ਟੰਡਨ ਸਕੂਲ ਦੇ ਵਿਦਿਆਰਥੀ ਚੰਡੀਗੜ੍ਹ ਵਿਖੇ ਕ੍ਰਿਕਟ ਮੈਚ ਦੇਖਣ ਲਈ ਰਵਾਨਾ ਟੰਡਨ ਸਕੂਲ ਦੇ ਵਿਦਿਆਰਥੀ ਚੰਡੀਗੜ੍ਹ ਵਿਖੇ ਭਾਰਤੀ ਕ੍ਰਿਕਟ ਮੈਚ ਦੇਖਣ ਲਈ ਰਵਾਨਾ
Publish Date: Tue, 08 Sep 2026 04:33 PM (IST)
Updated Date: Wed, 09 Sep 2026 04:02 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਮੋਹਾਲੀ ਦੇ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਦਾ ਵਿਸ਼ੇਸ਼ ਮੌਕਾ ਪ੍ਰਾਪਤ ਹੋਇਆ। ਜਿਸ ਵਿਚ ਛੇਵੀਂ ਤੋਂ 11ਵੀਂ ਕਲਾਸ ਦੇ ਵਿਦਿਆਰਥੀਆਂ ਸ਼ਾਮਿਲ ਹੋਏ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਨੂੰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਤੇ ਹਸਨਪ੍ਰੀਤ ਭਾਰਦਵਾਜ ਮੇਅਰ ਵੱਲੋਂ ਝੰਡੀ ਦਿਖਾ ਕੇ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ। ਵਿਦਿਆਰਥੀਆਂ ’ਚ ਇਸ ਦੌਰੇ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਲਈ ਕ੍ਰਿਕਟ ਮੈਚ ਨੂੰ ਮੈਦਾਨ ’ਚ ਬੈਠ ਕੇ ਲਾਈਵ ਦੇਖਣਾ ਇੱਕ ਯਾਦਗਾਰ ਅਨੁਭਵ ਹੋਵੇਗਾ। ਉਨ੍ਹਾਂ ਨੇ ਇਸ ਵਿਸ਼ੇਸ਼ ਮੌਕੇ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦਾ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਅਜਿਹੇ ਮੌਕੇ ਪ੍ਰਦਾਨ ਕਰਨ ਦੀ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ। ਇਸ ਕ੍ਰਿਕਟ ਮੈਚ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਤੇ ਇਹ ਦਿਨ ਉਨ੍ਹਾਂ ਲਈ ਹਮੇਸ਼ਾ ਯਾਦਗਾਰ ਰਹੇਗਾ। ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੇ ਮਨਪਸੰਦ ਕ੍ਰਿਕਟਰਾਂ ਨੂੰ ਮੈਦਾਨ’ਵਿੱਚ ਖੇਡਦੇ ਹੋਏ ਦੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਐੱਮਪੀ ਗੁਰਮੀਤ ਸਿੰਘ ਮੀਤ ਹੇਅਰ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਇਹ ਮੌਕਾ ਉਨ੍ਹਾਂ ਦੀਆਂ ਯਾਦਾਂ ’ਚ ਹਮੇਸ਼ਾ ਤਾਜ਼ਾ ਰਹੇਗਾ। ਐਮਡੀ ਸ਼ਿਵ ਸਿੰਗਲਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦਾ ਖੇਡਾਂ ਅਤੇ ਹੋਰ ਗਤੀਵਿਧੀਆਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕ੍ਰਿਕਟ ਮੈਚ ਨੂੰ ਲਾਈਵ ਦੇਖਣ ਨਾਲ ਵਿਦਿਆਰਥੀਆਂ ਨੂੰ ਖੇਡ ਦੇ ਮਾਹੌਲ, ਖਿਡਾਰੀਆਂ ਦੀ ਮਿਹਨਤ ਅਤੇ ਟੀਮ ਭਾਵਨਾ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲੇਗਾ। ਐਮ ਡੀ ਨੇ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਜੀਵਨ ਨਾਲ ਜੁੜੇ ਤਜਰਬੇ ਦੇਣ ਲਈ ਵਚਨਬੱਧ ਹੈ। ਇਸ ਮੌਕੇ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮੈਚ ਦਾ ਆਨੰਦ ਮਾਣਨ ਦੇ ਨਾਲ-ਨਾਲ ਖਿਡਾਰੀਆਂ ਤੋਂ ਪ੍ਰੇਰਣਾ ਲੈਣ ਅਤੇ ਆਪਣੀ ਜ਼ਿੰਦਗੀ ਵਿੱਚ ਮਿਹਨਤ ਅਤੇ ਲਗਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਮੀਤ ਹੇਅਰ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਮੌਕੇ ਤੇ ਸਹੂਲਤਾਂ ਮਿਲਣ ਤਾਂ ਉਹ ਦੇਸ਼ ਅਤੇ ਦੁਨੀਆ ਦੇ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਕਿਹਾ ਕਿ ਵਿਦਿਆਰਥੀਆਂ ਲਈ ਅਜਿਹੇ ਵਿਸ਼ੇਸ਼ ਦੌਰੇ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹੁੰਦੇ, ਸਗੋਂ ਇਹ ਉਨ੍ਹਾਂ ਦੀ ਸਿੱਖਿਆ ਦਾ ਹੀ ਇੱਕ ਮਹੱਤਵਪੂਰਨ ਹਿੱਸਾ ਹਨ।