ਛੋਟੇ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਮੇਂ ਸਿਰ ਡੀਏਪੀ ਦੇਣ ਦੀ ਮੰਗ ਛੋਟੇ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਮੇਂ ਸਿਰ ਡੀਏਪੀ ਦੇਣ ਦੀ ਕੀਤੀ ਮੰਗ
Publish Date: Sat, 03 Oct 2026 04:35 PM (IST)
Updated Date: Sun, 04 Oct 2026 04:02 AM (IST)
ਮੀਟਿੰਗ ਦੌਰਾਨ ਕਿਸਾਨੀ ਦੇ ਵੱਖ-ਵੱਖ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਮੀਟਿੰਗ ਅੱਜ ਬਠਿੰਡਾ ਦੇ ਚਿਲਡਰਨ ਪਾਰਕ ਵਿਚ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਕੋਠੇ ਸੰਧੂਆਂ ਵਾਲੇ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੂਬਾ ਆਗੂ ਸੁਰਜੀਤ ਸਿੰਘ ਸੰਦੋਹਾ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕਿਸਾਨੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਦੇ ਪ੍ਰਬੰਧਨ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਵਿਚਾਰਿਆ ਗਿਆ। ਆਗੂਆਂ ਨੇ ਕਿਹਾ ਕਿ 5-6 ਏਕੜ ਵਾਲੇ ਛੋਟੇ ਕਿਸਾਨਾਂ ਨੂੰ ਪਰਾਲੀ ਸਮੇਟਣ ਲਈ ਮਸ਼ੀਨਰੀ ਉਪਲਬਧ ਕਰਵਾਉਣ ਵਿੱਚ ਦਿੱਕਤਾਂ ਆ ਰਹੀਆਂ ਹਨ ਅਤੇ ਕਈ ਵਾਰ ਲੋੜੀਂਦੀਆਂ ਮਸ਼ੀਨਾਂ ਖੇਤਾਂ ਤੱਕ ਨਹੀਂ ਪਹੁੰਚ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਛੋਟੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਬਠਿੰਡਾ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਮਾਮਲਾ ਲਿਆਂਦਾ ਗਿਆ। ਇਸ ਤੋਂ ਇਲਾਵਾ ਡੀਏਪੀ ਖਾਦ ਦੀ ਉਪਲਬਧਤਾ ਦਾ ਮੁੱਦਾ ਵੀ ਚਰਚਾ ਵਿੱਚ ਰਿਹਾ। ਆਗੂਆਂ ਨੇ ਦੋਸ਼ ਲਾਇਆ ਕਿ ਕੁਝ ਦੁਕਾਨਦਾਰ ਡੀਏਪੀ ਦੇ ਨਾਲ ਕਿਸਾਨਾਂ ਨੂੰ ਬੇਲੋੜਾ ਸਮਾਨ ਲੈਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਸਰਕਾਰ ਤੋਂ ਅਜਿਹੀ ਪ੍ਰਥਾ ’ਤੇ ਰੋਕ ਲਗਾਉਣ ਅਤੇ ਕਿਸਾਨਾਂ ਨੂੰ ਡੀਏਪੀ ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਤਾਂ ਜੋ ਕਣਕ ਦੀ ਬਿਜਾਈ ਪ੍ਰਭਾਵਿਤ ਨਾ ਹੋਵੇ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਅਮਰ ਸਿੰਘ ਥੰਮਣਗੜ੍ਹ, ਜਗਰੂਪ ਸਿੰਘ, ਸੁਖਪਾਲ ਸਿੰਘ, ਜਸਵਿੰਦਰ ਸਿੰਘ, ਰਾਮ ਸਿੰਘ, ਭੋਲਾ ਸਿੰਘ, ਰੇਸ਼ਮ ਸਿੰਘ, ਗੋਬਿੰਦ ਸਿੰਘ, ਗੁਰਪਾਲ ਸਿੰਘ, ਬਖਤੌਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।