ਦੀਪਕ ਸ਼ਰਮਾ/ਜਾਸ, ਬਠਿੰਡਾ : ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੀ ਪੁਲਿਸ ਕਾਰਵਾਈ ਤੋਂ ਬਾਅਦ ਸੂਬੇ ਭਰ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ ਅਤੇ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫਰਾਰ ਹਨ

ਇਸ ਸਬੰਧੀ ਪੰਜਾਬ ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਲਿਸ ਨੇ ਵਾਰਿਸ ਪੰਜਾਬ ਦੇ ਲੋਕਾਂ ਖਿਲਾਫ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਹੁਣ ਤੱਕ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਕਈਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫਰਾਰ ਹਨ।

ਪੰਜਾਬ ਪੁਲਿਸ ਅਨੁਸਾਰ ਰਾਜ ਵਿਆਪੀ ਕਾਰਵਾਈ ਦੌਰਾਨ ਹੁਣ ਤੱਕ ਇੱਕ ਪੁਆਇੰਟ 315 ਬੋਰ ਰਾਈਫਲ, 7 12 ਬੋਰ ਰਾਈਫਲ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰਾਂ ਦੇ 373 ਜਿੰਦਾ ਕਾਰਤੂਸ ਸਮੇਤ 9 ਹਥਿਆਰ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਤਰਫੋਂ ਸਾਰੇ ਜ਼ਿਲੇ ਦੇ ਥਾਣਾ ਇੰਚਾਰਜਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਲੋਕਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਭਰ ’ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਤਾਂ ਜੋ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ ਅਤੇ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐੱਸਐੱਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੱਲੋਂ ਜ਼ਿਲ੍ਹੇ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਭਰ ਵਿਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਲੋਕਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਸ਼ਨੀਵਾਰ ਸ਼ਾਮ ਨੂੰ ਜ਼ਿਲ੍ਹੇ ਭਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿਚ 16 ਦੇ ਕਰੀਬ ਨਾਕੇ ਲਾਏ ਗਏ ਹਨ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਸਮਾਗਮ ਵਿਚ ਸ਼ਾਮਲ ਹੋਣਾ ਸੀ। ਅੰਮ੍ਰਿਤਪਾਲ ਸਿੰਘ ਦੇ ਆਉਣ ਤੋਂ ਪਹਿਲਾਂ ਹੀ ਬਠਿੰਡਾ ਪੁਲਿਸ ਹਾਈ ਅਲਰਟ ’ਤੇ ਸੀ ਅਤੇ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਨੇ ਸਖਤ ਨਾਕਾਬੰਦੀ ਕੀਤੀ ਹੋਈ ਸੀ ਕਿਉਂਕਿ ਬਠਿੰਡਾ ਦੀਆਂ ਕੁਝ ਹਿੰਦੂ ਜਥੇਬੰਦੀਆਂ ਨੇ ਅੰਮ੍ਰਿਤਪਾਲ ਦੇ ਬਠਿੰਡਾ ਆਉਣ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਜਿਸ ਦੇ ਚੱਲਦਿਆਂਂ ਹਿੰਦੂ ਸੰਗਠਨ ਦੇ ਕੁਝ ਆਗੂ ਆਪਣੇ ਸਮਰਥਕਾਂ ਸਮੇਤ ਪਿੰਡ ਜੀਦਾ ਦੇ ਟੋਲ ਪਲਾਜ਼ਾ ’ਤੇ ਪਹੁੰਚ ਗਏ ਸਨ ਪਰ ਬਠਿੰਡਾ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਨੂੰ ਸ਼ਨੀਵਾਰ ਦੁਪਹਿਰ ਜਲੰਧਰ ਦੇ ਸ਼ਹਿਰ ਨਕੋਦਰ ਨੇੜਿਓਂ ਗ੍ਰਿਫਤਾਰ ਕਰ ਲਿਆ।

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ’ਚ ਮਾਹੌਲ ਤਣਾਅਪੂਰਨ ਨਾ ਹੋ ਸਕੇ, ਇਸ ਲਈ ਸਾਰੇ ਜ਼ਿਲ੍ਹਿਆਂ ’ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਸ਼ਹਿਰ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰਕੇ ਨਾਕਾਬੰਦੀ ਕਰ ਦਿੱਤੀ। ਸਰਹੱਦੀ ਇਲਾਕਿਆਂ ਵਿਚ ਵੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਲੋਕਾਂ ਦੀ ਸਖ਼ਤ ਚੈਕਿੰਗ ਲਈ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ਵਿਚ ਦੋ ਦਰਜਨ ਦੇ ਕਰੀਬ ਥਾਵਾਂ ’ਤੇ ਨਾਕਾਬੰਦੀ ਕੀਤੀ। ਇਸ ਦੇ ਨਾਲ ਫਲੈਗ ਮਾਰਚ ਕੱਢਿਆ ਗਿਆ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਕਾਰਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਪੁਲਿਸ ਨੇ ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਸਾਰੇ ਰਸਤਿਆਂ ’ਤੇ ਨਾਕਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਅਤੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹਿੰਦੂ ਮਹਾਂ ਸੰਗਠਨ ਦੀ ਮੀਟਿੰਗ ’ਚ ਫੈਸਲਾ ਲਿਆ ਗਿਆ ਸੀ ਕਿ ਅੰਮ੍ਰਿਤਪਾਲ ਨੂੰ ਬਠਿੰਡਾ ਨਹੀਂ ਆਉਣ ਦਿੱਤਾ ਜਾਵੇਗਾ।

ਜ਼ਿਲ੍ਹੇ 'ਚ ਧਾਰਾ 144 ਲਾਗੂ

ਬਠਿੰਡਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਧਾਰਾ 144 ਪਹਿਲਾਂ ਹੀ ਲਾਗੂ ਹੈ, ਪਰ ਹੁਣ ਇਸ ਨੂੰ ਹੋਰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ। ਪਹਿਲਾਂ ਦੀ ਤਰ੍ਹਾਂ ਇਹ ਹੁਕਮ ਜ਼ਿਲ੍ਹੇ ਵਿਚ 31 ਮਾਰਚ ਤੱਕ ਲਾਗੂ ਰਹੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਜ਼ਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਵਿਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਕੋਸ਼ਸ਼ਿ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਗਲਤ ਜਾਣਕਾਰੀ ਫੈਲਾਉਣ ਵਾਲੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

Posted By: Jagjit Singh