ਮਾਲਵਾ ਜ਼ੋਨ ਵਿਚ ਧਰਮ ਪ੍ਰਚਾਰ ਲਹਿਰ ਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਮਾਲਵਾ ਜ਼ੋਨ ਵਿਚ ਧਰਮ ਪ੍ਰਚਾਰ ਲਹਿਰ ਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ
Publish Date: Wed, 25 Nov 2026 05:14 PM (IST)
Updated Date: Wed, 25 Nov 2026 05:16 PM (IST)
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਪੰਥਕ ਇਕੱਤਰਤਾ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਪੰਥਕ ਇਕੱਤਰਤਾ ਕੀਤੀ ਗਈ। ਇਸ ਦੌਰਾਨ ਮਾਲਵਾ ਜ਼ੋਨ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਅਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਪਿੰਡ-ਪਿੰਡ ਤੇ ਘਰ-ਘਰ ਤੱਕ ਪਹੁੰਚਾਉਣ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕਰਦਿਆਂ ਫੈਸਲੇ ਲਏ ਗਏ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਸੀਨੀਅਰ ਮੈਂਬਰ ਸੁਰਜੀਤ ਸਿੰਘ ਰਾਏਪੁਰ ਅਤੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਕੱਤਰਤਾ ਦੌਰਾਨ ਪੰਥਕ ਹਿੱਤਾਂ ਅਤੇ ਗੁਰਮਤਿ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਨੂੰ ਮੁੱਖ ਰੱਖਦਿਆਂ ਮਾਲਵਾ ਖੇਤਰ ਵਿਚ ਧਰਮ ਪ੍ਰਚਾਰ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਤੇਜ਼ ਕਰਨ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਜੀਵਨ ਜਾਚ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਹੋਣ ਵਾਲੀਆਂ ਧਾਰਮਿਕ ਲਹਿਰਾਂ ਸਮੁੱਚੇ ਮਾਲਵਾ ਖੇਤਰ ਵਿਚ ਗੁਰਮਤਿ ਦਾ ਪ੍ਰਚਾਰ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਆਪਸੀ ਤਾਲਮੇਲ ਨਾਲ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਲੜੀ ਨੂੰ ਹੋਰ ਵਿਸ਼ਾਲ ਕਰਨ ’ਤੇ ਜ਼ੋਰ ਦਿੱਤਾ। ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਮਾਲਵਾ ਖੇਤਰ ਵਿਚ ਧਰਮ ਪ੍ਰਚਾਰ ਦੀਆਂ ਗਤੀਵਿਧੀਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਕੱਤਰਤਾ ਦੀ ਸਮਾਪਤੀ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਰਾਏਪੁਰ ਅਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।