ਪੰਜਾਬੀ ’ਵਰਸਿਟੀ ਖ਼ਿਲਾਫ਼ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਤੇਜ਼ ਪੰਜਾਬੀ ਯੂਨੀਵਰਸਿਟੀ ਖ਼ਿਲਾਫ਼ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਹੋਇਆ ਤੇਜ਼
Publish Date: Wed, 09 Sep 2026 07:47 PM (IST)
Updated Date: Thu, 10 Sep 2026 04:05 AM (IST)
* ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਫੋਟੋ : 5 ਕੈਪਸ਼ਨ : ਪੰਜਾਬੀ ਯੂਨੀਵਰਸਿਟੀ ਦਾ ਬਾਹਰੀ ਦਿ੍ਸ਼। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਕਾਂਸਟੀਚੁਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰੀਜ਼ਨਲ ਸੈਂਟਰਾਂ ’ਚ ਪਿਛਲੇ 15 ਤੋਂ 20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਅਤੇ ਬਰਾਬਰ ਕੰਮ ਦੇ ਬਦਲੇ ਬਰਾਬਰ ਹੱਕ ਨਾ ਦੇਣ ਦੇ ਦੋਸ਼ ਲਗਾਉਂਦਿਆਂ ਆਪਣੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਹੈ। ਕੰਟਰੈਕਟ ਅਧਿਆਪਕਾਂ ਅਨੁਸਾਰ ਉਹ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਚੋਣ ਪ੍ਰਕਿਰਿਆ ਰਾਹੀਂ ਨਿਯੁਕਤ ਹੋਏ ਹਨ ਅਤੇ ਨਿਯੁਕਤੀ ਤੋਂ ਪਹਿਲਾਂ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਗਈ ਸੀ। ਇਹ ਅਧਿਆਪਕ ਰੈਗੂਲਰ ਅਧਿਆਪਕਾਂ ਵਾਂਗ ਪਿਛਲੇ ਲੰਮੇ ਸਮੇਂ ਤੋਂ ਅਧਿਆਪਨ ਦੇ ਨਾਲ-ਨਾਲ ਵਿਭਾਗਾਂ ਅਤੇ ਕਾਲਜਾਂ ਦੇ ਵੱਖ-ਵੱਖ ਸਹਿ-ਵਿਦਿਅਕ ਅਤੇ ਹੋਰ ਕਾਰਜ ਵੀ ਤਨਦੇਹੀ ਨਾਲ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਨਵੰਬਰ 2022 ਵਿੱਚ ਯੂਜੀਸੀ ਰੈਗੂਲੇਸ਼ਨ-2018 ਨੂੰ ਸਿੰਡੀਕੇਟ ਵਿੱਚ ਪਾਸ ਕੀਤਾ ਗਿਆ ਸੀ। ਵੱਖ-ਵੱਖ ਅਧਿਆਪਕ ਵਰਗਾਂ ਉੱਪਰ ਇਹ ਰੈਗੂਲੇਸ਼ਨ ਲਾਗੂ ਕਰ ਦਿੱਤਾ ਗਿਆ, ਪਰ ਕੰਟਰੈਕਟ ਅਧਿਆਪਕਾਂ ਨੂੰ ਇਸ ਦੇ ਲਾਭ ਤੋਂ ਬਾਹਰ ਰੱਖਿਆ ਗਿਆ। ਅਧਿਆਪਕਾਂ ਵੱਲੋਂ ਕਈ ਵਾਰ ਯੂਨੀਵਰਸਿਟੀ ਅਥਾਰਟੀ ਨਾਲ ਮੁਲਾਕਾਤ ਕਰਕੇ ਇਸ ਰੈਗੂਲੇਸ਼ਨ ਨੂੰ ਉਨ੍ਹਾਂ ’ਤੇ ਵੀ ਲਾਗੂ ਕਰਨ ਦੀ ਮੰਗ ਕੀਤੀ ਗਈ, ਪਰ ਹਰ ਵਾਰ ਉਨ੍ਹਾਂ ਨੂੰ ਭਰੋਸੇ ਅਤੇ ਲਾਰੇ ਹੀ ਮਿਲੇ। ਕੰਟਰੈਕਟ ਅਧਿਆਪਕਾਂ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਰਵੱਈਏ ਤੋਂ ਤੰਗ ਆ ਕੇ ਉਨ੍ਹਾਂ ਨੂੰ ਅਦਾਲਤ ਦਾ ਰੁੱਖ ਕਰਨਾ ਪਿਆ। ਅਪ੍ਰੈਲ 2026 ਵਿੱਚ ਅਦਾਲਤ ਵੱਲੋਂ ਕੰਟਰੈਕਟ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਸੁਣਾਏ ਜਾਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਨੂੰ ਲਾਗੂ ਕਰਨ ਵਿੱਚ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਆਪਣੀਆਂ ਮੰਗਾਂ ਸਬੰਧੀ ਅਥਾਰਟੀ ਨਾਲ ਗੱਲਬਾਤ ਕਰਨ ਗਏ ਵਫ਼ਦ ਨਾਲ ਵੀ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ। ਇਸ ਦੇ ਰੋਸ ਵਜੋਂ ਕੰਟਰੈਕਟ ਅਧਿਆਪਕਾਂ ਵੱਲੋਂ 18 ਅਗਸਤ 2026 ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਲਗਾਇਆ ਹੋਇਆ ਹੈ, ਜੋ ਲਗਾਤਾਰ ਜਾਰੀ ਹੈ। ਰੀਜਨਲ ਸੈਂਟਰ ਬਠਿੰਡਾ ਦੇ ਕੰਟਰੈਕਟ ਅਧਿਆਪਕ ਡਾ. ਮਨਦੀਪ ਕੌਰ, ਪ੍ਰੋ. ਅਰਸ਼ਪ੍ਰੀਤ ਕੌਰ, ਡਾ. ਰਵਿੰਦਰ ਸਿੰਘ, ਡਾ. ਕੰਵਲ ਜਗਜੀਤ ਸਿੰਘ, ਡਾ. ਅੰਜਨਾ ਅਤੇ ਪ੍ਰੋ. ਅਰੁਣ ਕੁਮਾਰ ਨੇ ਇਸ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਕਟਾ ਯੂਨੀਅਨ ਵੱਲੋਂ ਕੰਟਰੈਕਟ ਅਧਿਆਪਕਾਂ ਦੇ ਹੱਕਾਂ ਅਤੇ ਸਵੈਮਾਨ ਦੀ ਬਹਾਲੀ ਲਈ ਕੀਤੇ ਜਾ ਰਹੇ ਧਰਨਿਆਂ, ਰੈਲੀਆਂ ਅਤੇ ਪ੍ਰਦਰਸ਼ਨਾਂ ਵਿੱਚ ਉਹ ਪੂਰੀ ਤਰ੍ਹਾਂ ਇਕਜੁੱਟ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੰਟਰੈਕਟ ਅਧਿਆਪਕਾਂ ਦੀਆਂ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਅਥਾਰਟੀ ਤੋਂ ਮੰਗ ਕੀਤੀ ਕਿ ਮਸਲੇ ਦਾ ਤੁਰੰਤ ਹੱਲ ਕਰਕੇ ਕੰਟਰੈਕਟ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ।