ਗੁਰਤੇਜ ਸਿੰਘ ਸਿੱਧੂ, ਬਠਿੰਡਾ : ਈਜੀਐੱਸ,ਏਆਈ, ਐੱਸਟੀਆਰ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਨਿਸ਼ਾਂਤ ਕਪੂਰਥਲਾ ਵੱਲੋਂ ਆਤਮਦਾਹ ਕਰਨ ਦੀ ਧਮਕੀ ਬਾਅਦ ਪੰਜਾਬ ਸਰਕਾਰ ਝੁਕ ਗਈ ਹੈ। ਸਿੱਖਿਆ ਮੰਤਰੀ ਨੇ 30 ਸਤੰਬਰ ਨੂੰ ਵਲੰਟੀਅਰਾਂ ਨਾਲ ਪੈਨਲ ਮੀਟਿੰਗ ਸੱਦ ਲਈ, ਜਿਸ ਵਿਚ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਲਈ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਵੱਲੋਂ ਬਕਾਇਦਾ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ ਉਕਤ ਪੱਤਰ ਆਤਮਦਾਹ ਕਰਨ ਦਾ ਐਲਾਨ ਕਰਨ ਵਾਲੇ ਵਲੰਟੀਅਰ ਨਿਸ਼ਾਂਤ ਨੂੰ ਵੀ ਭੇਜ ਕੇ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਿਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੀ ਈਜੀਐੱਸ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਨਿਸ਼ਾਂਤ ਨੇ 29 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਆਤਮਦਾਹ ਕਰਨ ਦਾ ਐਲਾਨ ਕੀਤਾ ਸੀ। ਸ਼ੁੱਕਰਵਾਰ ਨੂੰ ਪ੍ਰਰੈਸ ਨੋਟ ਜਤੇ ਸਿੱਖਿਆ ਵਿਭਾਗ ਵੱਲੋਂ ਮੀਟਿੰਗ ਦਾ ਪੱਤਰ ਜਾਰੀ ਕਰਦਿਆਂ ਨਿਸ਼ਾਂਤ ਕਪੂਰਥਲਾ ਨੇ ਕਿਹਾ ਕਿ ਵਲੰਟੀਅਰ ਬਹੁਤ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਨਹੀਂ ਚੱਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਕੂਲਾਂ ਵਿਚ ਪ੍ਰਰੀ- ਨਰਸਰੀ ਜਮਾਤਾਂ ਸ਼ੁਰੂ ਕਰਨ ਤੋਂ ਬਾਅਦ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਪੰਜਾਬ ਸਰਕਾਰ ਵਲੰਟੀਅਰਾਂ ਨੂੰ ਪੱਕਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ 30 ਸਤੰਬਰ ਦੀ ਮੀਟਿੰਗ ਵਿਚ ਵਲੰਟੀਅਰਾਂ ਦੀਆਂ ਮੰਗਾਂ ਨਾਂ ਮੰਨੀਆਂ ਤੇ ਚਲਾਕੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ 2 ਅਕਤੂਬਰ ਨੂੰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਚ ਆਤਮਦਾਹ ਕਰ ਲਵੇਗਾ।