ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਰਕਰਾਂ, ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗਾਂ ਦੇ ਸਿਲਸਿਲੇ ’ਚ ਐਤਵਾਰ ਨੂੰ ਪਿੰਡ ਗੁਲਾਬਗੜ੍ਹ ਮੀਟਿੰਗ ਕਰ ਰਹੇ ਸਨ। ਇਸੇ ਦੌਰਾਨ ਪਿੰਡ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਇਲਾਕੇ ’ਚ ਫੈਲ ਰਹੇ ਨਸ਼ਿਆਂ ਦਾ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਸਾਹਮਣੇ ਜ਼ੋਦਰਦਾਰ ਤਰੀਕੇ ਨਾਲ ਰੱਖਿਆ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨਸ਼ਿਆਂ ਖ਼ਿਲਾਫ਼ ਕਾਰਵਾਈ ’ਚ ਲਾਪਰਵਾਹੀ ਵਰਤਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਸਦਰ ਥਾਣੇ ਅਧੀਨ ਪੈਂਦੀ ਕੋਟਸ਼ਮੀਰ ਪੁਲਿਸ ਚੌਕੀ ਦਾ ਪੂਰਾ ਸਟਾਫ ਬਦਲ ਦਿੱਤਾ ਹੈ। ਇਹ ਕਾਰਵਾਈ ਐਤਵਾਰ ਨੂੰ ਬਠਿੰਡਾ ਸਥਿਤ ਬਲਵੰਤ ਗਾਰਗੀ ਆਡੀਟੋਰੀਅਮ ’ਚ ਲੋਕਾਂ ਨਾਲ ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਰਕਰਾਂ, ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗਾਂ ਦੇ ਸਿਲਸਿਲੇ ’ਚ ਐਤਵਾਰ ਨੂੰ ਪਿੰਡ ਗੁਲਾਬਗੜ੍ਹ ਮੀਟਿੰਗ ਕਰ ਰਹੇ ਸਨ। ਇਸੇ ਦੌਰਾਨ ਪਿੰਡ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਇਲਾਕੇ ’ਚ ਫੈਲ ਰਹੇ ਨਸ਼ਿਆਂ ਦਾ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਸਾਹਮਣੇ ਜ਼ੋਦਰਦਾਰ ਤਰੀਕੇ ਨਾਲ ਰੱਖਿਆ। ਸਰਪੰਚ ਲੱਖਾ ਸਿੰਘ ਨੇ ਦਾਅਵਾ ਕੀਤਾ ਕਿ ਪਿੰਡ ਤੇ ਆਲੇ-ਦੁਆਲੇ ਦੇ ਇਲਾਕੇ ’ਚ ਨਸ਼ਾ ਖੁਲ੍ਹੇਆਮ ਵੇਚਿਆ ਜਾ ਰਿਹਾ ਹੈ। ਇਸ ਨਾਲ ਕਈ ਨੌਜਵਾਨਾਂ ਦੀ ਮੌਤ ਹੋ ਚੁਕੀ ਹੈ। ਹਾਲ ਹੀ ’ਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ। ਇਸ ਸਬੰਧੀ ਕਈ ਵਾਰ ਥਾਣਾ ਸਦਰ ਬਠਿੰਡਾ ਤੇ ਕੋਟਸ਼ਮੀਰ ਚੌਕੀ ’ਚ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਸਗੋਂ ਟਾਲਮਟੋਲ ਕੀਤੀ ਜਾਂਦੀ ਰਹੀ।
ਸਰਪੰਚ ਦੀ ਇਹ ਗੱਲ ਸੁਣ ਕੇ ਮੁੱਖ ਮੰਤਰੀ ਨੂੰ ਗੁੱਸਾ ਚੜ੍ਹ ਗਿਆ ਤੇ ਉਨ੍ਹਾਂ ਕਿਹਾ ਕਿ ਅਜਿਹੇ ਮੁਲਜ਼ਮਾਂ ਦੀ ਕੋਈ ਲੋੜ ਨਹੀਂ ਹੈ ਜਿਹੜੇ ਨਸ਼ਿਆਂ ਦੇ ਮਾਮਲੇ ’ਚ ਢਿੱਲ ਵਰਤਦੇ ਹਨ। ਉਨ੍ਹਾਂ ਮੌਕੇ ’ਤੇ ਹੀ ਹਰਜੀਤ ਸਿੰਘ ਡੀਆਈਜੀ, ਬਠਿੰਡਾ ਰੇਂਜ ਨਾਲ ਗੱਲ ਕਰ ਕੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ। ਹੁਕਮ ਤੋਂ ਬਾਅਦ ਡੀਆਈਜੀ ਨੇ ਕੋਟਸ਼ਮੀਰ ਪੁਲਿਸ ਚੌਕੀ ਦੇ ਇੰਚਾਰਜ ਸਮੇਤ ਕੁੱਲ 11 ਪੁਲਿਸ ਕਰਮੀਆਂ ਨੂੰ ਮਾਨਸਾ ਜ਼ਿਲ੍ਹੇ ’ਚ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਇਸਦੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਕਿ ਚੌਕੀ ’ਚ ਨਵਾਂ ਸਟਾਫ਼ ਜਲਦੀ ਤਾਇਨਾਤ ਕੀਤਾ ਜਾਵੇ, ਤਾਂ ਜੋ ਕਾਨੂੰਨ-ਵਿਵਸਥਾ ਪ੍ਰਭਾਵਿਤ ਨਾ ਹੋਵੇ।
