ਬਿਜਲੀ ਦੇ ਕੱਟਾਂ ਨੂੰ ਲੈ ਕੇ ਕਾਂਗਰਸ ਨੇ ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
ਬਿਜਲੀ ਦੇ ਕੱਟਾਂ ਨੂੰ ਲੈ ਕੇ ਕਾਂਗਰਸ ਨੇ ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Publish Date: Sun, 13 Sep 2026 04:47 PM (IST)
Updated Date: Sun, 13 Sep 2026 04:50 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ ਹਲਕਾ ਭੁੱਚੋ ਮੰਡੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਸਰਦਾਰ ਪ੍ਰੀਤਮ ਸਿੰਘ ਕੋਟ ਭਾਈ ਦੀ ਅਗਵਾਈ ਹੇਠ ਯੂਥ ਕਾਂਗਰਸ ਬਲਾਕ ਪ੍ਰਧਾਨ ਪਰਿੰਦਰ ਪੈਵੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪਰਿੰਦਰ ਪੈਵੀ ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ ਅਤੇ ਗਰੰਟੀਆਂ ਦੇ ਕੇ ਸੱਤਾ ਵਿਚ ਆਈ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਹਲਕਾ ਭੁੱਚੋ ਮੰਡੀ ਵਿਚ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਪੈਵੀ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਲੈਣਗੇ ਅਤੇ ‘ਆਪ’ ਸਰਕਾਰ ਨੂੰ ਸਬਕ ਸਿਖਾਉਣਗੇ।