- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਦੇ ਬਹੁਚਰਚਿਤ ਕਥਿਤ ਹਿਰਾਸਤੀ ਮੌਤ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਖ਼ਿਲਾਫ਼ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿੱਤੇ ਹਨ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਬਠਿੰਡਾ ਦੇ ਬਹੁਚਰਚਿਤ ਕਥਿਤ ਹਿਰਾਸਤੀ ਮੌਤ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਖ਼ਿਲਾਫ਼ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿੱਤੇ ਹਨ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਵਿੰਦਰ ਕੁਮਾਰ ਦੀ ਅਦਾਲਤ ਨੇ ਉਸ ਵੇਲੇ ਦੇ ਸੀਆਈਏ-1 ਇੰਚਾਰਜ ਇੰਸਪੈਕਟਰ ਨਵਪ੍ਰੀਤ ਸਿੰਘ, ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਅਤੇ ਕਾਂਸਟੇਬਲ ਗਗਨਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਖ਼ਿਲਾਫ਼ ਕਤਲ ਕਰਨ, ਸਬੂਤ ਨਸ਼ਟ ਕਰਨ, ਦੋਸ਼ੀਆਂ ਨੂੰ ਬਚਾਉਣ ਲਈ ਝੂਠੀ ਜਾਣਕਾਰੀ ਦੇਣ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਵਰਗੇ ਗੰਭੀਰ ਦੋਸ਼ ਤੈਅ ਕੀਤੇ ਹਨ।
ਇਹ ਮਾਮਲਾ ਅਕਤੂਬਰ 2024 ਵਿੱਚ ਬਠਿੰਡਾ ਦੇ ਪਿੰਡ ਲੱਖੀ ਜੰਗਲ ਦੇ ਰਹਿਣ ਵਾਲੇ ਭਿੰਦਰ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਉਸ ਵੇਲੇ ਦਾਅਵਾ ਕੀਤਾ ਸੀ ਕਿ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਭਿੰਦਰ ਸਿੰਘ ਦੀ ਭਾਲ ਦੌਰਾਨ ਉਹ ਪੁਲਿਸ ਟੀਮ ਨੂੰ ਦੇਖ ਕੇ ਸ਼ਹਿਰ ਦੇ ਬਾਹਰ ਸਥਿਤ ਬੰਦ ਪਏ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਝੀਲ ਵਿੱਚ ਛਾਲ ਮਾਰ ਗਿਆ ਸੀ। ਪੁਲਿਸ ਦਾ ਕਹਿਣਾ ਸੀ ਕਿ ਉਸ ਨੂੰ ਝੀਲ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਪੁਲਿਸ ਦੇ ਦਾਅਵੇ ਨੂੰ ਨਕਾਰਦਿਆਂ ਦੋਸ਼ ਲਗਾਇਆ ਕਿ ਭਿੰਦਰ ਸਿੰਘ ਨੂੰ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਪੁੱਛਗਿੱਛ ਦੌਰਾਨ ਉਸ 'ਤੇ ਸਰੀਰਕ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ।
ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਮਾਮਲੇ ਦੀ ਨਿਯਮਿਤ ਸੁਣਵਾਈ 27 ਨਵੰਬਰ ਤੋਂ ਸ਼ੁਰੂ ਹੋਵੇਗੀ, ਜਦੋਂ ਸਰਕਾਰੀ ਪੱਖ ਆਪਣੇ ਸਬੂਤ ਪੇਸ਼ ਕਰੇਗਾ। ਇਹ ਕੇਸ ਪੰਜਾਬ ਵਿੱਚ ਕਥਿਤ ਹਿਰਾਸਤੀ ਮੌਤਾਂ ਅਤੇ ਪੁਲਿਸ ਜਵਾਬਦੇਹੀ ਨਾਲ ਜੁੜੇ ਅਹਿਮ ਮਾਮਲਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।