ਕਾਂਗਰਸ ਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਕਾਂਗਰਸ ਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਕੀਤਾ ਰੋਸ ਪ੍ਰਦਰਸ਼ਨ
Publish Date: Tue, 22 Sep 2026 04:53 PM (IST)
Updated Date: Tue, 22 Sep 2026 04:54 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਖਜ਼ਾਨਾ ਮੰਤਰੀ ਹਰਪਾਲ ਸਿੰਘ ਨੂੰ ਨਸ਼ਿਆਂ ਦੇ ਮਾਮਲੇ ’ਤੇ ਸਵਾਲ ਪੁੱਛਣ ਕਰਕੇ ਜਾਨ ਗਵਾਉਣ ਵਾਲੇ ਗੁਲਜਾਰ ਸਿੰਘ ਤੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਵਿਖਾ ਕੇ ਵਿਰੋਧ ਕਰਨ ਵਾਲੇ ਮੋਹਨਜੀਤ ਸਿੰਘ ਨਾਲ ਹੋਈ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਕਾਂਗਰਸ ਵੱਲੋਂ ਜਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕੀਤੇ ਗਏ ਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਅਤੇ ਸ਼ਹਿਰੀ ਵੱਲੋਂ ਸਾਂਝੇ ਤੌਰ ’ਤੇ ਐਸਐਸਪੀ ਦਫਤਰ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸ ਦੇ ਵਰਕਰ ਅਤੇ ਅਹੁਦੇਦਾਰ ਸ਼ਾਮਲ ਹੋਏ। ਇਸ ਮੌਕੇ ਭਰਵੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਨਸ਼ਿਆਂ ਤੇ ਡਰਾਮੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਤੇ ਪਰਚਾ ਦਰਜ ਕਰਕੇ ਉਸਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢ ਕੇ ਗ੍ਰਿਫਤਾਰ ਕਰਨਾ ਚਾਹੀਦਾ ਹੈ, ਕਿਉਂਕਿ ਉਸਦੀ ਰੈਲੀ ਵਿੱਚ ਨਸ਼ਿਆਂ ਦੇ ਮਾਮਲੇ ਤੇ ਸਵਾਲ ਪੁੱਛਣ ਕਰਕੇ ਗੁਲਜਾਰ ਸਿੰਘ ਨੂੰ ਆਵਦੀ ਜਾਨ ਗਵਾਉਣੀ ਪਈ। ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਨੂੰ ਨਸ਼ਿਆਂ ਤੇ ਸਵਾਲ ਕਰਨ ਵਾਲੇ ਮੋਹਨਜੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਹੋਈ, ਜਿਸ ਤੋਂ ਮਾਨ ਸਰਕਾਰ ਦਾ ਨਸ਼ਾ ਵਿਰੋਧੀ ਦੋਗਲਾ ਚਿਹਰਾ ਸਾਹਮਣੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਮਾੜੇ ਹਨ, ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਨਿਕਲ ਚੁੱਕੀ ਹੈ, ਲੁੱਟਾਂ ਖੋਹਾਂ, ਕਤਲ ,ਡਕੈਤੀਆਂ ਹੋ ਰਹੀਆਂ ਹਨ, ਗੈਂਗਸਟਰਾਂ ਵੱਲੋਂ ਸ਼ਰੇਆਮ ਫਾਇਰਿੰਗ ਕੀਤੀ ਜਾ ਰਹੀ ਹੈ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜੇਲ੍ਹਾਂ ਵਿਚੋਂ ਸਰਕਾਰ ਚਲਾਈ ਜਾ ਰਹੀ ਆ, ਪੁਲਿਸ ਬੇਬਸ ਦਿਖਾਈ ਦੇ ਰਹੀ ਹੈ। ਇਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦਾ ਵੀ ਕਤਲ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਦਿਖਾਈ ਦੇ ਰਹੀ ਹੈ, ਇਸ ਲਈ ਨੈਤਿਕਤਾ ਦੇ ਅਧਾਰ ਤੇ ਮੁੱਖ ਮੰਤਰੀ ਨੂੰ ਸਰਕਾਰ ਤੋਂ ਪਾਸੇ ਹੋਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਬਠਿੰਡਾ ’ਚ ਵਾਪਰ ਰਹੀਆਂ ਵੱਡੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਨੱਥ ਪਾਉਣ ਦੀ ਸਲਾਹ ਦਿੱਤੀ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਅੰਮ੍ਰਿਤ ਗਿੱਲ, ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਦਰਸ਼ਨ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖਾ, ਕਿਰਨਜੀਤ ਸਿੰਘ ਗਹਿਰੀ, ਨੱਥੂਰਾਮ, ਹਰਪਾਲ ਬਾਜਵਾ, ਸੁਰਜੀਤ ਮੋਖਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਸੁਨੀਲ ਕੁਮਾਰ, ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਹਾਜ਼ਰ ਸਨ।