ਗੁਰਤੇਜ ਸਿੰਘ ਸਿੱਧੂ, ਬਠਿੰਡਾ : ਪੰਜਾਬ ਦੀਆਂ 16 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਕੋਰੋਨਾ ਸੰਕਟ ਦੌਰਾਨ ਸਿਹਤ ਕਾਮਿਆਂ ਨੂੰ ਸਰਕਾਰੀ ਬੇਰੁਖੀ ਤੋਂ ਬਚਾਉਣ, ਉਹਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਅਤੇ ਸਿਹਤ ਵਿਭਾਗ ਦਾ ਪੂਰਨ ਰੂਪ ਵਿਚ ਸਰਕਾਰੀਕਰਨ ਕਰਨ ਤੇ ਵੱਖ-ਵੱਖ ਖੇਤਰਾਂ ਵਿਚ ਲਾਗੂ ਕੀਤੀਆਂ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਰਾਮਪੁਰਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਗੂਆਂ ਵੱਲੋਂ ਇਹਨਾਂ ਮੰਗਾਂ ਸਬੰਧੀ ਸਿਵਲ ਹਸਪਤਾਲ ਰਾਮਪੁਰਾ ਦੇ ਐੱਸਐੱਮਓ ਨੂੰ ਮੰਗ ਪੱਤਰ ਦਿੱਤਾ ਗਿਆ।

ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਨਿੱਕਾ ਸਿੰਘ ਜੇਠੂਕੇ, ਅਮਨਦੀਪ ਕੌਰ ਅਤੇ ਗੁਲਾਬ ਸਿੰਘ ਜਿਉਂਦ ਵੱਲੋਂ ਜਾਰੀ ਕੀਤੇ ਲਿਖਤੀ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਦੱਸਿਆ ਕਿ ਪ੍ਰਦਰਸ਼ਨ ਲਈ ਸਿਹਤ ਸਾਵਧਾਨੀਆਂ ਨੂੰ ਯਕੀਨੀ ਬਣਾਉਣ ਲਈ ਗਿਣਤੀ ਵੀ ਸੀਮਤ ਰੱਖੀ ਗਈ। ਪ੍ਰਦਰਸ਼ਨ ਸਮੇਂ ਮੰਗ ਕੀਤੀ ਗਈ ਕਿ ਸਿਹਤ ਵਿਭਾਗ ਵਿੱਚ ਸਮੁੱਚੀਆਂ ਅਸਾਮੀਆਂ ਸਫ਼ਾਈ ਕਾਮਿਆਂ, ਆਸ਼ਾ ਵਰਕਰਾਂ, ਨਰਸਾਂ ਸਮੇਤ ਸਰਵਿਸ ਪ੍ਰੋਵਾਈਡਰਾਂ/ਡਾਕਟਰਾਂ ਆਦਿ ਨੂੰ ਪੂਰੀ ਤਨਖਾਹ 'ਤੇ ਪੱਕਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਪੁਰ ਕੀਤੀਆਂ ਜਾਣ, ਆਰ.ਐਮ.ਪੀ. ਡਾਕਟਰਾਂ ਤੇ ਹੋਰ ਕੈਟਾਗਰੀਆਂ ਨੂੰ ਸਰਕਾਰੀ ਖੇਤਰ ਵਿੱਚ ਸ਼ਾਮਲ ਕੀਤਾ ਜਾਵੇ।

