ਡੀਟੀਐੱਫ਼ ਵੱਲੋਂ ਅੱਜ ਦੀ ਸਤੌਜ ਰੈਲੀ ਲਈ ਅਧਿਆਪਕਾਂ ਵਿਚ ਭਾਰੀ ਉਤਸ਼ਾਹ, ਡੀਟੀਐਫ਼ ਕਾਰਕੁਨ ਹਜ਼ਾਰਾਂ ਦੀ ਗਿਣਤੀ ਵਿਚ ਸਤੌਜ ਪਹੁੰਚਣਗੇ : ਡੀਟੀਐਫ਼ ਪੰਜਾਬ ਡੀਟੀਐਫ਼ ਵੱਲੋਂ ਅੱਜ ਦੀ ਸਤੌਜ ਰੈਲੀ ਲਈ ਅਧਿਆਪਕਾਂ ਵਿਚ ਭਾਰੀ ਉਤਸਾਹ
Publish Date: Sat, 22 Aug 2026 05:02 PM (IST)
Updated Date: Sat, 22 Aug 2026 05:03 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੁੱਖ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਹਜ਼ਾਰਾਂ ਕਾਰਕੁਨ ਸ਼ਾਮਲ ਹੋਣਗੇ। ਇਹ ਜਾਣਕਾਰੀ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਦਿੱਤੀ। ਆਗੂਆਂ ਨੇ ਦੱਸਿਆ ਕਿ ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮਲੇਰਕੋਟਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿਚ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਆਗੂਆਂ ਦੀਆਂ ਟੀਮਾਂ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰ ਰਹੀਆਂ ਹਨ। ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ, ਸਹਾਇਕ ਸਕੱਤਰ ਕੁਲਵਿੰਦਰ ਵਿਰਕ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਲੰਮੇ ਸਮੇਂ ਤੋਂ ਪੈਂਡਿੰਗ ਹਨ। ਇਨ੍ਹਾਂ ਵਿਚ ਪੁਰਾਣੀ ਪੈਨਸ਼ਨ ਬਹਾਲੀ, 18 ਫੀਸਦੀ ਬਕਾਇਆ ਡੀਏ ਜਾਰੀ ਕਰਨਾ, ਮੁਲਾਜ਼ਮ ਮਾਰੂ ਪੱਤਰ ਰੱਦ ਕਰਨਾ, 37 ਭੱਤੇ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਪੱਕਾ ਕਰਨਾ ਅਤੇ ਪੇ-ਕਮਿਸ਼ਨ ਦੇ ਬਕਾਏ ਜਾਰੀ ਕਰਨਾ ਸ਼ਾਮਲ ਹਨ। ਆਗੂਆਂ ਨੇ ਕਿਹਾ ਕਿ 23 ਅਗਸਤ ਦੀ ਸਤੌਜ ਰੈਲੀ ਇਤਿਹਾਸਿਕ ਮੀਲ ਪੱਥਰ ਸਾਬਤ ਹੋਵੇਗੀ।