ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਕਾਂਗਰਸ ਨੇ ਖਿੱਚੀ ਤਿਆਰੀ, ਡੈਣੀ ਨੇ ਬਠਿੰਡਾ ਵਿੱਚ ਵਰਕਰਾਂ ਦੀਆਂ ਲਾਈਆਂ ਡਿਊਟੀਆਂ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਕਾਂਗਰਸ ਨੇ ਖਿੱਚੀ ਤਿਆਰੀ, ਡੈਣੀ ਨੇ ਬਠਿੰਡਾ ਵਿੱਚ ਵਰਕਰਾਂ ਦੀਆਂ ਲਾਈਆਂ ਡਿਊਟੀਆਂ
Publish Date: Wed, 28 Oct 2026 04:45 PM (IST)
Updated Date: Wed, 28 Oct 2026 04:46 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਕਾਂਗਰਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਬੰਧ ਵਿਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਣੀ ਵਿਸ਼ੇਸ਼ ਤੌਰ ’ਤੇ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਪ੍ਰੈੱਸ ਕਾਨਫਰੰਸ ਦੌਰਾਨ ਡੈਣੀ ਨੇ ਕਿਹਾ ਕਿ ਸੰਗਰੂਰ ਦੀ ਰੈਲੀ ਸ਼ਾਨਦਾਰ ਹੋਵੇਗੀ ਅਤੇ ਇਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਪਿੱਛੇ ਮਿਹਨਤੀ ਵਰਕਰਾਂ ਦਾ ਵੱਡਾ ਯੋਗਦਾਨ ਹੈ। ਕਾਂਗਰਸ ਦੀ ਸਰਕਾਰ ਬਣਨ ’ਤੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦਿੱਤੀ ਜਾਵੇਗੀ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਡੈਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ, ਅਪਰਾਧਿਕ ਘਟਨਾਵਾਂ ਵਧ ਰਹੀਆਂ ਹਨ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਡੈਣੀ ਨੇ ਪੰਜਾਬ ਸਰਕਾਰ ਦੀ ਮੁਫ਼ਤ ਤੀਰਥ ਯਾਤਰਾ ਯੋਜਨਾ ’ਤੇ ਵੀ ਸਵਾਲ ਚੁੱਕਦਿਆਂ ਇਸ ਨੂੰ ਸਰਕਾਰੀ ਖ਼ਜ਼ਾਨੇ ’ਤੇ ਵਾਧੂ ਬੋਝ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਯੋਜਨਾ ਰਾਹੀਂ ਹੋਰਨਾਂ ਸੂਬਿਆਂ ਦੀਆਂ ਬੱਸਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਲੋਕਾਂ ਦੇ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਰਨ ਦੀ ਅਪੀਲ ਕੀਤੀ। ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਕਾਰਵਾਈ ਬਾਰੇ ਬੋਲਦਿਆਂ ਡੈਣੀ ਨੇ ਇਸ ਨੂੰ ਸਿਆਸੀ ਰੰਜਿਸ਼ ਦਾ ਨਤੀਜਾ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਲੋਕਤੰਤਰੀ ਪ੍ਰਣਾਲੀ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸੰਗਰੂਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਸਾਰੇ ਆਗੂ ਤੇ ਵਰਕਰ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਖ਼ੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕੇ.ਕੇ. ਅਗਰਵਾਲ, ਦਰਸ਼ਨ ਸਿੰਘ ਜੀਦਾ, ਟਹਿਲ ਸਿੰਘ ਸੰਧੂ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਰੁਪਿੰਦਰ ਬਿੰਦਰਾ, ਭੁਪਿੰਦਰ ਸਿੰਘ ਗੋਰਾ, ਅਰੁਣ ਵਧਾਵਣ, ਕਿਰਨਜੀਤ ਸਿੰਘ ਗੈਹਰੀ, ਹਰਪਾਲ ਬਾਜਵਾ, ਸੁਨੀਲ ਕੁਮਾਰ, ਮਾਧਵ ਸ਼ਰਮਾ, ਭਗਵਾਨ ਦਾਸ ਭਾਰਤੀ, ਸੁਰੇਸ਼ ਚੌਹਾਨ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।