ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਹੋਵੇਗੀ ਹੋਰ ਤਿੱਖੀ, ਸਰਕਾਰ ਖ਼ਿਲਾਫ਼ ਲਗਾਤਾਰ ਸੰਘਰਸ਼ ਦਾ ਐਲਾਨ ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਹੋਵੇਗੀ ਹੋਰ ਤਿੱਖੀ, ਸਰਕਾਰ ਖ਼ਿਲਾਫ਼ ਲਗਾਤਾਰ ਸੰਘਰਸ਼ ਦਾ ਐਲਾਨ
Publish Date: Mon, 24 Aug 2026 04:04 PM (IST)
Updated Date: Tue, 25 Aug 2026 04:00 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਇੰਪਲੋਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਠੋਸ ਤੇ ਤਸੱਲੀਬਖ਼ਸ਼ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ। ਯੂਨੀਅਨ ਵੱਲੋਂ ਜਾਰੀ ਪੱਤਰ ਅਨੁਸਾਰ 24 ਤੋਂ 28 ਅਗਸਤ ਤੱਕ ਵੱਖ-ਵੱਖ ਪੜਾਵਾਂ ’ਚ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਪੰਜਾਬ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮ ਪਹਿਲਾਂ ਹੀ ਹੜਤਾਲ ’ਤੇ ਹਨ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ। ਯੂਨੀਅਨ ਨੇ ਦੱਸਿਆ ਕਿ ਸਿਹਤ ਮੰਤਰੀ ਨਾਲ 24 ਅਗਸਤ ਨੂੰ ਹੋਣ ਵਾਲੀ ਪੈਨਲ ਮੀਟਿੰਗ ਹੁਣ 28 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ’ਚ ਰੋਸ ਹੋਰ ਵਧ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ, ਪਰ ਵਾਰ-ਵਾਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ’ਚ ਨਿਰਾਸ਼ਾ ਪੈਦਾ ਹੋਈ ਹੈ। ਯੂਨੀਅਨ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪੇਂਡੂ ਅਤੇ ਦੂਰ-ਦਰਾਜ਼ ਖੇਤਰਾਂ ’ਚ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਅਤੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਲਾਗੂ ਕਰਨ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾ ਅਤੇ ਰੋਜ਼ਗਾਰ ਸਬੰਧੀ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਯੂਨੀਅਨ ਨੇ ਮੰਗ ਕੀਤੀ ਕਿ 28 ਅਗਸਤ ਦੀ ਮੀਟਿੰਗ ’ਚ ਸਿਰਫ਼ ਭਰੋਸਿਆਂ ਦੀ ਬਜਾਏ ਲਿਖਤੀ ਤੇ ਠੋਸ ਫੈਸਲੇ ਕੀਤੇ ਜਾਣ। ਮੰਗਾਂ ’ਤੇ ਸਕਾਰਾਤਮਕ ਫੈਸਲਾ ਹੋਣ ਦੀ ਸੂਰਤ ਵਿੱਚ ਸੰਘਰਸ਼ ਖਤਮ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਨਹੀਂ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ। ਯੂਨੀਅਨ ਨੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।