ਕੋਵਿਡ 19 ਦੇ ਇਲਾਜ ਦੀਆਂ ਵਿਸ਼ੇਸ਼ ਲੋੜਾਂ ਲਈ ਲੋੜੀਂਦਾ ਸਮਾਨ ਦਿੱਤਾ ਜਾਵੇ, ਪ੍ਰਾਈਵੇਟ ਹਸਪਤਾਲਾਂ ਨੂੰ ਪੱਕੇ ਤੌਰ 'ਤੇ ਸਰਕਾਰੀ ਹੱਥਾਂ ਵਿੱਚ ਲਿਆ ਜਾਵੇ, ਸਮੂਹ ਸਿਹਤ ਕਾਮਿਆਂ ਦਾ 50 ਲੱਖ ਰੁਪਏ ਦਾ ਬੀਮਾ ਯਕੀਨੀ ਕੀਤਾ ਜਾਵੇ, ਸਿਹਤ ਕਰਮੀਆਂ, ਲਾਗ ਦੇ ਮਰੀਜ਼ਾਂ ਜਾਂ ਸ਼ੱਕੀਆਂ ਲਈ ਢੁੱਕਵੇਂ ਇਕਾਂਤਵਾਸ ਕੇਂਦਰਾਂ ਦੇ ਪ੍ਰਬੰਧ ਲਈ ਹੋਟਲਾਂ ਤੇ ਸਰਕਾਰੀ ਸਰਕਟ ਹਾਊਸ ਆਦਿ ਨੂੰ ਆਰਜ਼ੀ ਤੌਰ 'ਤੇ ਸਿਹਤ ਢਾਂਚੇ ਦਾ ਅੰਗ ਬਣਾਇਆ ਜਾਵੇ, ਸਿਹਤ ਕਰਮੀਆਂ ਤੇ ਆਮ ਲੋਕਾਂ ਦੇ ਟੈਸਟ ਕੀਤੇ ਜਾਣ ਤੇ ਤੰਦਰੁਸਤ ਲੋਕਾਂ ਨੂੰ ਕੰਮ ਦੇਣ ਸਮੇਂ ਉਹਨਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ, ਪੰਜਾਬ ਵਿੱਚ ਘਰ ਵਾਪਸੀ ਕਰਨ ਵਾਲੇ ਸਾਰੇ ਲੋਕਾਂ ਲਈ ਉਸਾਰੂ ਮਾਹੌਲ ਸਿਰਜਿਆ ਜਾਵੇ ਤੇ ਇਹੀ ਕਦਮ ਪੰਜਾਬ ਵਿੱਚੋਂ ਜਾ ਰਹੇ ਪ੍ਰਵਾਸੀ ਕਾਮਿਆਂ ਸਬੰਧੀ ਚੁੱਕੇ ਜਾਣ, ਸਿਹਤ ਸੇਵਾਵਾਂ ਨਾਲ ਜੁੜਵੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਤਾਇਨਾਤ ਕੀਤੇ ਤੇ ਪਹਿਲਾਂ ਹੀ ਹੋਰ ਰੋਗਾਂ ਤੋਂ ਪੀੜਤ ਪੁਲਿਸ ਮੁਲਾਜ਼ਮਾਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਉਣ ਲਈ ਸਮਾਜਿਕ ਦੂਰੀ ਬਨਾਉਣਾ ਸੰਭਵ ਬਣਾਇਆ ਜਾਵੇ। ਮਾਸਕ, ਸੈਨੇਟਾਈਜ਼ਰ ਆਦਿ ਦੇ ਪ੍ਰਬੰਧ ਕੀਤੇ ਜਾਣ ਅਤੇ ਸਭਨਾ ਪੁਲਿਸ ਮੁਲਾਜ਼ਮਾਂ ਲਈ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੋਰ ਸਿਹਤ ਸਾਵਧਾਨੀਆਂ ਦੇ ਪਾਬੰਦ ਹੋਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ, ਉਹਨਾਂ ਦੇ ਕੰਮ ਘੰਟੇ ਸੀਮਤ ਕੀਤੇ ਜਾਣ, ਡਿਊਟੀ ਦੌਰਾਨ ਖਾਣ ਪੀਣ, ਆਉਣ ਜਾਣ ਅਤੇ ਰਿਹਾਇਸ਼ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਔਰਤ ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ ਤੇ ਕਰਫਿਊ ਦੌਰਾਨ ਲੋਕਾਂ 'ਤੇ ਜਬਰ ਢਾਹੁਣ ਵਾਲੇ ਦੋਸ਼ੀ ਪੁਲਸੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ।

ਨਿੱਜੀਕਰਨ, ਸੰਸਾਰੀਕਰਨ ਤੇ ਵਪਾਰੀਕਰਨ ਦੀਆਂ ਨੀਤੀਆਂ ਨੂੰ ਖਤਮ ਕਰਕੇ ਜਲ ਸਪਲਾਈ, ਬਿਜਲੀ ਤੇ ਆਵਾਜਾਈ ਆਦਿ ਵਿੱਚ ਠੇਕੇ ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਖਾਲੀ ਅਸਾਮੀਆਂ ਭਰੀਆਂ ਜਾਣ, ਸਨਅਤਾਂ ਤੇ ਹੋਰ ਗੈਰ ਜਥੇਬੰਦ ਖੇਤਰਾਂ ਵਿੱਚ ਕੰਮ ਕਰਦੇ ਸਮੂਹ ਕਾਮਿਆਂ ਦੇ ਪੱਕੇ ਰੁਜਗਾਰ ਦੀ ਗਰੰਟੀ ਕੀਤੀ ਜਾਵੇ। ਇਸ ਮੌਕੇ ਗਰਮੇਲ ਸਿੰਘ ਜਿਉਂਦ, ਸ਼ਗਨਦੀਪ ਸਿੰਘ, ਐਸ ਐਸ ਰਮਸਾ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਪਰਅਪਾਰ ਸਿੰਘ , ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਪਾਲ ਸਿੰਘ ਜਿਉਂਦ ਮਿੱਠੂ ਸਿੰਘ ਜੇਠੂਕੇ ਅਤੇ ਹੋਰ ਆਗੂ ਵਰਕਰ ਹਾਜ਼ਰ ਸਨ।

Posted By: Tejinder Thind