ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਮੁਲਾਜ਼ਮਾਂ ਨੇ ਮਨਾਈ ‘ਕਾਲੀ ਦਿਵਾਲੀ’ ਸਰਕਾਰ ਵੱਲੋਂ ਵਾਅਦਾਖ਼ਿਲਾਫ਼ੀ ਖ਼ਿਲਾਫ਼ ਮੁਲਾਜ਼ਮਾਂ ਨੇ ਮਨਾਈ ‘ਕਾਲੀ ਦਿਵਾਲੀ’
Publish Date: Mon, 09 Nov 2026 05:03 PM (IST)
Updated Date: Tue, 10 Nov 2026 04:03 AM (IST)
14 ਨਵੰਬਰ ਨੂੰ ਧੂਰੀ ਵਿਖੇ ਹੋਵੇਗਾ ਵਿਸ਼ਾਲ ਇਕੱਠ ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ, ਗੋਨਿਆਣਾ : ਅੱਜ ‘ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਸਮੂਹ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ‘ਕਾਲੀ ਦਿਵਾਲੀ’ ਮਨਾਈ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਬੀਤੀ 6 ਨਵੰਬਰ ਨੂੰ ਕੀਤੀ ਗਈ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਅਤੇ ਵੱਡੀਆਂ ਰਾਹਤਾਂ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਹਕੀਕਤ ਵਿੱਚ ਸਰਕਾਰ ਆਪਣੇ ਇਸ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਉਸ ਨੇ ਮੁਲਾਜ਼ਮ ਵਰਗ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਸਰਕਾਰ ਦੀ ਇਸ ਬੇਰੁਖ਼ੀ ਅਤੇ ਧੋਖੇ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ, ਜਿਸ ਦੇ ਸਿੱਟੇ ਵਜੋਂ ਤਿਉਹਾਰ ਦੀਆਂ ਖ਼ੁਸ਼ੀਆਂ ਤਿਆਗ ਕੇ ਕਾਲੀ ਦਿਵਾਲੀ ਮਨਾਉਣ ਦਾ ਸਖ਼ਤ ਕਦਮ ਚੁੱਕਣਾ ਪਿਆ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਟਾਲ-ਮਟੋਲ ਅਤੇ ਲਾਰੇਬਾਜ਼ੀ ਦੀ ਨੀਤੀ ਬੰਦ ਨਾ ਕੀਤੀ, ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਇਸ ਆਰ-ਪਾਰ ਦੀ ਲੜਾਈ ਵਿੱਚ ਮੁਲਾਜ਼ਮਾਂ ਦੇ ਨਾਲ-ਨਾਲ ਉਹਨਾਂ ਦੇ ਪਰਿਵਾਰ, ਬੱਚੇ, ਰਿਸ਼ਤੇਦਾਰ ਅਤੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਸੜਕਾਂ ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਯਾਦ ਦਿਵਾਇਆ ਕਿ ਮੌਜੂਦਾ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕਰਕੇ ਆਈ ਸੀ ਕਿ ਇੰਨਲਿਸਟਮੈਂਟ, ਆਊਟਸੋਰਸ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਕਾਮਿਆਂ ਨੂੰ ਸਬੰਧਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ। ਪਰ ਅਫ਼ਸੋਸ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਰਫ਼ ਲਾਰਿਆਂ ਨਾਲ ਹੀ ਡੰਗ ਟਪਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਮੁਲਾਜ਼ਮਾਂ ਦੀਆਂ ਸਮੂਹ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰ ਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ 12 ਨਵੰਬਰ ਨੂੰ ਤੈਅ ਹੋਈ ਅਗਲੀ ਮੀਟਿੰਗ ਵਿੱਚ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੱਕਾ ਅਤੇ ਸਥਾਈ ਹੱਲ ਕੱਢੇਗੀ ਜੇਕਰ ਇਸ ਮੀਟਿੰਗ ਵਿੱਚ ਵੀ ਕੋਈ ਠੋਸ ਫ਼ੈਸਲਾ ਨਾ ਆਇਆ, ਤਾਂ 14 ਨਵੰਬਰ ਨੂੰ ਧੂਰੀ ਦੀ ਧਰਤੀ ਤੇ ਇਤਿਹਾਸਕ ਤੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਅਤੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਸਾਰੇ ਫਰਦ ਕੇਂਦਰਾਂ ਦੇ ਮੁਲਾਜ਼ਮ ਹਾਜਰ ਰਹੇ।