- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਯੁਕਤੀ ਪੱਤਰਾਂ ’ਤੇ ਰੋਕ ਤੋਂ ਭੜਕੇ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪੁਤਲਾ ਫੂਕਿਆ

ਹਰਮੇਲ ਸਾਗਰ, ਪੰਜਾਬੀ ਜਾਗਰਣ
ਭੁੱਚੋ ਮੰਡੀ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਸਿਵਲ ਸਰਕਲ ਵਿਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਆਫ਼ਰ ਲੈਟਰ ਜਾਰੀ ਹੋਣ ਦੇ ਬਾਵਜੂਦ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਮੁੱਖ ਗੇਟ ’ਤੇ ਰੈਲੀ ਕਰਨ ਉਪਰੰਤ ਨੈਸ਼ਨਲ ਹਾਈਵੇ-7 ਦੀ ਸਰਵਿਸ ਰੋਡ ’ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਨਿਯੁਕਤੀ ਪੱਤਰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ, ਜਨਰਲ ਸਕੱਤਰ ਜਗਸੀਰ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਹਰਦੀਪ ਤੱਗੜ ਤੇ ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਥਰਮਲ ਪਲਾਂਟ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮ ਆਪਣੇ ਰੁਜ਼ਗਾਰ ਦੀ ਸੁਰੱਖਿਆ ਅਤੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਵਿਭਾਗ ਵਿਚ ਮਰਜ ਕਰਨ ਦਾ ਫ਼ੈਸਲਾ ਲਿਆ ਗਿਆ ਸੀ।ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਫ਼ੈਸਲੇ ਤਹਿਤ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਆਫ਼ਰ ਲੈਟਰ ਵੀ ਜਾਰੀ ਕਰ ਦਿੱਤੇ ਗਏ ਸਨ, ਪਰ ਹੁਣ ਨਿਯੁਕਤੀ ਪੱਤਰ ਜਾਰੀ ਕਰਨ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀ ਇਸ ਮੰਗ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 22 ਅਕਤੂਬਰ ਨੂੰ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਰੁਜ਼ਗਾਰ ਦੀ ਸੁਰੱਖਿਆ ਲਈ ਸੰਘਰਸ਼ ਜਾਰੀ ਰੱਖਣਗੇ।