ਡਾ. ਮਨੋਰਮਾ ਸਮਾਗ ਨੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ ਡਾ. ਮਨੋਰਮਾ ਸਮਾਗ ਨੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ
Publish Date: Wed, 14 Oct 2026 04:53 PM (IST)
Updated Date: Wed, 14 Oct 2026 04:54 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਡਾ. ਮਨੋਰਮਾ ਸਮਾਗ ਨੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਕਾਲਜ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥਣਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ। ਡਾ. ਮਨੋਰਮਾ ਸਮਾਗ ਕਾਲਜ ਵਿੱਚ ਸੀਨੀਅਰ ਮੋਸਟ ਐਸੋਸੀਏਟ ਪ੍ਰੋਫੈਸਰ ਹੋਣ ਦੇ ਨਾਲ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕੋਲ ਅਧਿਆਪਨ, ਖੋਜ ਅਤੇ ਪ੍ਰਬੰਧਕੀ ਕਾਰਜਾਂ ਦਾ ਲਗਭਗ 30 ਸਾਲਾਂ ਦਾ ਤਜਰਬਾ ਹੈ। ਇਸ ਤੋਂ ਪਹਿਲਾਂ ਉਹ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟ ਸ਼ਮੀਰ ਵਿਖੇ ਪੰਜ ਸਾਲ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਡਾ. ਮਨੋਰਮਾ ਸਮਾਗ ਪ੍ਰਸਿੱਧ ਸਾਹਿਤਕਾਰ ਅਤੇ ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਸੇਵਾਮੁਕਤ ਪ੍ਰੋਫੈਸਰ ਸਵਰਗੀ ਪ੍ਰੋ. ਗੁਰਬਚਨ ਸਿੰਘ ਨਰੂਆਣਾ ਦੀ ਸਪੁੱਤਰੀ ਹਨ। ਉਨ੍ਹਾਂ ਨੇ ਅਕਾਦਮਿਕ ਅਤੇ ਸਾਹਿਤਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਦੀਆਂ ਚਾਰ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਅਤੇ ਕਈ ਖੋਜ-ਪੱਤਰ ਤੇ ਲੇਖ ਵੱਖ-ਵੱਖ ਪ੍ਰਕਾਸ਼ਨਾਂ ਵਿੱਚ ਛਪ ਚੁੱਕੇ ਹਨ। ਉਨ੍ਹਾਂ ਦੀਆਂ ਪ੍ਰਮੁੱਖ ਪੁਸਤਕਾਂ ਵਿੱਚ ‘ਨਾਰੀਵਾਦ ਚਿੰਤਨ ਅਤੇ ਪੰਜਾਬੀ ਨਾਟਕ’, ‘ਗਾਗਰੀ ਦੇ ਪ੍ਰਮੁੱਖ ਨਾਟਕਾਂ ਵਿੱਚ ਲੋਕ-ਤੱਤ’, ‘ਨਾਰੀਵਾਦੀ ਸਮੀਖਿਆ’ ਅਤੇ ‘ਕਿੱਸਾ ਸੋਹਣੀ-ਮਹੀਂਵਾਲ ਦਾ ਸੰਪਾਦਨ’ ਸ਼ਾਮਲ ਹਨ। ਉਨ੍ਹਾਂ ਦੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਪੀਐੱਚਡੀ ਦੀ ਡਿਗਰੀ ਹਾਸਲ ਕਰਨ ਦੇ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਮੈਰਿਟ ਸੂਚੀ ਵਿੱਚ ਸਥਾਨ ਬਣਾਇਆ ਅਤੇ ਯੂਜੀਸੀ-ਨੈੱਟ ਵਰਗੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਅਹੁਦਾ ਸੰਭਾਲਣ ਉਪਰੰਤ ਡਾ. ਸਮਾਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਦਿਆਰਥਣਾਂ ਦੇ ਅਕਾਦਮਿਕ, ਸਾਹਿਤਕ ਅਤੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਕਾਲਜ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।