ਨਸ਼ਿਆਂ ’ਤੇ ਕੋਈ ਸਮਝੌਤਾ ਨਹੀਂ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਨਸ਼ੇ ਖ਼ਤਮ ਕਰਨ ਲਈ ਪਹਿਲ ਦੇ ਅਧਾਰ ’ਤੇ ਕੰਮ ਕਰ ਰਹੀ ਹੈ। ਇਸਦੇ ਬਾਵਜੂਦ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਗੰਭੀਰ ਮਾਮਲੇ ਨੂੰ ਹਲਕੇ ’ਚ ਲੈਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਲਾਪਰਵਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ, ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣਾ ਪਏਗਾ।
ਬਕਾਇਆ ਰਹਿੰਦੀਆਂ ਸ਼ਿਕਾਇਤਾਂ ’ਤੇ ਨਾਰਾਜ਼ਗੀ
ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪੈਂਡਿੰਗ ਸ਼ਿਕਾਇਤਾਂ ਦਾ ਮੁੱਦਾ ਵੀ ਆਇਆ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਕਈ ਮਾਮਲਿਆਂ ’ਚ ਛੇ-ਛੇ ਮਹੀਨੇ ਤੱਕ ਕੋਈ ਕਾਰਵਾਈ ਨਹੀਂ ਹੁੰਦੀ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਖਾਸ ਕਰਕੇ ਪੁਲਿਸ ਦੇ ਕੰਮ ਕਾਜ ’ਤੇ ਨਰਾਜ਼ਗੀ ਪ੍ਰਗਟ ਕੀਤੀ। ਇਸ ’ਤੇ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹੁਕਮ ਦਿੱਤਾ ਕਿ ਆਪਣੇ-ਆਪਣੇ ਦਫਤਰਾਂ ’ਚ ਪੈਂਡਿੰਗ ਸ਼ਿਕਾਇਤਾਂ ਦੀ ਸਮੀਖਿਆ ਕਰਨ ਤੇ ਉਨ੍ਹਾਂ ਦਾ ਸਮੇਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਰ ਮਹੀਨੇ ਇਹ ਮਾਮਲੇ ਰੀਵਿਊ ਕੀਤੇ ਜਾਣ ਤੇ ਲਾਪਰਵਾਹ ਅਧਿਕਾਰੀਆਂ ’ਤੇ ਕਾਰਵਾਈ ਦੀ ਗੱਲ ਕੀਤੀ।
ਪੁਲਿਸ ’ਤੇ ਦਬਾਅ ਵਧਿਆ
ਮੁੱਖ ਮੰਤਰੀ ਦੀ ਇਸ ਕਾਰਵਾਈ ਦੇ ਬਾਅਦ ਪੁਲਿਸ ਮਹਕਮੇ ’ਚ ਹੜਕੰਪ ਮਚ ਗਿਆ ਹੈ। ਨਸ਼ਿਆਂ ਦੇ ਮਾਮਲਿਆਂ ’ਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਉੱਤੇ ਹੁਣ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ’ਚ ਹੋਰ ਸੰਵੇਦਨਸ਼ੀਲ ਖੇਤਰਾਂ ’ਚ ਵੀ ਇਸ ਤਰ੍ਹਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਪਿੰਡ ਗੁਲਾਬਗੜ੍ਹ ਤੇ ਆਲੇ-ਦੁਆਲੇ ਦੇ ਲੋਕਾਂ ਨੇ ਮੁੱਖ ਮੰਤਰੀ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਇਸੇ ਤਰ੍ਹਾਂ ਸਖ਼ਤੀ ਜਾਰੀ ਰਹੀ, ਤਾਂ ਨਸ਼ਿਆਂ ਦੇ ਕਾਰੋਬਾਰ ‘ਤੇ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾ ਸਕੇਗਾ ਅਤੇ ਨੌਜਵਾਨਾਂ ਨੂੰ ਬਚਾਇਆ ਜਾ ਸਕੇਗਾ। ਇਸ ਖ਼ਬਰ ਵਿੱਚ ਮੁੱਖ ਮੰਤਰੀ ਦੇ ਐਕਸ਼ਨ, ਪੁਲਿਸ ਟ੍ਰਾਂਸਫਰ, ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਤੇ ਆਮ ਲੋਕਾਂ ਦੀ ਪ੍ਰਤੀਕਿਰਿਆ ਸਪੱਸ਼ਟ ਤੌਰ ’ਤੇ ਦਰਸਾਈ ਹੈ।