ਦਸਮੇਸ਼ ਸਕੂਲ ਨੇ 70ਵੀਆਂ ਜ਼ੋਨਲ ਖੇਡਾਂ ’ਚ ਗੱਡੇ ਝੰਡੇ, ਕਈ ਮੁਕਾਬਲਿਆਂ 'ਚ ਪਹਿਲੇ ਸਥਾਨ ਹਾਸਲ ਦਸਮੇਸ਼ ਸਕੂਲ ਨੇ 70ਵੀਆਂ ਜੋਨਲ ਖੇਡਾਂ ਵਿਚ ਗੱਡੇ ਜਿੱਤ ਦੇ ਝੰਡੇ, ਕਈ ਮੁਕਾਬਲਿਆਂ 'ਚ ਪਹਿਲੇ ਸਥਾਨ ਹਾਸਲ
Publish Date: Thu, 23 Jul 2026 04:49 PM (IST)
Updated Date: Thu, 23 Jul 2026 04:49 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜੋਨਲ/ਜ਼ਿਲ੍ਹਾ ਪੱਧਰੀ ਖੇਡਾਂ 2026-27 ਵਿਚ ਦਸਮੇਸ਼ ਸਕੂਲ, ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿਚ ਜਿੱਤ ਦੇ ਝੰਡੇ ਗੱਡੇ ਹਨ। ਖਿਡਾਰੀਆਂ ਦੀਆਂ ਇਨ੍ਹਾਂ ਉਪਲਬਧੀਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਦਸਮੇਸ਼ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ। 22 ਜੁਲਾਈ ਨੂੰ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ ਜੋਨਲ ਖੇਡ ਮੁਕਾਬਲਿਆਂ ਵਿਚ ਤਲਵੰਡੀ ਬਲਾਕ ਦੇ ਕਈ ਸਕੂਲਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਦਸਮੇਸ਼ ਸਕੂਲ ਦੀਆਂ ਵਾਲੀਬਾਲ (ਕੁੜੀਆਂ) ਅਤੇ ਬੈਡਮਿੰਟਨ (ਕੁੜੀਆਂ) ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸ਼ਤਰੰਜ ਅੰਡਰ-17 ਵਿਚ ਦੂਜਾ ਅਤੇ ਸ਼ਤਰੰਜ ਅੰਡਰ-14 ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀ ਏਕਮਪ੍ਰੀਤ ਸਿੰਘ ਨੇ ਅੰਡਰ-17 ਬਾਕਸਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਜੇਤੂ ਵਿਦਿਆਰਥੀਆਂ ਦੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ, ਜਿਸ ਨਾਲ ਸਕੂਲ ਨੂੰ ਹੋਰ ਵੀ ਵੱਡੀਆਂ ਉਮੀਦਾਂ ਹਨ। ਸਕੂਲ ਦੀ ਪ੍ਰਿੰਸੀਪਲ ਸਾਨੀਆ ਕਾਮਰਾ ਨੇ ਇਸ ਮੌਕੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਇਸੇ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਸਕੂਲ ਦੇ ਖਿਡਾਰੀ ਜ਼ਿਲ੍ਹਾ, ਰਾਜ ਅਤੇ ਕੌਮੀ ਪੱਧਰ ਤੇ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਸੰਸਥਾ ਦਾ ਨਾਮ ਹੋਰ ਉੱਚਾ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਜੇਤੂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕਰਨ ਤੇ ਭਵਿੱਖ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਲਾਕੇ ਦੇ ਲੋਕਾਂ ਅਤੇ ਮਾਪਿਆਂ ਨੇ ਵੀ ਦਸਮੇਸ਼ ਸਕੂਲ ਦੀ ਇਸ ਕਾਮਯਾਬੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੈਡਮ ਜਸਪ੍ਰੀਤ ਕੌਰ, ਮੈਡਮ ਸੁਨੀਤਾ ਮਿੱਤਲ, ਮੈਡਮ ਮਨਦੀਪ ਕੌਰ, ਮੈਡਮ ਪਰਪਿੰਦਰ ਕੌਰ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।