ਮੁੱਖ ਮੰਤਰੀ ਵੱਲੋਂ ਮੀਟਿੰਗ ਨਾ ਕਰਨ ਖਿਲਾਫ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ ਮੁੱਖ ਮੰਤਰੀ ਵੱਲੋਂ ਮੀਟਿੰਗ ਨਾ ਕਰਨ ਖਿਲਾਫ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ
Publish Date: Sat, 29 Aug 2026 04:28 PM (IST)
Updated Date: Sat, 29 Aug 2026 04:31 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਨਾ ਕਰਨ ਦੇ ਵਿਰੋਧ ਵਿਚ ਮੁਲਾਜ਼ਮਾਂ ਦਾ ਰੋਸ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਤੋਂ ਬਾਅਦ 27 ਅਗਸਤ ਨੂੰ ਪੰਜਾਬ ਦੀ ਮੁਲਾਜ਼ਮ ਲੀਡਰਸ਼ਿਪ ਨੂੰ ਮੀਟਿੰਗ ਲਈ ਬੁਲਾਏ ਜਾਣ ਦੇ ਬਾਵਜੂਦ ਮੀਟਿੰਗ ਨਾ ਕਰਨ ਦੇ ਵਿਰੋਧ ਵਿਚ ਅੱਜ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸਬੰਧੀ ਜਾਰੀ ਕੀਤੇ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਬਿਆਨ ਜਾਰੀ ਕਰਦਿਆਂ ਅਧਿਆਪਕ ਆਗੂਆਂ ਜਗਪਾਲ ਬੰਗੀ, ਬਲਜਿੰਦਰ ਸਿੰਘ, ਰਾਜਵੀਰ ਸਿੰਘ ਮਾਨ, ਬਲਦੇਵ ਸਿੰਘ, ਜਗਸੀਰ ਸਿੰਘ ਸਹੋਤਾ, ਗੁਰਜੀਤ ਸਿੰਘ ਜੱਸੀ, ਕੁਲਵਿੰਦਰ ਕਟਾਰੀਆ, ਜਗਦੀਸ਼ ਜੱਗੀ, ਬਲਜਿੰਦਰ ਸਿੰਘ ਸਿੱਧੂ, ਲਖਬੀਰ ਸਿੰਘ ਨੰਗਲਾ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਜ਼ਰੂਰਤ ਨਹੀਂ ਸਮਝੀ। ਆਗੂਆਂ ਨੇ ਕਿਹਾ ਕਿ ਸਾਢੇ ਚਾਰ ਸਾਲ ਬਾਅਦ ਜਦੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਤਾਂ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਲੀਡਰਸ਼ਿਪ ਨੂੰ ਮੀਟਿੰਗ ਲਈ ਪੀਏਪੀ ਗਰਾਊਂਡ, ਜਲੰਧਰ ਵਿਖੇ ਬੁਲਾਇਆ ਗਿਆ ਸੀ, ਪਰ ਮੀਟਿੰਗ ਤੋਂ ਪਹਿਲਾਂ ਹੀ ਕਥਿਤ ਤੌਰ ’ਤੇ ਸ਼ਰਤਾਂ ਲਗਾਈਆਂ ਜਾਣ ਲੱਗੀਆਂ। ਆਗੂਆਂ ਨੇ ਸ਼ਰਤਾਂ ਤਹਿਤ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਆਗੂਆਂ ਨੇ ਐਲਾਨ ਕੀਤਾ ਕਿ 30 ਅਗਸਤ ਨੂੰ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲਈ ਅਗਲੀ ਰਣਨੀਤੀ ਤੈਅ ਕਰਦਿਆਂ ਵੱਡੇ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਵਿੱਚ ਸਰਕਾਰ ਖ਼ਿਲਾਫ਼ ਗੁੱਸਾ ਸਿਖਰਾਂ ’ਤੇ ਪਹੁੰਚ ਚੁੱਕਾ ਹੈ ਅਤੇ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਇਸੇ ਤਹਿਤ ਅੱਜ ਵੱਖ-ਵੱਖ ਸਕੂਲਾਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਟਵੀਟ ਦੀਆਂ ਕਾਪੀਆਂ ਅਤੇ ਸਰਕਾਰ ਵੱਲੋਂ ਜਾਰੀ ਪੱਤਰ ਸਾੜੇ ਗਏ। ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ ਜ਼ਿਲ੍ਹਾ ਬਠਿੰਡਾ ਵਿਚ ਕਈ ਥਾਵਾਂ ’ਤੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਮੁਲਾਜ਼ਮਾਂ ਖ਼ਿਲਾਫ਼ ਅਪਣਾਈਆਂ ਜਾ ਰਹੀਆਂ ਕਥਿਤ ਕੋਝੀਆਂ ਚਾਲਾਂ ਤੋਂ ਬਾਜ਼ ਆਵੇ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਬੈਠ ਕੇ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲੇ ਹੱਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।