ਰਾਤ ਪਏ ਭਾਰੀ ਮੀਂਹ ਨੇ ਮੰਡੀਆਂ ’ਚ ਝੋਨਾ ਭਿੱਜਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਰਾਤ ਪਏ ਭਾਰੀ ਮੀਂਹ ਨੇ ਮੰਡੀਆਂ ’ਚ ਝੋਨਾ ਭਿੱਜਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ
Publish Date: Thu, 15 Oct 2026 04:04 PM (IST)
Updated Date: Thu, 15 Oct 2026 04:06 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਰਾਤ ਸਮੇਂ ਪਏ ਭਾਰੀ ਮੀਂਹ ਕਾਰਨ ਅਨਾਜ ਮੰਡੀਆਂ ਵਿਚ ਵਿਕਰੀ ਲਈ ਲਿਆਂਦੇ ਕਿਸਾਨਾਂ ਦੇ ਝੋਨੇ ਦੇ ਢੇਰ ਭਿੱਜ ਗਏ, ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਮੌੜ ਮੰਡੀ ਦੀ ਅਨਾਜ ਮੰਡੀ ਵਿਚ ਮੀਂਹ ਦੇ ਪਾਣੀ ਤੋਂ ਝੋਨੇ ਨੂੰ ਬਚਾਉਣ ਲਈ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਝੋਨਾ ਵੇਚਣ ਆਏ ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਘੁੰਮਣ ਨੇ ਮਾਰਕੀਟ ਕਮੇਟੀ ਮੌੜ ਅਤੇ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਦੀ ਸੰਭਾਵਨਾ ਨੂੰ ਦੇਖਦਿਆਂ ਕਿਸਾਨਾਂ ਵੱਲੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਸੁਚੇਤ ਕੀਤਾ ਗਿਆ ਸੀ। ਇਸ ਦੇ ਬਾਵਜੂਦ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਪਾਣੀ ਝੋਨੇ ਦੀਆਂ ਢੇਰੀਆਂ ਹੇਠੋਂ ਲੰਘ ਰਿਹਾ ਹੈ, ਜਿਸ ਨਾਲ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ। ਰਾਤ ਸਮੇਂ ਪਏ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਪੀੜਤ ਕਿਸਾਨਾ ਕਰਮਜੀਤ ਸਿੰਘ ਨਵਾਂ ਪਿੰਡ, ਜਗਸੀਰ ਸਿੰਘ ਮੰਡੀ ਖੁਰਦ, ਹਰਗੰਗ ਸਿੰਘ ਪਿੰਡ ਰਾਮ ਨਗਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਮੌੜ ਵੱਲੋਂ ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦਾ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੰਡੀ ਵਿੱਚ ਕਿਸਾਨਾਂ ਦੇ ਬੈਠਣ ਤੇ ਪਖਾਨਿਆਂ ਦੀਆਂ ਸਹੂਲਤਾਂ ਵੀ ਪੂਰੀਆਂ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਪਹਿਲਾਂ ਹੀ ਮੀਂਹ ਤੋਂ ਬਚਾਅ ਲਈ ਪ੍ਰਬੰਧ ਕੀਤੇ ਜਾਂਦੇ ਤਾਂ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਕਿਸਾਨ ਆਗੂ ਨੇ ਮੰਗ ਕੀਤੀ ਕਿ ਮੀਂਹ ਕਾਰਨ ਖ਼ਰਾਬ ਹੋਏ ਝੋਨੇ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ ਤੇ ਮੰਡੀਆਂ ਵਿਚ ਪਏ ਝੋਨੇ ਦੀ ਜਲਦੀ ਤੋਂ ਜਲਦੀ ਬੋਲੀ ਲਗਾ ਕੇ ਖ਼ਰੀਦ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋਰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਖਰਾਬ ਹੋਈ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਦਾ ਮੁਆਵਜ਼ਾ ਅਤੇ ਖਰੀਦ ਕੇਂਦਰਾਂ ਵਿਚ ਕਿਸਾਨਾਂ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ ਤਾਂ ਉਨ੍ਹਾਂ ਦੀ ਜਥੇਬੰਦੀ ਵੱਲੋਂ ਵੱਡੇ ਪੱਧਰ |ਤੇ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਮੌੜ ਦੇ ਸਕੱਤਰ ਗੁਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੀਂਹ ਇੱਕ ਕੁਦਰਤੀ ਆਫ਼ਤ ਹੈ। ਫਿਰ ਵੀ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹਰ ਸੰਭਵ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।