ਪਰਾਲੀ ਨਾ ਸਾੜੋ, ਵਾਤਾਵਰਨ ਬਚਾਓ: ਐੱਸਡੀਐੱਮ ਮਾਹਲ ਪਰਾਲੀ ਨਾ ਸਾੜੋ, ਵਾਤਾਵਰਨ ਬਚਾਓ: ਐੱਸਡੀਐੱਮ ਮਾਹਲ
Publish Date: Sun, 25 Oct 2026 04:14 PM (IST)
Updated Date: Sun, 25 Oct 2026 04:16 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ ਵੱਲੋਂ ਰਾਮਪੁਰਾ ਫੂਲ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸਡੀਐੱਮ ਮਾਹਲ ਨੇ ਮੰਡੀ ਵਿਚ ਝੋਨੇ ਦੀ ਆਮਦ, ਖਰੀਦ ਪ੍ਰਕਿਰਿਆ ਤੇ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਜਾਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਕਿਹਾ, ਤਾਂ ਜੋ ਮੰਡੀ ਵਿਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਕਾਰਜ ਨਿਰਵਿਘਨ ਜਾਰੀ ਰਹਿਣ। ਇਸ ਦੌਰਾਨ ਐੱਸਡੀਐੱਮ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਕੀਤਾ ਜਾਵੇ। ਪਰਾਲੀ ਨੂੰ ਖੇਤਾਂ ਵਿਚ ਹੀ ਸੰਭਾਲਣ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਇਸ ਦੇ ਲੋੜੀਂਦੇ ਤੱਤਾਂ ਨੂੰ ਵੀ ਸੁਰੱਖਿਅਤ ਰੱਖਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।