ਦੀਪਕ ਸ਼ਰਮਾ, ਬਠਿੰਡਾ

ਬਠਿੰਡਾ ਦੀ ਪੁਲਿਸ ਲਾਈਨ ਵਿਚ ਪੁਲਿਸ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਵਜੋਂ ਸ਼ਹੀਦ ਦਿਵਸ ਮਨਾਇਆ ਗਿਆ। ਉਨ੍ਹਾਂ ਆਪਣੇ ਫ਼ਰਜ਼ਾਂ ਨੂੰ ਅੰਜਾਮ ਦਿੰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਸ ਮੌਕੇ ਪਹੁੰਚੇ ਅਧਿਕਾਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਦਿਵਸ ਮੌਕੇ ਦੇਸ਼ ਵਾਸੀਆਂ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਸ਼ਾਂਤ ਮਈ ਜੀਵਨ ਬਤੀਤ ਕਰ ਰਹੇ ਹਾਂ।

ਬਠਿੰਡਾ ਜ਼ੋਨ ਦੇ ਆਈਜੀ ਅਰੁਣ ਮਿੱਤਲ, ਜ਼ਿਲ੍ਹਾ ਤੇ ਸੈਸ਼ਨ ਜੱਜ ਕਮਲਜੀਤ ਲਾਂਬਾ , ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਐੱਸਐੱਸਪੀ ਬਠਿੰਡਾ ਡਾ. ਨਾਨਕ ਸਿੰਘ, ਜੇਲ੍ਹ ਸੁਪਰਡੈਂਟ ਬਠਿੰਡਾ ਬਲਬੀਰ ਸਿੰਘ ਅਤੇ ਸਮੂਹ ਸਬੰਧਤ ਅਫ਼ਸਰ, ਸੇਵਾਮੁਕਤ ਪੁਲਿਸ ਅਫ਼ਸਰ, ਕਰਮਚਾਰੀ ਅਤੇ 59 ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਸ਼ਾਮਲ ਹੋਏ। ਅਰੁਣ ਕੁਮਾਰ ਮਿੱਤਲ, ਆਈਪੀਐੱਸ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਬਠਿੰਡਾ ਨੇ ਆਪਣੇ ਇਕ ਸ਼ਰਧਾਂਜ਼ਲੀ ਭਾਸ਼ਣ ਵਿਚ ਕਿਹਾ ਕਿ ਪੰਜਾਬ ਪਿੁਲਸ ਦੇਸ਼ ਦੀ ਸਭ ਤੋਂ ਵੱਧ ਬਹਾਦਰ ਪੁਲਿਸ ਫ਼ੋਰਸਾਂ ਵਿਚੋਂ ਇਕ ਹੈ, ਜਿਸ ਨੇ ਅਣਗਿਣਤ ਕੁਰਬਾਨੀਆਂ ਦੇ ਕੇ ਸੂਬੇ ਵਿਚ ਅਮਨ ਤੇ ਸ਼ਾਂਤੀ ਕਾਇਮ ਕੀਤੀ। ਉਹ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹੋਇਆ ਸਮੂਹ ਪੁਲਿਸ ਕਰਮਚਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਫ਼ਰਜ਼ ਨਿਭਾਉਂਦਿਆਂ, ਉਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਮਾਰਗ ਦਰਸ਼ਨ ਲੈਣ। ਇਸ ਤੋਂ ਬਾਅਦ ਆਈਜੀ ਸਾਹਿਬ, ਬਠਿੰਡਾ ਰੇਂਜ਼ ਵਲੋਂ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਗਈਆਂ ਅਤੇ ਜ਼ਿਆਦਾਤਰ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦੁੱਖ ਤਕਲੀਫ਼ਾਂ ਦਾ ਨਿਪਟਾਰਾ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਲਿਖਕੇ ਭੇਜਣ ਦਾ ਭਰੋਸਾ ਦਿਵਾਇਆ ਗਿਆ ਅਤੇ ਸ਼ਹੀਦ ਪਰਿਵਾਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਫੈਮਿਲੀ ਮੈਂਬਰ ਹਨ, ਕਿਸੇ ਵੀ ਸਮੇਂ ਉਹ ਆਪਣੀਆਂ ਦੁੱਖ ਤਕਲੀਫ਼ਾਂ ਉਨ੍ਹਾਂ ਨੂੰ ਕਿਸੇ ਵੀ ਵਕਤ ਮਿਲ ਕੇ ਦਸ ਸਕਦੇ ਹਨ।