ਬਠਿੰਡਾ ਦਿਹਾਤੀ ਦੀ ਸਿਆਸਤ ’ਚ ਤੀਜੇ ਧਿਰ ਦੀ ਐਂਟਰੀ ਬਠਿੰਡਾ ਦਿਹਾਤੀ ਦੀ ਸਿਆਸਤ ’ਚ ਤੀਜੇ ਧਿਰ ਦੀ ਐਂਟਰੀ
Publish Date: Mon, 16 Nov 2026 04:41 PM (IST)
Updated Date: Mon, 16 Nov 2026 04:42 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਬਠਿੰਡਾ ਦਿਹਾਤੀ ਹਲਕੇ ਦੀ ਸਿਆਸਤ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਸੇਵਾਮੁਕਤ ਪੀਸੀਐੱਸ ਅਧਿਕਾਰੀ ਗੋਪਾਲ ਸਿੰਘ ਕੋਟ ਫੱਤਾ ਨੂੰ ਉਮੀਦਵਾਰ ਐਲਾਨੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਪਟਵਾਰੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਵੀ ਹਲਕੇ ਵਿਚ ਆਪਣੀ ਸਰਗਰਮੀ ਵਧਾਉਣ ਵੱਲ ਕਦਮ ਵਧਾਇਆ ਹੈ। ਜਥੇਬੰਦੀ ਵੱਲੋਂ ਹਰਮੰਦਰ ਸਿੰਘ ਗੁਲਾਬਗੜ੍ਹ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਰਮੰਦਰ ਸਿੰਘ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਜਥੇਬੰਦੀ ਦਾ ਪ੍ਰੋਗਰਾਮ ਲੋਕਾਂ ਤੱਕ ਪਹੁੰਚਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਹਲਕੇ ਵਿੱਚ ਆਪਣੀ ਪਛਾਣ ਬਣਾਉਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਹਲਕੇ ਵਿਚ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਤੋਂ ਬਾਅਦ ਹਲਕੇ ਦੇ ਵਰਕਰਾਂ ਵੱਲੋਂ ਜਥੇਬੰਦੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਡਾ. ਪ੍ਰਗਟ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਲਖਵੀਰ ਸਿੰਘ ਲੱਖਾ ਸਿਧਾਣਾ, ਮੌੜ ਅਤੇ ਤਲਵੰਡੀ ਸਾਬੋ ਹਲਕਿਆਂ ਦੀ ਲੀਡਰਸ਼ਿਪ, ਹਲਕਾ ਇੰਚਾਰਜ ਮਨਦੀਪ ਸਿੰਘ ਸਿੱਧੂ, ਬਾਪੂ ਤਰਸੇਮ ਸਿੰਘ, ਪਰਮਜੀਤ ਸਿੰਘ ਜੌਹਲ, ਮਨਪ੍ਰੀਤ ਸਿੰਘ ਇਯਾਲੀ, ਬਾਬੂ ਸਿੰਘ ਬਰਾੜ ਅਤੇ ਕਾਬਲ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਿਆਸੀ ਪੱਖ ਤੋਂ ਦੇਖਿਆ ਜਾਵੇ ਤਾਂ ਬਠਿੰਡਾ ਦਿਹਾਤੀ ਹਲਕੇ ਵਿਚ ਇਸ ਨਿਯੁਕਤੀ ਨੂੰ ਤੀਜੀ ਧਿਰ ਦੀ ਸਿਆਸੀ ਸਰਗਰਮੀ ਵਜੋਂ ਦੇਖਿਆ ਜਾ ਰਿਹਾ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਚਿਹਰੇ ਨੂੰ ਸਾਹਮਣੇ ਨਾ ਲਿਆਉਣ ਕਾਰਨ ਸਿਆਸੀ ਚਰਚਾ ਹੋਰ ਵੀ ਦਿਲਚਸਪ ਬਣੀ ਹੋਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਹਰਮੰਦਰ ਸਿੰਘ ਗੁਲਾਬਗੜ੍ਹ ਹਲਕਾ ਇੰਚਾਰਜ ਦੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਸਿਆਸੀ ਤੌਰ ’ਤੇ ਕਿੰਨੇ ਕੁ ਮਜ਼ਬੂਤ ਹੋ ਕੇ ਉੱਭਰਦੇ ਹਨ ਅਤੇ ਕੀ ਆਉਣ ਵਾਲੇ ਸਮੇਂ ਵਿੱਚ ਉਹ ਚੋਣ ਮੈਦਾਨ ਵਿਚ ਵੀ ਆਪਣੀ ਦਾਅਵੇਦਾਰੀ ਪੇਸ਼ ਕਰਨਗੇ। ਬਠਿੰਡਾ ਦਿਹਾਤੀ ਦੀ ਸਿਆਸਤ ਵਿਚ ਆਉਣ ਵਾਲੇ ਦਿਨਾਂ ਦੌਰਾਨ ਹੋਰ ਕਿਹੜੇ ਨਵੇਂ ਚਿਹਰੇ ਸਾਹਮਣੇ ਆਉਂਦੇ ਹਨ, ਇਸ ’ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ ।