ਦਲਜੀਤ ਸਿੰਘ ਦੀ ਮੌਤ ਤੇ ਪੁਲਿਸ ਕਾਰਵਾਈ ਖ਼ਿਲਾਫ਼ ਬਠਿੰਡਾ ਜ਼ਿਲ੍ਹੇ ਦੇ ਛੇ ਥਾਣਿਆਂ ਅੱਗੇ ਕਿਸਾਨਾਂ ਵੱਲੋਂ ਧਰਨੇ ਦਲਜੀਤ ਸਿੰਘ ਦੀ ਮੌਤ ਅਤੇ ਪੁਲਿਸ ਕਾਰਵਾਈ ਖ਼ਿਲਾਫ਼ ਬਠਿੰਡਾ ਜ਼ਿਲ੍ਹੇ ਦੇ ਛੇ ਥਾਣਿਆਂ ਅੱਗੇ ਕਿਸਾਨਾਂ ਵੱਲੋਂ ਧਰਨੇ
Publish Date: Wed, 28 Oct 2026 05:04 PM (IST)
Updated Date: Wed, 28 Oct 2026 05:07 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ, ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਨੂੰ ਮਾਨਸਾ ਪੁਲਿਸ ਵੱਲੋਂ ਲਿਜਾਣ ਅਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਖ਼ਿਲਾਫ਼ ਕਥਿਤ ਪੁਲਿਸ ਜਬਰ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਬਠਿੰਡਾ ਜ਼ਿਲ੍ਹੇ ਦੇ ਛੇ ਪੁਲਿਸ ਥਾਣਿਆਂ ਅੱਗੇ ਧਰਨੇ ਦਿੱਤੇ ਗਏ। ਇਹ ਧਰਨੇ ਨਥਾਣਾ, ਭਗਤਾ, ਬਠਿੰਡਾ ਸਦਰ, ਸੰਗਤ, ਤਲਵੰਡੀ ਸਾਬੋ ਅਤੇ ਮੌੜ ਮੰਡੀ ਵਿਖੇ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦਲਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੀ ਬਜਾਏ ਸਰਕਾਰ ਇਨਸਾਫ਼ ਦੀ ਮੰਗ ਕਰਨ ਵਾਲੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਰੋਜ਼ਾਨਾ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪਰ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਤੋੜਨ ਲਈ ਠੋਸ ਕਾਰਵਾਈ ਕਰਨ ਦੀ ਲੋੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਵਧਦਾ ਰਿਹਾ ਹੈ ਤੇ ਮੌਜੂਦਾ ਸਰਕਾਰ ਵੀ ਇਸ ਸਮੱਸਿਆ ਨੂੰ ਖ਼ਤਮ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਮੰਗਣ ਦਾ ਜਮਹੂਰੀ ਹੱਕ ਮਿਲਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਨੂੰ ਲੋਕਾਂ ਦਾ ਜਮਹੂਰੀ ਹੱਕ ਮੰਨਿਆ ਜਾਂਦਾ ਹੈ, ਪਰ ਦੂਜੇ ਪਾਸੇ ਮਾਨਸਾ ਵਿਖੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੇ ਕਾਫ਼ਲੇ ’ਤੇ ਕਥਿਤ ਤੌਰ ’ਤੇ ਪੁਲਿਸ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਦੌਰਾਨ ਦਰਜਨਾਂ ਕਿਸਾਨ ਜ਼ਖ਼ਮੀ ਹੋਏ ਹਨ। ਉਨ੍ਹਾਂ ਪੁਲਿਸ ਕਾਰਵਾਈ ਦੀ ਨਿੰਦਾ ਕਰਦਿਆਂ ਇਸ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਕਿਸਾਨ ਜਥੇਬੰਦੀ ਨੇ ਮੰਗ ਕੀਤੀ ਕਿ ਦਲਜੀਤ ਸਿੰਘ ਦੀ ਲਾਸ਼ ਉਸ ਦੇ ਵਾਰਸਾਂ ਨੂੰ ਸੌਂਪੀ ਜਾਵੇ ਅਤੇ ਲੋਕਾਂ ਖ਼ਿਲਾਫ਼ ਪੁਲਿਸ ਜਬਰ ਬੰਦ ਕੀਤਾ ਜਾਵੇ। ਇਸ ਤੋਂ ਇਲਾਵਾ ਵੱਡੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲੇ ਰਾਜਸੀ ਤੇ ਪ੍ਰਸ਼ਾਸਨਿਕ ਵਿਅਕਤੀਆਂ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ। ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਕੌਮਾਂਤਰੀ ਤਸਕਰੀ ਦੇ ਨੈੱਟਵਰਕ ਤੋੜਨ ਅਤੇ ਨਸ਼ਿਆਂ ਦੇ ਉਤਪਾਦਨ ’ਤੇ ਰੋਕ ਲਾਉਣ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਨੂੰ ਅਪਰਾਧੀ ਸਮਝ ਕੇ ਨਿਸ਼ਾਨਾ ਬਣਾਉਣ ਦੀ ਬਜਾਏ ਉਨ੍ਹਾਂ ਦੇ ਇਲਾਜ, ਮੁੜ-ਵਸੇਬੇ ਅਤੇ ਵਿੱਤੀ ਸਹਾਇਤਾ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਣੀ ਚਾਹੀਦੀ ਹੈ। ਇਸ ਮੌਕੇ ਮਾਲਣ ਕੌਰ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਅਵਤਾਰ ਸਿੰਘ ਪੂਹਲਾ, ਲਖਬੀਰ ਸਿੰਘ ਗਿੱਦੜ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਨੀਟਾ ਸਿੰਘ ਦਿਓਣ, ਰਾਮ ਸਿੰਘ, ਧਰਮਪਾਲ ਸਿੰਘ, ਰਣਜੋਧ ਸਿੰਘ, ਹਰਪ੍ਰੀਤ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਸਿਕੰਦਰ ਸਿੰਘ, ਅਮਨਦੀਪ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਕੋਠਾ ਗੁਰੂ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।