ਚੋਣ ਪ੍ਰਣਾਲੀ ਵਿੱਚ ਲੋੜੀਂਦੇ ਸੁਧਾਰ ਕਰਨੇ ਚਾਹੀਦੇ ਹਨ : ਸਰੂਪ ਸਿੰਘ ਸਿੱਧੂ ਚੋਣ ਕਮਿਸ਼ਨ ਦੀ ਕਾਰਜਸ਼ੈਲੀ ਅਤੇ ਈਵੀਐਮ ’ਤੇ ਸਵਾਲ ਉੱਠਣ ਕਾਰਨ ਨਿਰਪੱਖ ਚੋਣਾਂ ਦੀ ਭਰੋਸੇਯੋਗਤਾ ਪ੍ਰਭਾਵਿਤ: ਸਰੂਪ ਸਿੰਘ ਸਿੱਧੂ
Publish Date: Sun, 29 Nov 2026 05:34 PM (IST)
Updated Date: Sun, 29 Nov 2026 05:35 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੇਸ਼ ਵਿਚ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਤੇ ਨਿਰਪੱਖਤਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਸ਼ੈਲੀ ਅਤੇ ਈਵੀਐਮ ਮਸ਼ੀਨਾਂ ਰਾਹੀਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਤੋਂ ਹੀ ਸੰਤੁਸ਼ਟ ਨਹੀਂ ਹਨ ਤਾਂ ਅਜਿਹੇ ਹਾਲਾਤ ਵਿੱਚ ਨਿਰਪੱਖ ਚੋਣਾਂ ਹੋਣ ਦੇ ਦਾਅਵਿਆਂ ਦੀ ਭਰੋਸੇਯੋਗਤਾ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਚੋਣ ਪ੍ਰਕਿਰਿਆ ਵਿੱਚ ਹਰ ਪੱਧਰ ’ਤੇ ਪਾਰਦਰਸ਼ਤਾ ਅਤੇ ਬਰਾਬਰੀ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣਾਂ ਤੋਂ ਪਹਿਲਾਂ ਈਡੀ ਤੋਂ ਐਨਓਸੀ ਲੈਣ ਦੀ ਵਿਵਸਥਾ ਕੀਤੀ ਜਾਵੇ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਵੋਟ ਪਾਉਣ ਵਾਲੇ ਆਮ ਨਾਗਰਿਕਾਂ ਲਈ ਇਕਸਾਰ ਨਿਯਮ ਅਤੇ ਕਾਨੂੰਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਣਾਲੀ ਵਿੱਚ ਅਜਿਹੇ ਦੋਹਰੇ ਮਾਪਦੰਡ ਲੋਕਤੰਤਰੀ ਵਿਵਸਥਾ ਵਿੱਚ ਬਰਾਬਰੀ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦੇ। ਸਰਕਾਰ ਅਤੇ ਚੋਣ ਕਮਿਸ਼ਨ ਨੂੰ ਇਨ੍ਹਾਂ ਸਵਾਲਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਚੋਣ ਪ੍ਰਣਾਲੀ ਵਿੱਚ ਲੋੜੀਂਦੇ ਸੁਧਾਰ ਕਰਨੇ ਚਾਹੀਦੇ ਹਨ।