ਮਲਕਾਣਾ ਤੋਂ ਤੰਗਰਾਲੀ ਜਾਣ ਵਾਲੀ ਸੜਕ ਦਾ ਨਿਰਮਾਣ ਸ਼ੁਰੂ ਮਲਕਾਣਾ ਤੋਂ ਤੰਗਰਾਲੀ ਜਾਣ ਵਾਲੀ ਸੜਕ ਦਾ ਨਿਰਮਾਣ ਸ਼ੁਰੂ
Publish Date: Fri, 23 Oct 2026 06:15 PM (IST)
Updated Date: Sat, 24 Oct 2026 04:01 AM (IST)
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ ਕੀਤਾ ਧੰਨਵਾਦ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾ ਮੰਡੀ : ਪਿੰਡ ਮਲਕਾਣਾ ਤੋਂ ਤੰਗਰਾਲੀ ਪਿੰਡ ਨੂੰ ਜਾਣ ਵਾਲੀ ਕੱਚੀ ਸੜਕ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸੜਕ ਦੇ ਬਣਨ ਨਾਲ ਜਿੱਥੇ ਤੰਗਰਾਲੀ ਪਿੰਡ ਨੂੰ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ, ਉੱਥੇ ਹੀ ਮਲਕਾਣਾ ਤੋਂ ਆਪਣੇ ਖੇਤਾਂ ਵੱਲ ਜਾਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਘੱਟ ਹੋਣਗੀਆਂ। ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਣ ਦੀ ਆਸ ਜਾਗੀ ਹੈ। ਇਸ ਮੌਕੇ ਮਲਕਾਣਾ ਦੇ ਗੁਰਜੰਟ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਸਹੂਲਤ ਮਿਲੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕ ਦੀ ਸੰਭਾਲ ਵੱਲ ਧਿਆਨ ਦੇਣ ਅਤੇ ਇਸ ਦੀ ਸਾਂਭ-ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਸਬੰਧਤ ਮਹਿਕਮੇ ਦੇ ਜੇਈ ਜਸ਼ਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਸੜਕ 10 ਫੁੱਟ ਚੌੜੀ ਬਣਾਈ ਜਾ ਰਹੀ ਹੈ ਅਤੇ ਇਸ ਦੇ ਨਿਰਮਾਣ ਵਿਚ ਮਜ਼ਬੂਤੀ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸੜਕ ਦੇ ਨਿਰਮਾਣ ਤੋਂ ਬਾਅਦ ਪੰਜ ਸਾਲਾਂ ਦੇ ਅੰਦਰ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਠੇਕੇਦਾਰ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਇਸ ਦੀ ਮੁੜ ਮੁਰੰਮਤ ਕਰਵਾਏਗਾ। ਪਹਿਲਾਂ ਕੱਚਾ ਰਸਤਾ ਹੋਣ ਕਾਰਨ ਤੰਗਰਾਲੀ ਜਾਣ ਵਾਲੇ ਲੋਕਾਂ ਅਤੇ ਮਲਕਾਣਾ ਦੇ ਖੇਤਾਂ ਵੱਲ ਜਾਣ ਵਾਲੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਵਿਚ ਆਵਾਜਾਈ ਸੁਖਾਲੀ ਹੋਵੇਗੀ।