ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ
ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ
Publish Date: Sat, 10 Oct 2026 05:42 PM (IST)
Updated Date: Sat, 10 Oct 2026 05:44 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ਵ ਬਜ਼ੁਰਗਾਂ ਦੀ ਸਿਹਤ ਸੰਭਾਲ ਹਫ਼ਤੇ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਹਤ ਕੇਂਦਰ ਕੋਟਬਖਤੂ ਵਿਖੇ ਬਜ਼ੁਰਗਾਂ ਤੇ ਆਮ ਲੋਕਾਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ (ਸੀਐੱਚਓ) ਕਰਮਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰ ਅਤੇ ਸਮਾਜ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੀ ਸਿਹਤ, ਸੁਰੱਖਿਆ, ਸਨਮਾਨ ਅਤੇ ਦੇਖਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਪਣੀ ਸਿਹਤ ਪ੍ਰਤੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਬਜ਼ੁਰਗਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣ, ਰੋਜ਼ਾਨਾ ਹਲਕੀ ਕਸਰਤ ਜਾਂ ਸੈਰ ਕਰਨ ਅਤੇ ਡਾਕਟਰ ਵੱਲੋਂ ਦੱਸੀਆਂ ਦਵਾਈਆਂ ਸਮੇਂ ਸਿਰ ਲੈਣ ਦੀ ਸਲਾਹ ਦਿੱਤੀ। ਸਿਹਤ ਵਰਕਰ ਵੀਰਪਾਲ ਕੌਰ ਨੇ ਕਿਹਾ ਕਿ ਬਜ਼ੁਰਗਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀਆਂ ਸਮੱਸਿਆਵਾਂ, ਜੋੜਾਂ ਦੇ ਦਰਦ ਅਤੇ ਹੋਰ ਉਮਰ ਨਾਲ ਸਬੰਧਤ ਬਿਮਾਰੀਆਂ ਦੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਜ਼ੁਰਗਾਂ ਨਾਲ ਪਿਆਰ, ਸਤਿਕਾਰ ਅਤੇ ਧੀਰਜ ਨਾਲ ਪੇਸ਼ ਆਉਣ।