ਗੜੇਮਾਰੀ ਪੀੜਤ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ: ਬਲਕਾਰ ਸਿੱਧੂ ਗੜੇਮਾਰੀ ਪੀੜਤ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ: ਬਲਕਾਰ ਸਿੱਧੂ
Publish Date: Sun, 18 Oct 2026 05:31 PM (IST)
Updated Date: Sun, 18 Oct 2026 05:33 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ:- ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਕੋਠੇ ਟੱਲਵਾਲੀ, ਕੋਠੇ ਪਿੱਪਲੀ, ਗੁਰੂਸਰ, ਕੋਠੇ ਰੱਥੜੀਆਂ ਤੇ ਕੋਠੇ ਮਹਾਂ ਸਿੰਘ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ। ਵਿਧਾਇਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਭਾਵਿਤ ਖੇਤਰਾਂ ਵਿੱਚ ਫ਼ਸਲਾਂ ਦੀ ਗਿਰਦਾਵਰੀ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ, ਤਾਂ ਜੋ ਹਰੇਕ ਪ੍ਰਭਾਵਿਤ ਕਿਸਾਨ ਦੇ ਨੁਕਸਾਨ ਦਾ ਸਹੀ ਮੁਲਾਂਕਣ ਹੋ ਸਕੇ ਅਤੇ ਕੋਈ ਵੀ ਯੋਗ ਕਿਸਾਨ ਬਣਦੀ ਰਾਹਤ ਤੋਂ ਵਾਂਝਾ ਨਾ ਰਹੇ। ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ। ਗੜੇਮਾਰੀ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨਾਂ ਲਈ ਵੱਡੀ ਆਰਥਿਕ ਮੁਸ਼ਕਲ ਪੈਦਾ ਕਰਦਾ ਹੈ। ਅਜਿਹੇ ਸਮੇਂ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦੀ ਰਾਹਤ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦੌਰਾਨ ਖੇਤਾਂ ਵਿੱਚ ਹੋਏ ਨੁਕਸਾਨ ਨੂੰ ਧਿਆਨ ਨਾਲ ਦਰਜ ਕੀਤਾ ਜਾਵੇ ਅਤੇ ਕਾਰਵਾਈ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਰਾਹਤ ਦਿਵਾਉਣ ਲਈ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ।