‘ਆਪ’ ਸਰਕਾਰ ਦੇ ਰਾਜ ’ਚ ਟੌਫੀਆਂ ਵਾਂਗ ਵਿਕ ਰਿਹਾ ਨਸ਼ਾ : ਅਵਤਾਰ ਮਾਨ ‘ਆਪ ਸਰਕਾਰ ਦੇ ਰਾਜ ’ਚ ਟੌਫੀਆਂ ਵਾਂਗ ਵਿਕ ਰਿਹਾ ਨਸ਼ਾ’: ਅਵਤਾਰ ਸਿੰਘ ਮਾਨ
Publish Date: Thu, 20 Aug 2026 06:32 PM (IST)
Updated Date: Fri, 21 Aug 2026 04:06 AM (IST)
* ਕਿਹਾ, ਨਸ਼ੇ ਨਾਲ ਹਰ ਰੋਜ਼ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ, ਸਰਕਾਰ ਸਖ਼ਤੀ ਕਰਨ ਦੀ ਬਜਾਏ ਡਰਾਮਿਆਂ ਤਕ ਸੀਮਤ ਫੋਟੋ:3 ਕੈਪਸ਼ਨ : ਅਵਤਾਰ ਸਿੰਘ ਮਾਨ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੁੰਦੀ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ (ਰਾਖਵਾਂ) ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਮਾਨ ਨੇ ਪੰਜਾਬ ਸਰਕਾਰ ’ਤੇ ਨਸ਼ੇ ਦੀ ਸਮੱਸਿਆ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਦੇ ਮੁਕਾਬਲੇ ਨਸ਼ਾ ਘਟਣ ਦੀ ਬਜਾਏ ਵਧਿਆ ਹੈ ਅਤੇ ਨਸ਼ਾ ਹੁਣ ਆਮ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਮਾਨ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਥਿਤ ਤੌਰ ’ਤੇ ਟੌਫੀਆਂ ਵਾਂਗ ਵਿਕ ਰਿਹਾ ਹੈ ਅਤੇ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰ ਵੱਲੋਂ ਇਸ ਸਮੱਸਿਆ ਨੂੰ ਰੋਕਣ ਲਈ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਬੀੜ ਤਲਾਬ ਖੇਤਰ ਵਿੱਚ ਕੁਝ ਦਿਨ ਪਹਿਲਾਂ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਘਟਨਾ ਇਸ ਗੰਭੀਰ ਸਮੱਸਿਆ ਦੀ ਇਕ ਹੋਰ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪਰਿਵਾਰਾਂ ਨੂੰ ਉਜਾੜ ਰਹੀਆਂ ਹਨ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲਗਾ ਰਹੀਆਂ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਕਈ ਇਲਾਕਿਆਂ ਵਿੱਚ ਘਰ-ਘਰ ਤਕ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਨਸ਼ਾ ਤਸਕਰਾਂ ਅਤੇ ਇਸ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਅਵਤਾਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ੇ ਦੀ ਸਪਲਾਈ ਲਾਈਨ ਤੋੜਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਰਕਾਰ ਨੂੰ ਨਸ਼ੇ ਦੇ ਮੁੱਦੇ ’ਤੇ ਸਿਆਸਤ ਤੋਂ ਉੱਪਰ ਉੱਠ ਕੇ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।