12 ਸਾਲ ਤੋਂ ਬੰਦ ਪਏ ਨਸ਼ਾ ਮੁਕਤੀ ਕੇਂਦਰ ਦਾ ਬੀਬਾ ਬਲਜਿੰਦਰ ਕੌਰ ਨੇ ਕੀਤਾ ਉਦਘਾਟਨ 12 ਸਾਲਾਂ ਤੋਂ ਬੰਦ ਪਏ ਨਸ਼ਾ ਮੁਕਤੀ ਕੇਂਦਰ ਨੂੰ ਮੁੜ ਮਿਲੀ ਰੌਣਕ, ਬੀਬਾ ਬਲਜਿੰਦਰ ਕੌਰ ਨੇ ਕੀਤਾ ਉਦਘਾਟਨ
Publish Date: Fri, 09 Oct 2026 08:28 PM (IST)
Updated Date: Sat, 10 Oct 2026 04:06 AM (IST)
* ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ * ਹੁਣ ਇਲਾਕੇ ਦੇ ਮਰੀਜ਼ਾਂ ਨੂੰ ਸਥਾਨਕ ਪੱਧਰ ’ਤੇ ਮਿਲੇਗਾ ਇਲਾਜ ਫੋਟੋ : 76 ਕੈਪਸ਼ਨ:ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਖੇ ਨਸ਼ਾ ਮੁਕਤੀ ਕੇਂਦਰ ਦਾ ਉਦਘਾਟਨ ਕਰਦੇ ਹੋਏ ਪ੍ਰੋ. ਬੀਬਾ ਬਲਜਿੰਦਰ ਕੌਰ ਅਤੇ ਮੌਕੇ ’ਤੇ ਮੌਜੂਦ ਹੋਰ ਸ਼ਖ਼ਸੀਅਤਾਂ। ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਪਿਛਲੇ ਕਰੀਬ 12 ਸਾਲਾਂ ਤੋਂ ਬੰਦ ਪਏ ਨਸ਼ਾ ਮੁਕਤੀ ਕੇਂਦਰ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਪ੍ਰੋ. ਬੀਬਾ ਬਲਜਿੰਦਰ ਕੌਰ ਨੇ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਕੇਂਦਰ ਦੇ ਮੁੜ ਸ਼ੁਰੂ ਹੋਣ ਨਾਲ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸਹੂਲਤ ਮਿਲੇਗੀ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ ਲੰਮੇ ਸਮੇਂ ਤੋਂ ਬੰਦ ਸੀ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਸਿਹਤ ਵਿਭਾਗ ਵੱਲੋਂ ਯਤਨ ਕੀਤੇ ਜਾ ਰਹੇ ਸਨ। ਹੁਣ ਕੇਂਦਰ ਨੂੰ ਦੁਬਾਰਾ ਲੋਕਾਂ ਦੀ ਸੇਵਾ ਲਈ ਸ਼ੁਰੂ ਕੀਤਾ ਗਿਆ ਹੈ। ਇੱਥੇ ਡਾ. ਅੰਕੁਰ ਸਿੰਗਲਾ ਵੱਲੋਂ ਨਸ਼ੇ ਦੀ ਲਤ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਤੇ ਉਨ੍ਹਾਂ ਦੀ ਸਿਹਤ ਦੀ ਸਥਿਤੀ ਅਨੁਸਾਰ ਲੋੜੀਂਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਡਾ. ਗੁਪਤਾ ਨੇ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ। ਇਸ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਡਾਕਟਰੀ ਇਲਾਜ ਦੇ ਨਾਲ ਪਰਿਵਾਰਕ ਸਹਿਯੋਗ ਅਤੇ ਸਮਾਜਿਕ ਸਹਾਰੇ ਦੀ ਵੀ ਲੋੜ ਹੁੰਦੀ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਨਿਰਾਸ਼ ਕਰਨ ਜਾਂ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਬਜਾਏ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਤੱਕ ਲਿਆਂਦਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਦੇ ਮੁੜ ਚਾਲੂ ਹੋਣ ਨਾਲ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲੇਗਾ ਅਤੇ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਇਸ ਮੌਕੇ ਚੌਧਰੀ ਜਸਵਿੰਦਰ ਕੌਰ ਮੈਂਬਰ ਮਹਿਲਾ ਕਮਿਸ਼ਨ ਪੰਜਾਬ, ਐਸਡੀਐਮ ਵੀਰਪਾਲ ਕੌਰ, ਸਿਵਲ ਹਸਪਤਾਲ ਬਠਿੰਡਾ ਦਾ ਸਟਾਫ, ਬਾਬਾ ਬਲਮ ਸਿੰਘ, ਯੁੱਧ ਨਸ਼ਿਆਂ ਵਿਰੁੱਧ ਦੇ ਕੋਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਹਲਕਾ ਕੋਆਰਡੀਨੇਟਰ ਹਰਪ੍ਰੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।