- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਗੁਦਾਮਾਂ ’ਚ ਪਏ ਚਾਵਲ ਦੀ ਲਿਫਟਿੰਗ ’ਚ ਦੇਰੀ ਕਿਸਾਨਾਂ ਲਈ ਬਣ ਸਕਦੀ ਹੈ ਮੁਸ਼ਕਲ: ਪਰਮਜੀਤ ਕੋਟਫੱਤਾ

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟ ਫੱਤਾ : ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਪੰਜਾਬ ਦੇ ਗੁਦਾਮਾਂ ਵਿੱਚ ਪਏ ਚਾਵਲ ਦੀ ਲਿਫਟਿੰਗ ਵਿੱਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਲਿਫਟਿੰਗ ਦੀ ਸਮੱਸਿਆ ਪੈਦਾ ਹੋਣ ਦਾ ਖਦਸ਼ਾ ਹੈ। ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਨੂੰ ਪੰਜਾਬ ਦੇ ਗੁਦਾਮਾਂ ਵਿੱਚੋਂ ਚਾਵਲ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ, ਤਾਂ ਜੋ ਨਵੇਂ ਝੋਨੇ ਦੀ ਖਰੀਦ ਦੌਰਾਨ ਗੁਦਾਮਾਂ ਵਿੱਚ ਜਗ੍ਹਾ ਦੀ ਕਮੀ ਨਾ ਆਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਾਰਨ ਕੇਂਦਰ ਵੱਲੋਂ ਪੰਜਾਬ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਵਲ ਦੀ ਲਿਫਟਿੰਗ ਵਿੱਚ ਦੇਰੀ ਕਰਕੇ ਅਜਿਹੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਸਿੱਧਾ ਪ੍ਰਭਾਵ ਝੋਨੇ ਦੇ ਖਰੀਦ ਸੀਜ਼ਨ ’ਤੇ ਪਵੇ ਅਤੇ ਇਸ ਦਾ ਦੋਸ਼ ਪੰਜਾਬ ਸਰਕਾਰ ਸਿਰ ਆਵੇ। ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਕਰ ਰਹੀ ਹੈ। ਇਸ ਲਈ ਕੇਂਦਰੀ ਏਜੰਸੀ ਨੂੰ ਵੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਂਦਿਆਂ ਗੁਦਾਮਾਂ ਵਿੱਚੋਂ ਚਾਵਲ ਦੀ ਲਿਫਟਿੰਗ ਤੇਜ਼ ਕਰਨੀ ਚਾਹੀਦੀ ਹੈ।