ਪੰਜ-ਪੰਜ ਘੰਟਿਆਂ ਦੇ ਬਿਜਲੀ ਕੱਟਾਂ ਤੋਂ ਕਿਸਾਨ ਪਰੇਸ਼ਾਨ, ਝੋਨੇ ਦੀ ਫਸਲ ਨੂੰ ਪਾਣੀ ਦੇਣ ’ਚ ਆ ਰਹੀ ਦਿੱਕਤ ਪੰਜ-ਪੰਜ ਘੰਟਿਆਂ ਦੇ ਬਿਜਲੀ ਕੱਟਾਂ ਤੋਂ ਕਿਸਾਨ ਪਰੇਸ਼ਾਨ, ਝੋਨੇ ਦੀ ਫਸਲ ਨੂੰ ਪਾਣੀ ਦੇਣ ਵਿੱਚ ਆ ਰਹੀ ਦਿੱਕਤ
Publish Date: Sat, 05 Sep 2026 04:23 PM (IST)
Updated Date: Sat, 05 Sep 2026 04:25 PM (IST)
ਫੋਟੋ: 8,9,10 ਕੈਪਸ਼ਨ: ਪਿੰਡ ਦਾਨ ਸਿੰਘ ਵਾਲਾ ਦੇ ਬਿਜਲੀ ਗਰਿੱਡ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹੇ ਅੰਦਰ ਬਿਜਲੀ ਸਪਲਾਈ ਦੇ ਲੱਗ ਰਹੇ ਪੰਜ-ਪੰਜ ਘੰਟਿਆਂ ਦੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਜੂਦਾ ਸਮੇਂ ਝੋਨੇ ਦੀ ਫਸਲ ਨਿੱਸਰ ਰਹੀ ਹੈ ਤੇ ਇਸ ਪੜਾਅ ’ਤੇ ਫਸਲ ਨੂੰ ਲੋੜੀਂਦੇ ਪਾਣੀ ਦੀ ਸਖ਼ਤ ਜ਼ਰੂਰਤ ਹੈ। ਅਜਿਹੇ ’ਚ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਲਈ ਮਹਿੰਗਾ ਡੀਜ਼ਲ ਫੂਕ ਕੇ ਜਨਰੇਟਰ ਜਾਂ ਡੀਜ਼ਲ ਇੰਜਣ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਇਸ ਸਮੇਂ ਅਹਿਮ ਪੜਾਅ ’ਤੇ ਹੈ। ਜੇਕਰ ਫਸਲ ਨੂੰ ਸਮੇਂ ਸਿਰ ਲੋੜੀਂਦਾ ਪਾਣੀ ਨਾ ਮਿਲਿਆ ਤਾਂ ਇਸ ਦਾ ਸਿੱਧਾ ਅਸਰ ਫਸਲ ਦੇ ਵਾਧੇ ਤੇ ਆਉਣ ਵਾਲੇ ਸਮੇਂ ਵਿਚ ਝਾੜ ’ਤੇ ਪੈ ਸਕਦਾ ਹੈ। ਇਕ ਪਾਸੇ ਖੇਤੀ ਲਾਗਤ ਪਹਿਲਾਂ ਹੀ ਵਧੀ ਹੋਈ ਹੈ ਤੇ ਦੂਜੇ ਪਾਸੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਡੀਜ਼ਲ ਦਾ ਵਾਧੂ ਖਰਚਾ ਕਿਸਾਨਾਂ ’ਤੇ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਬਿਜਲੀ ਸਪਲਾਈ ਦੀ ਸਥਿਤੀ ਵਿਚ ਸੁਧਾਰ ਨਾ ਹੋਇਆ ਤਾਂ ਕਿਸਾਨਾਂ ਦਾ ਰੋਸ ਹੋਰ ਤਿੱਖਾ ਹੋ ਸਕਦਾ ਹੈ। ਲੰਬੇ ਸਮੇਂ ਤਕ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਗਰਿੱਡਾਂ ਅੱਗੇ ਧਰਨਿਆਂ ਤੇ ਪ੍ਰਦਰਸ਼ਨਾਂ ਦਾ ਸਿਲਸਿਲਾ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਪ੍ਰਸ਼ਾਸਨ ਤੇ ਕਿਸਾਨਾਂ ਵਿਚਕਾਰ ਟਕਰਾਅ ਦੀ ਸਥਿਤੀ ਵੀ ਪੈਦਾ ਹੋ ਸਕਦੀ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਫਸਲ ਦੀ ਮੌਜੂਦਾ ਲੋੜ ਨੂੰ ਦੇਖਦਿਆਂ ਖੇਤੀਬਾੜੀ ਲਈ ਨਿਰਵਿਘਨ ਅਤੇ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਮਹਿੰਗਾ ਡੀਜ਼ਲ ਖਰਚਣ ਤੋਂ ਰਾਹਤ ਮਿਲ ਸਕੇ ਅਤੇ ਫਸਲ ਦਾ ਝਾੜ ਪ੍ਰਭਾਵਿਤ ਨਾ ਹੋਵੇ। ਬਾਕਸ ਮੰਗ ਪੱਤਰ ਐਸਡੀਓ ਸੁਖਪ੍ਰੀਤ ਸਿੰਘ ਨੂੰ ਸੌਂਪਿਆ ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ ਖੇਤੀਬਾੜੀ ਲਈ ਨਿਰਧਾਰਤ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਪਰੇਸ਼ਾਨ ਕਿਸਾਨਾਂ ਵੱਲੋਂ ਅੱਜ ਪੀਐਸਪੀਸੀਐਲ ਸਬ-ਡਿਵੀਜ਼ਨ ਕੋਟਸ਼ਮੀਰ ਦੇ ਗਰਿੱਡ ਵਿਖੇ ਇਕੱਠ ਕਰਕੇ ਆਪਣੀਆਂ ਮੁਸ਼ਕਲਾਂ ਸਬੰਧੀ ਰੋਸ ਜ਼ਾਹਰ ਕੀਤਾ ਗਿਆ। ਕਿਸਾਨਾਂ ਨੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕਰਦਿਆਂ ਆਪਣਾ ਮੰਗ ਪੱਤਰ ਐਸਡੀਓ ਸੁਖਪ੍ਰੀਤ ਸਿੰਘ ਨੂੰ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਲਈ ਦਿਨ ਵਿੱਚ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਵਿੱਚ ਵਾਰ-ਵਾਰ ਵਿਘਨ ਪੈਣ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਇਸ ਮੌਕੇ ਐਸਡੀਓ ਸੁਖਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਥਰਮਲ ਪਲਾਂਟ ਬੰਦ ਹੋਣ ਕਾਰਨ ਇਸ ਸਮੇਂ ਬਿਜਲੀ ਦੀ ਕਮੀ ਚੱਲ ਰਹੀ ਹੈ ਅਤੇ ਉੱਪਰੋਂ ਹੀ ਪਾਵਰ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਉਹ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਬਾਕਸ ਬਿਜਲੀ ਸਪਲਾਈ ਦੇ ਰੋਸ ’ਚ ਕਿਸਾਨਾਂ ਨੇ ਰਾਮਪੁਰਾ-ਤਲਵੰਡੀ ਸਾਬੋ ਰੋਡ ਜਾਮ ਕੀਤਾ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰਾਮਪੁਰਾ-ਦਮਦਮਾ ਸਾਹਿਬ ਰੋਡ ’ਤੇ ਵੱਖ-ਵੱਖ ਥਾਵਾਂ ’ਤੇ ਰੋਸ ਧਰਨੇ ਦੇ ਕੇ ਆਵਾਜਾਈ ਠੱਪ ਕੀਤੀ ਗਈ। ਭਾਕਿਯੂ ਕ੍ਰਾਂਤੀਕਾਰੀ ਵੱਲੋਂ ਪਿੰਡ ਢੱਡੇ ਅਤੇ ਭਾਕਿਯੂ ਸਿੱਧੂਪੁਰ ਵੱਲੋਂ ਪਿੰਡ ਮੰਡੀ ਕਲਾਂ ਵਿਖੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਨਿਰਧਾਰਤ ਅੱਠ ਘੰਟੇ ਬਿਜਲੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।