾਂਗਰਸ ਪਾਰਟੀ ਨੇ ਅੱਜ 86 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਬਠਿੰਡਾ ਜ਼ਿਲ੍ਹੇ ਦੇ ਸਾਰੇ ਛੇ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤੇ ਹਨ। ਕਾਂਗਰਸ ਪਾਰਟੀ ਨੇ ਹਲਕਾ ਮੌੜ ਮੰਡੀ ਨੂੰ ਛੱਡ ਕੇ ਬਾਕੀ ਪੰਜ ਵਿਧਾਨ ਸਭਾ ਹਲਕਿਆਂ ਤੋਂ ਪੁਰਾਣੇ ਉਮੀਦਵਾਰਾਂ ’ਤੇ ਹੀ ਦਾਅ ਖੇਡਿਆ ਹੈ। ਸਾਲ 2017 ਦੀਆਂ ਚੋਣਾਂ ਵਿਚ ਮੌੜ ਹਲਕੇ ਤੋਂ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਚੋਣ ਲੜੀ ਸੀ, ਪਰ ਇਸ ਵਾਰ ਉਹ ਹਲਕਾ ਤਲਵੰਡੀ ਸਾਬੋ ਤੋਂ ਟਿਕਟ ਮੰਗ ਰਹੇ ਸਨ। ਮੌੜ ਵਿਧਾਨ ਸਭਾ ਹਲਕੇ ਤੋਂ 2017 ਵਿਚ ਆਪ ਦੀ ਟਿਕਟ ’ਤੇ ਚੋਣ ਜਿੱਤਣ ਵਾਲੇ ਵਿਧਾਇਕ ਜਗਦੇਵ ਸਿੰਘ ਕਮਾਲੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਇੱਥੋਂ ਚੋਣ ਲੜਨਾ ਚਾਹੁੰਦੇ ਸਨ ਪਰ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਦੀ ਟਿਕਟ ਕੱਟ ਕੇ ਜ਼ਿਲ੍ਹਾ ਕਾਂਗਰਸ ਮਾਨਸਾ ਦੀ ਪ੍ਰਧਾਨ ਡਾ. ਮੰਜੂ ਬਾਂਸਲ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਦੂਜੀ ਚਰਚਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੀ ਚੱਲ ਰਹੀ ਸੀ ਜਿੱਥੋਂ ਕਾਂਗਰਸੀ ਆਗੂ ਹਰਵਿੰਦਰ ਸਿੰਘ ਲਾਡੀ ਨੂੰ ਕਾਂਗਰਸ ਪਾਰਟੀ ਨੇ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਛੱਤੀ ਦਾ ਅੰਕੜਾ ਚਲਦਾ ਹੋਣ ਕਾਰਨ ਉਨ੍ਹਾਂ ਦੀ ਟਿਕਟ ਕੱਟੇ ਜਾਣ ਦੇ ਚਰਚੇ ਚੱਲ ਰਹੇ ਸਨ, ਪਰ ਪਿਛਲੇ ਮਹੀਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲਾਡੀ ਦੇ ਹੱਕ ਵਿਚ ਕੀਤੀ ਰੈਲੀ ਦੌਰਾਨ ਇਕ ਤਰ੍ਹਾਂ ਨਾਲ ਉਨ੍ਹਾਂ ਦਾ ਬਠਿੰਡਾ ਦਿਹਾਤੀ ਹਲਕੇ ਤੋਂ ਐਲਾਨ ਕਰ ਦਿੱਤਾ ਸੀ। ਕਾਂਗਰਸ ਪਾਰਟੀ ਨੇ ਰਾਮਪੁਰਾ ਫੂਲ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ’ਤੇ ਮੁਡ਼ ਦਾਅ ਖੇਡਿਆ ਹੈ, ਜਦੋਂ ਕਿ ਭੁੱਚੋ ਮੰਡੀ ਰਾਖਵੇਂ ਹਲਕੇ ਤੋਂ ਮੁੜ ਪ੍ਰੀਤਮ ਸਿੰਘ ਕੋਟਭਾਈ ਨੂੰ ਟਿਕਟ ਦਿੱਤੀ ਹੈ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਮੁੜ ਖੁਸ਼ਬਾਜ ਸਿੰਘ ਜਟਾਣਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਹਲਕੇ ਤੋਂ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਵੀ ਟਿਕਟ ਦੀ ਮੰਗ ਕਰ ਰਹੇ ਸਨ। ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸ ਪਾਰਟੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੁੜ ਉਮੀਦਵਾਰ ਬਣਾਇਆ ਹੈ।

ਹਰਮੰਦਰ ਸਿੰਘ ਜੱਸੀ ਦੀ ਟਿਕਟ ਕੱਟੀ

ਕਾਂਗਰਸ ਪਾਰਟੀ ਨੇ ਇਸ ਵਾਰ ਤਲਵੰਡੀ ਸਾਬੋ ਤੋਂ ਟਿਕਟ ਮੰਗ ਰਹੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੀ ਟਿਕਟ ਕੱਟ ਦਿੱਤੀ ਹੈ। ਇਸ ਤੋਂ ਇਲਾਵਾ ਮੌੜ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੂੰ ਵੀ ਟਿਕਟ ਕਾਂਗਰਸ ਪਾਰਟੀ ਵੱਲੋਂ ਨਹੀਂ ਦਿੱਤੀ ਗਈ।

Posted By: Seema Anand